ਨਵੀਂ ਦਿੱਲੀ- ਭਾਰਤੀ ਸੈਨਾ ਦੇ ਏਅਰ ਚੀਫ ਮਾਰਸ਼ਲ ਸਰਦਾਰ ਅਮਨਪ੍ਰੀਤ ਸਿੰਘ ਪਰਿਵਾਰ ਸਮੇਤ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਤਖ਼ਤ ਸਾਹਿਬ ਕਮੇਟੀ ਵੱਲੋਂ ਉਪ ਪ੍ਰਧਾਨ ਗੁਰਵਿੰਦਰ ਸਿੰਘ, ਹਰਕੀਰਤ ਸਿੰਘ ਸੋਹੀ ਅਤੇ ਸੁਪਰਿੰਟੈਂਡੈਂਟ ਦਲਜੀਤ ਸਿੰਘ ਵੱਲੋਂ ਸਰਦਾਰ ਏ.ਪੀ. ਸਿੰਘ ਨੂੰ ਕਿਰਪਾਣ ਅਤੇ ਸਮ੍ਰਿਤੀ ਚਿੰਨ੍ਹ ਭੇਟ ਕੀਤਾ ਗਿਆ। ਸਰਦਾਰ ਅਮਨਪ੍ਰੀਤ ਸਿੰਘ ਨੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਤੋਂ ਤਖ਼ਤ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਲੈਂਦਿਆਂ ਪੁੱਛਿਆ ਕਿ ਪ੍ਰਬੰਧਕ ਕਮੇਟੀ ਵੱਲੋਂ ਕਿਹੜੇ-ਕਿਹੜੇ ਕੰਮ ਕੀਤੇ ਜਾ ਰਹੇ ਹਨ। ਇਸ ’ਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਦੀ ਕੁਸ਼ਲ ਰਹਿਨੁਮਾਈ ਹੇਠ ਸੰਗਤ ਦੀ ਸੁਵਿਧਾ ਲਈ ਕਈ ਕੰਮ ਕੀਤੇ ਜਾ ਰਹੇ ਹਨ। ਨਵੀਆਂ ਸਰਾਂਵਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਮਲਟੀ-ਲੈਵਲ ਕਾਰ ਪਾਰਕਿੰਗ, ਐਮਆਰਆਈ-ਸੀਟੀ ਸਕੈਨ ਸੈਂਟਰ ਵਰਗੇ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜੋ ਆਉਣ ਵਾਲੇ ਸਮੇਂ ਵਿੱਚ ਪੂਰੇ ਹੋਣਗੇ ਅਤੇ ਸੰਗਤ ਨੂੰ ਲਾਭ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਮੌਜੂਦਾ ਹਾਲਾਤਾਂ ਵਿੱਚ ਵੀ ਤਖ਼ਤ ਸਾਹਿਬ ਵਿੱਚ 24 ਘੰਟੇ ਲੰਗਰ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਲਈ ਉਨ੍ਹਾਂ ਸਰਕਾਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਗੈਸ ਸਿਲੰਡਰਾਂ ਦੀ ਪੂਰੀ ਸਪਲਾਈ ਤਖ਼ਤ ਸਾਹਿਬ ਨੂੰ ਦਿੱਤੀ ਜਾ ਰਹੀ ਹੈ।