ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ 'ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ ਇੱਕ ਠੋਸ ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਘੱਟ ਰਹੇ ਮੁਨਾਫ਼ੇ ਵਿੱਚ ਵਾਧਾ ਕਰਨਾ, ਕੁਦਰਤੀ ਸਰੋਤਾਂ 'ਤੇ ਦਬਾਅ ਘਟਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।
ਇਸੇ ਦੌਰਾਨ, ਉਨ੍ਹਾਂ ਨੇ ਵਿਰੋਧੀ ਧਿਰ 'ਤੇ ਸਿਆਸੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਸਾਲਾਂ ਦੀ ਅਣਗਹਿਲੀ ਕਾਰਨ ਪੰਜਾਬ ਸੰਕਟ ਵੱਲ ਜਾਣ ਲਈ ਮਜ਼ਬੂਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਸੂਬੇ ਦਾ ਪੁਨਰ ਨਿਰਮਾਣ ਕਰ ਰਹੀ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਸੂਬਾ ਪੱਧਰੀ ਕਿਸਾਨ ਮੇਲੇ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੇਸ਼ ਦਾ ਅੰਨਦਾਤਾ ਹੈ, ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਇਆ ਹੈ। 1960 ਦੇ ਦਹਾਕੇ ਦੀ ਹਰੀ ਕ੍ਰਾਂਤੀ ਦੌਰਾਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਇੱਕ ਨਵਾਂ ਅਧਿਆਇ ਲਿਖਿਆ। ਹਾਲਾਂਕਿ, ਦੇਸ਼ ਦੀ ਸੇਵਾ ਕਰਦਿਆਂ ਸੂਬੇ ਦੇ ਕਿਸਾਨਾਂ ਨੇ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਕੀਮਤੀ ਕੁਦਰਤੀ ਸਰੋਤਾਂ ਦੀ ਕੁਰਬਾਨੀ ਦਿੱਤੀ ਹੈ।"
ਉਨ੍ਹਾਂ ਖੇਤੀਬਾੜੀ ਵਿੱਚ ਵਧ ਰਹੇ ਸੰਕਟ ਦਾ ਜ਼ਿਕਰ ਕਰਦਿਆਂ, "ਮੁਨਾਫ਼ੇ ਦਾ ਮਾਰਜਿਨ ਘਟਣ ਨਾਲ, ਖੇਤੀਬਾੜੀ ਹੁਣ ਇੱਕ ਲਾਭਦਾਇਕ ਧੰਦਾ ਨਹੀਂ ਰਿਹਾ ਅਤੇ ਕਿਸਾਨ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਹੇ ਹਨ। ਮੌਜੂਦਾ ਫਸਲ ਤਕਨਾਲੋਜੀਆਂ ਦੀ ਉਤਪਾਦਨ ਸਮਰੱਥਾ ਲਗਭਗ ਖਤਮ ਹੋ ਗਈ ਹੈ। ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ‘ਤੇ ਨਿਰਭਰਤਾ ਨੂੰ ਘਟਾਉਣ ਲਈ, ਖੇਤੀਬਾੜੀ ਵਿੱਚ ਏਆਈ ਨੂੰ ਪੇਸ਼ ਕਰਨਾ ਜ਼ਰੂਰੀ ਹੈ।"
ਇਸ ਕਦਮ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਤਕਨਾਲੋਜੀ ਕਿਸਾਨਾਂ ਨੂੰ ਇਹ ਦੱਸਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿ ਕਿਹੜੀਆਂ ਫਸਲਾਂ ਬੀਜਣੀਆਂ ਹਨ ਅਤੇ ਕਦੋਂ ਬੀਜਣੀਆਂ ਹਨ ਤਾਂ ਜੋ ਲਾਭ ਅਤੇ ਉਤਪਾਦਕਤਾ ਦੋਵਾਂ ਵਿੱਚ ਵਾਧਾ ਕੀਤਾ ਜਾ ਸਕੇ। ਪੰਜਾਬ ਹਮੇਸ਼ਾ ਨਵੀਨਤਾ ਨੂੰ ਅਪਣਾਉਣ ਵਿੱਚ ਮੋਹਰੀ ਰਿਹਾ ਹੈ ਅਤੇ ਏਆਈ ਇਸ ਖੇਤਰ ਵਿੱਚ ਕ੍ਰਾਂਤੀ ਲਿਆਵੇਗਾ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੀ ਸ਼ੁਰੂਆਤ ਸਮੇਂ ਦੀ ਲੋੜ ਹੈ।"
ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਦੀ ਹੈ, ਪਰ ਵਿਰੋਧੀ ਆਗੂ ਸਿਰਫ ਸਫਲਤਾ ਵਿੱਚ ਹਿੱਸਾ ਮੰਗਦੇ ਹਨ। ਇਨ੍ਹਾਂ ਤਾਕਤਾਂ ਨੇ ਨਸ਼ਿਆਂ ਅਤੇ ਅਪਰਾਧ ਨੂੰ ਉਤਸ਼ਾਹਿਤ ਕੀਤਾ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਉਹ ਦੁਬਾਰਾ ਇਕੱਠੇ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਰਾਉਣ ਲਈ ਪੰਜਾਬੀਆਂ ਨੂੰ ਵੀ ਇਕੱਠੇ ਹੋਣਾ ਚਾਹੀਦਾ ਹੈ। ਬੱਸਾਂ, ਢਾਬਿਆਂ, ਰੇਤ ਜਾਂ ਸ਼ਰਾਬ ਦੇ ਕਾਰੋਬਾਰਾਂ ਵਿੱਚ ਮੇਰਾ ਕੋਈ ਹਿੱਸਾ ਨਹੀਂ ਹੈ। ਮੇਰੀ ਸਿਰਫ਼ ਪੰਜਾਬੀਆਂ ਦੇ ਦਰਦ ਵਿੱਚ ਸਾਂਝ ਹੈ ਅਤੇ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹਾਂ। ਰਵਾਇਤੀ ਨੇਤਾਵਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਅਤੇ ਉਨ੍ਹਾਂ ਦੇ ਹੱਥ ਲੋਕਾਂ ਦੇ ਦੁੱਖਾਂ ਨਾਲ ਰੰਗੇ ਹੋਏ ਹਨ। ਪੰਜਾਬ ਕਦੇ ਇੱਕ ਖੁਸ਼ਹਾਲ ਸੂਬਾ ਹੁੰਦਾ ਸੀ, ਪਰ ਲਾਲਚੀ ਆਗੂਆਂ ਨੇ ਨਿੱਜੀ ਮੁਫਾਦਾਂ ਲਈ ਇਸਨੂੰ ਤਬਾਹ ਕਰ ਕੇ ਰੱਖ ਦਿੱਤਾ। ਲੋਕ ਪਹਿਲਾਂ ਹੀ ਉਨ੍ਹਾਂ ਨੂੰ ਸਬਕ ਸਿਖਾ ਚੁੱਕੇ ਹਨ ਅਤੇ ਸਮਾਂ ਆ ਰਿਹਾ ਹੈ ਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਰਾਜਨੀਤਿਕ ਗੁਮਨਾਮੀ ਵਿੱਚ ਧੱਕਿਆ ਜਾਵੇ।’’
ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ‘‘ਸੁਖਬੀਰ ਸਿੰਘ ਬਾਦਲ ਸਭ ਤੋਂ ਵੱਡਾ ਅਤੇ ਪੁਰਾਣਾ ਝੂਠਾ ਹੈ, ਜੋ ਸਿਰਫ਼ ਸਵਾਰਥੀ ਸੋਚ ਰੱਖਦਾ ਹੈ। ਬਾਦਲ ਪਰਿਵਾਰ ਸਿਰਫ਼ ਸੂਬੇ ਨੂੰ ਲੁੱਟਣ ਲਈ ਸੱਤਾ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੂੰ ਪੰਜਾਬ ਜਾਂ ਇਸਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ ਅਤੇ ਸਿਰਫ਼ ਸੱਤਾ ਦੀ ਦੁਰਵਰਤੋਂ ਕਰਨਾ ਚਾਹੁੰਦੇ ਹਨ।’’
ਉਨ੍ਹਾਂ ਨੇ ’ਆਪ’ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਅੱਗੇ ਸੂਚੀਬੱਧ ਕਰਦੇ ਹੋਏ ਕਿਹਾ, ‘‘ਸਰਕਾਰ ਨੇ ਪੰਜਾਬ ਭਰ ਵਿੱਚ 43, 000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੇ ਰੱਖ-ਰਖਾਵ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਰਾਜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾਉਣ ਲਈ ਸਮਾਗਮਾਂ ਦਾ ਆਯੋਜਨ ਕੀਤਾ। ਸੂਬੇ ਭਰ ਵਿੱਚ ਨਗਰ ਕੀਰਤਨ ਕਰਵਾਏ ਗਏ, ਜੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੰਨ ਹੋਏ। ਸ਼ਰਧਾਂਜਲੀ ਭੇਟ ਕਰਨ ਲਈ 24 ਨਵੰਬਰ, 2025 ਨੂੰ ਉੱਥੇ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵੀ ਕਰਵਾਇਆ ਗਿਆ ਸੀ।’’
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਵੀ ਮੌਜੂਦ ਸਨ।