ਅੰਮ੍ਰਿਤਸਰ-ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ। ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਅਤੇ ਦੇਸ਼‐ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖ ਧਰਮ ਨੂੰ ਮਜ਼ਬੂਤ ਬੁਨਿਆਦਾਂ ’ਤੇ ਖੜ੍ਹਾ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਇਕ ਅਮੁੱਲ ਧਰੋਹਰ ਬਖ਼ਸ਼ੀ।
ਇਸ ਮੌਕੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਉਪਰੰਤ ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ।
ਇਸ ਦੌਰਾਨ ਸ: ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਹਿਨਸ਼ੀਲਤਾ, ਤਿਆਗ ਅਤੇ ਧਰਮ ਲਈ ਅਡਿੱਗ ਰਹਿਣ ਦੀ ਮਿਸਾਲ ਹੈ, ਜੋ ਸਾਨੂੰ ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਗੁਰੂ ਸਾਹਿਬ ਦੀ ਸਿੱਖਿਆ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਸਾਨੂੰ ਆਪਸੀ ਭਾਈਚਾਰੇ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣੇ ਜੀਵਨ ਨੂੰ ਕਾਮਯਾਬ ਬਣਾਉਣ ਅਤੇ ਸਮਾਜ ਦੀ ਭਲਾਈ ’ਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ. ਕੇ. ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ: ਮਨਜੀਤ ਸਿੰਘ ਵਾਲੀਆ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਸ: ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।