ਫਾਜ਼ਿਲਕਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ "ਲੁੱਟ, ਝੂਠ ਅਤੇ ਵਿਸ਼ਵਾਸਘਾਤ" ਨੂੰ ਨਿਰਣਾਇਕ ਤੌਰ 'ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।
ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ "ਪੰਜਾਬ ਨਾਲ ਵਿਸ਼ਵਾਸਘਾਤ ਕੀਤਾ" ਹੈ। ਉਨ੍ਹਾਂ ਕਿਹਾ ਕਿ ‘ਆਪ' ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਸਿਆਸੀ ਪਰਿਵਾਰਾਂ ਦੇ ਨਿੱਜੀ ਹਿੱਤਾਂ ਦੀ ਬਜਾਇ ਲੋਕਾਂ ਦੀ ਭਲਾਈ 'ਤੇ ਹੀ ਖਰਚ ਕੀਤਾ ਜਾਵੇ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਖੋਖਲੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ 'ਸ਼ੱਕੀ ਕਿਰਦਾਰ' ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ 2027 ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀਆਂ ਨੂੰ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਸੁੱਟ ਦੇਣਗੇ। ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਕਿਲ੍ਹੇ ਬਣਾ ਰਹੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਉਨ੍ਹਾਂ ਦੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ।"
ਉਨ੍ਹਾਂ ਕਿਹਾ, "ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਪਰ ਉਹ ਹਰ ਵਾਰ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ।"
ਉਨ੍ਹਾਂ ਕਿਹਾ, "ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਗੱਲ ਹਜ਼ਮ ਨਹੀਂ ਹੋ ਰਹੀ ਕਿ "ਇੱਕ ਆਮ ਆਦਮੀ ਦਾ ਪੁੱਤਰ" ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਇਹਨਾਂ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਪਹਿਲਾਂ ਦੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਸਿਰਫ਼ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਦੀ ਤਾਂਘ ਰੱਖਦੀਆਂ ਹਨ। ਉਨ੍ਹਾਂ ਕਿਹਾ, "ਉਹ ਸਿਰਫ਼ ਪੰਜਾਬ ਨੂੰ ਲੁੱਟਣ ਲਈ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਸੱਤਾ ਦੀ ਆਪਣੀ ਲਾਲਸਾ ਨੂੰ ਪੂਰਾ ਕਰਨਾ ਹੈ। ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ ਪਰ ਉਹ ਹਮੇਸ਼ਾ ਸਟੇਜ ਤੋਂ ਸੱਤਾ ਹਾਸਲ ਕਰਨ ਬਾਰੇ ਹੀ ਗੱਲ ਕਰਦੇ ਹਨ।"
ਜਨਤਾ ਦਰਮਿਆਨ ਵਿਰੋਧੀ ਆਗੂਆਂ ਦਾ ਵਿਸ਼ਵਾਸ਼ ਖਤਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦਾ ਏਜੰਡਾ ਸਿਰਫ ਉਨ੍ਹਾਂ ਦੇ ਪਰਿਵਾਰਾਂ ਤੱਕ ਹੀ ਸੀਮਤ ਹੈ। ਉਨ੍ਹਾਂ ਨੇ ਸਾਲਾਂ ਤੱਕ ਰਾਜ ਕੀਤਾ ਪਰ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ 'ਆਪ' ਨੂੰ ਚੁਣਿਆ ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਹ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ। ਉਹ ਈਰਖਾ ਕਰਦੇ ਹਨ ਕਿਉਂਕਿ 'ਆਪ' ਨੇ ਆਮ ਲੋਕਾਂ ਦੀ ਭਲਾਈ ਦਾ ਏਜੰਡਾ ਅਪਣਾਇਆ ਹੈ।"
ਅਕਾਲੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, "ਇਹ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਸੁਖਬੀਰ ਬਾਦਲ ਜਨਤਾ ਵਿੱਚ ਆਪਣਾ ਅਧਾਰ ਗੁਆ ਚੁੱਕਾ ਹੈ ਅਤੇ ਭਾੜੇ ਦੇ ਵਰਕਰਾਂ ਨਾਲ ਰੈਲੀਆਂ ਵਿੱਚ ਭੀੜ ਦਿਖਾ ਰਹੇ ਹਨ। ਹਰ ਰੈਲੀ ਵਿੱਚ ਉਹੀ ਲੋਕ ਦਿਖਾਈ ਦੇ ਰਹੇ ਹਨ। ਉਹ ਸਰਕਾਰ ਦੇ ਬੇਮਿਸਾਲ ਕੰਮਾਂ ਕਾਰਨ ਆਪਣਾ ਮਾਨਸਿਕ ਸੰਤਲਨ ਗੁਆ ਚੁੱਕੇ ਹਨ, ਜਿਸ ਕਾਰਨ ਉਹ ਡਾਇਨਾਸੌਰਾਂ ਦੀ ਵਾਪਸੀ ਵਰਗੇ ਤਰਕਹੀਣ ਬਿਆਨ ਦੇ ਰਹੇ ਹਨ।"
ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਬਿਆਨ ਨਿਰਾਸ਼ਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅਜਿਹੇ ਬਿਆਨਾਂ ਦੇ ਆਧਾਰ 'ਤੇ ਉਹ ਸੱਤਾ ਵਿੱਚ ਵਾਪਸ ਆਉਣ ਦੇ ਦਿਨ-ਰਾਤ ਸੁਪਨੇ ਦੇਖ ਰਹੇ ਹਨ, ਪਰ ਇਹ ਕਦੇ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰ ਤੋਂ ਹੀ ਮੇਰੇ ਵਿਰੁੱਧ ਬੋਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦੀ ਅਸਲੀਅਤ ਨੂੰ ਉਜਾਗਰ ਕੀਤਾ ਹੈ। ਕਾਂਗਰਸ ਅਤੇ ਅਕਾਲੀਆਂ ਦੇ ਨਾਮ ਇੰਨੇ ਬਦਨਾਮ ਹੋ ਗਏ ਹਨ ਕਿ ਜੇ ਉਨ੍ਹਾਂ ਦਾ ਨਾਮ ਦਰੱਖਤ 'ਤੇ ਵੀ ਲਿਖਿਆ ਜਾਵੇ ਤਾਂ ਉਹ ਸੁੱਕ ਜਾਵੇਗਾ। ਇਸ ਲਈ ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।