ਚੰਡੀਗੜ੍ਹ-ਆਮ ਆਦਮੀ ਪਾਰਟੀ ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65, 264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ।
ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਹੈ ਅਤੇ ਹੁਣ ਆਮ ਨਾਗਰਿਕਾਂ ਨੂੰ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੇਵਾ ਕੇਂਦਰਾਂ 'ਤੇ ਮਹੀਨਾ ਆਧਾਰ ‘ਤੇ 30 ਲੱਖ ਨਾਗਰਿਕਾਂ ਦੀ ਪਹੁੰਚ ਅਤੇ 8.20 ਕਰੋੜ ਤੋਂ ਵੱਧ ਸੇਵਾਵਾਂ ਦੀ ਡਲਿਵਰੀ ਦੇ ਨਾਲ ਡਿਜੀਟਲ ਪੰਜਾਬ ਵੱਲ ਤੇਜ਼ੀ ਨਾਲ ਕਦਮ ਵਧਾਉਣ ਪਾਰਦਰਸ਼ੀ ਪ੍ਰਸ਼ਾਸਨ, ਹੁਨਰ ਵਿਕਾਸ ਅਤੇ ਪ੍ਰਣਾਲੀਗਤ ਸੁਧਾਰਾਂ ਵੱਲ ਵਿਆਪਕ ਸੁਧਾਰਾਂ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਹੈ।
ਵੱਖ-ਵੱਖ ਵਿਭਾਗਾਂ ਦੇ ਰਿਪੋਰਟ ਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਡਿਜੀਟਲ ਹੱਬ ਵਜੋਂ ਉਭਰ ਰਿਹਾ ਹੈ, ਜਿਸ ਨੇ ਆਪਣੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਅਤੇ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ 65, 264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ 16, 308 ਨੌਕਰੀਆਂ, ਪੰਜਾਬ ਪੁਲਿਸ ਵਿੱਚ 12, 966 ਨੌਕਰੀਆਂ, ਬਿਜਲੀ ਵਿਭਾਗ ਵਿੱਚ 8, 765 ਨੌਕਰੀਆਂ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਵਿੱਚ 16, 320 ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5771 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੋਂ ‘ਚੋਂ ਵਿਦੇਸ਼ਾਂ ਵੱਲ ਨੌਜਵਾਨਾਂ ਦੀ ਹਿਜਰਤ ਦੇ ਰੁਝਨ ਨੂੰ ਠੱਲ੍ਹ ਪਈ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨੌਜਵਾਨਾਂ ਨੂੰ ਇਨ੍ਹਾਂ ਨੌਕਰੀਆਂ ਦਾ ਲਾਭ ਹੋਇਆ ਹੈ।
ਭਰਤੀ ਵਿੱਚ ਪਾਰਦਰਸ਼ਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਨਿਰੋਲ ਮੈਰਿਟ ਅਤੇ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਨਾ ਹੀ ਕਿਸੇ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਉਮੀਦਵਾਰਾਂ ਨੂੰ ਤਾਂ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਵਾਰ ਨੌਕਰੀਆਂ ਵੀ ਮਿਲੀਆਂ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਨੌਜਵਾਨ ਇਹ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਕੇ ਵਾਪਸ ਆਏ ਹਨ।
ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਰੁਖ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਤਈ ਨਾ ਬਰਦਾਸ਼ਤ ਯੋਗ ਨੀਤੀ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 23 ਮਾਰਚ, 2022 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸ਼ੁਰੂ ਕੀਤੀ ਗਈ ਸੀ।
ਉਨ੍ਹਾਂ ਅੱਗੇ ਕਿਹਾ ਕਿ ਇਸ ਹੈਲਪਲਾਈਨ ‘ਤੇ 12, 218 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 10, 820 ਸਬੰਧਤ ਵਿਭਾਗਾਂ ਨੂੰ ਅਤੇ 1, 398 ਵਿਜੀਲੈਂਸ ਬਿਊਰੋ ਨੂੰ ਭੇਜੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਸਹੀ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ 275 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 341 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 16 ਗਜ਼ਟਿਡ ਅਧਿਕਾਰੀ, 161 ਸਰਕਾਰੀ ਕਰਮਚਾਰੀ, 88 ਪੁਲਿਸ ਕਰਮਚਾਰੀ ਅਤੇ 77 ਆਮ ਵਿਅਕਤੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ 487 ਛਾਪੇਮਾਰੀਆਂ ਕਰਦਿਆਂ 1, 215 ਮੁਲਜ਼ਮਾਂ ਵਿਰੁੱਧ 534 ਕੇਸ ਦਰਜ ਕੀਤੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 112 ਗਜ਼ਟਿਡ ਅਫ਼ਸਰਾਂ, 162 ਸਰਕਾਰੀ ਮੁਲਾਜ਼ਮਾਂ ਅਤੇ 83 ਨਿੱਜੀ ਵਿਅਕਤੀਆਂ ਸਮੇਤ 357 ਵਿਅਕਤੀਆਂ ਖ਼ਿਲਾਫ਼ ਜਾਂਚ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ 143 ਕੇਸਾਂ ਵਿੱਚ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ ਅਤੇ ਕਈ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ ਚਾਰ ਸਾਲਾਂ ਦਾ ਰਿਪੋਰਟ ਕਾਰਡ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ ਭਲਾਈ ਉਪਰਾਲੇ ਜਾਰੀ ਰਹਿਣਗੇ।
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਹਾਲਾਤ ਇਸ ਹੱਦ ਤੱਕ ਅਜੀਬੋ-ਗਰੀਬ ਬਣ ਗਏ ਹਨ ਅਤੇ ਦੇਸ਼ ਵਿੱਚ ਜੋ ਵੀ ਮਾੜਾ ਹੋਇਆ ਹੈ, ਉਸ ਲਈ ਨਹਿਰੂ ਨੂੰ, ਦਿੱਲੀ ਲਈ ਅਰਵਿੰਦ ਕੇਜਰੀਵਾਲ ਨੂੰ ਅਤੇ ਪੰਜਾਬ ਅਤੇ ਚੰਡੀਗੜ੍ਹ ਲਈ ਮੈਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਭ ਕੁਝ ਸਿਆਸੀ ਵਿਰੋਧੀਆਂ ਦੇ ਨਾਮ ‘ਤੇ ਥੋਪ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ, ਜਦੋਂ ਕਿ 15 ਲੱਖ ਰੁਪਏ ਦੇ ਵਾਅਦੇ ਤੋਂ ਲੈ ਕੇ ਐਮ.ਐਸ.ਪੀ. ਤੱਕ ਕੁਝ ਵੀ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਭਾਜਪਾ ਸ਼ਬਦਾਂ ਦੀ ਖੇਡ ਅਤੇ ਕਠਪੁਤਲੀਆਂ ਦੀ ਤਰ੍ਹਾਂ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਬਣਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।
ਕਿਸਾਨ ਭਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਜ਼ਮੀਨਾਂ ਹੇਠ ਦੀ ਹਾਈ ਟੈਂਸ਼ਨ ਤਾਰਾਂ ਪਾਉਣ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਭਾਵਸ਼ਾਲੀ ਯੋਜਨਾ ਕਿਸਾਨਾਂ ਨੂੰ ਲਾਭ ਪਹੁੰਚਾਉਣ ਅਤੇ ਫਸਲਾਂ ਦੇ ਜੋਖਮ ਨੂੰ ਘਟਾਉਣ ਲਈ ਜਲਦੀ ਹੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਮੇਰੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗਾ ਜਿੱਥੇ 2, 000 ਏਕੜ ਵਿੱਚ 413 ਟਿਊਬਵੈੱਲ ਮੋਟਰਾਂ ਅਤੇ 1, 100 ਬਿਜਲੀ ਦੇ ਖੰਭੇ ਮੌਜੂਦ ਹਨ, ਜਿਨ੍ਹਾਂ ਨੂੰ ਜ਼ਮੀਨਦੋਜ਼ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਲਈ ਵਿਸਾਖੀ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਐਕਟ ਅਧੀਨ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ਬਾਰੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਚੱਲ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਦਾ ਭਰੋਸਾ ਦਿੱਤਾ, ਆੜ੍ਹਤੀਆਂ ਦੀਆਂ ਚਿੰਤਾਵਾਂ ਕੇਂਦਰ ਕੋਲ ਵਾਰ-ਵਾਰ ਉਠਾਈਆਂ ਗਈਆਂ
ਆੜ੍ਹਤੀਆਂ ਦੀਆਂ ਚਿੰਤਾਵਾਂ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਨੂੰ ਹਰਿਆਣਾ ਵਿੱਚ ਕਾਰੋਬਾਰ ਕਰਨ ਦੀ ਪੂਰੀ ਖੁੱਲ੍ਹ ਹੈ ਅਤੇ ਉਹ ਨਾਲ ਹੀ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਮੁੱਦੇ ਸਿਰਫ਼ ਕੇਂਦਰ ਦੁਆਰਾ ਹੀ ਹੱਲ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਅੱਗੇ ਕਈ ਵਾਰ ਉਠਾਇਆ ਹੈ ਪਰ ਕੇਂਦਰ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੁਹਰਾਇਆ ਕਿ ਰਾਜ ਸਰਕਾਰ ਕਣਕ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਸਾਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਮੌਜੂਦ ਸਨ।