ਸ੍ਰੀ ਅਨੰਦਪੁਰ ਸਾਹਿਬ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਦੇਸ਼ ਦੁਨੀਆ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਦੀ ਸਿਰਜਣਾ, ਖੰਡੇ ਬਾਟੇ ਦੀ ਪਹੁਲ ਅਤੇ ਪੰਜ ਪਿਆਰੇ ਸਾਹਿਬਾਨ ਨਾਲ ਸਬੰਧਤ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਸਿੱਖੀ ਵਿੱਚ ਪਰਪੱਕ ਰਹਿਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਸਮੂਹ ਸਿੱਖਾਂ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੀ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਬਿਰਤਾਂਤ ਬਿਲਕੁਲ ਝੂਠਾ ਹੈ ਕਿ ਸਿੱਖ ਧਰਮ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਕਦੇ ਵੀ ਧਰਮ ਨਹੀਂ ਬਦਲਦਾ, ਸਿੱਖ ਆਪਣੇ ਧਰਮ ਲਈ ਸਿਰ ਜ਼ਰੂਰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿੱਖੀ ਨੂੰ ਸਮਝਦਾ ਹੀ ਨਹੀਂ, ਵਹਿਮਾਂ ਭਰਮਾਂ ਵਿੱਚ ਉਲਝਿਆ ਹੈ, ਉਹ ਜ਼ਰੂਰ ਪਖੰਡੀਆਂ ਦੇ ਕੋਲ ਭਟਕਦੇ ਹਨ। ਸਿੱਖਾਂ ਨੂੰ ਸਿੱਖੀ ਪ੍ਰਚਾਰ ਪ੍ਰਸਾਰ ਲਈ ਉਪਰਾਲੇ ਕਰਨ ਦੀ ਲੋੜ ਹੈ ਅਤੇ ਜੇਕਰ ਕੁਝ ਲੋਕ ਸਿੱਖੀ ਸਮਝ ਨਾ ਹੋਣ ਕਰਕੇ ਭਟਕਦੇ ਹਨ ਤਾਂ ਇਸ ਲਈ ਸਾਰੀ ਕੌਮ ਨੂੰ ਗਲਤ ਆਖਣਾ ਠੀਕ ਨਹੀਂ? ਸ੍ਰੀ ਗੁਰੂ ਨਾਨਕ ਦੇਵ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਸਿੱਖ ਸੱਚ ਦੇ ਮਾਰਗ ਉੱਤੇ ਚੱਲਦਾ ਹੈ, ਬੰਦ ਬੰਦ ਕਟਵਾ ਲੈਂਦਾ ਹੈ ਪਰ ਕਦੇ ਆਪਣਾ ਧਰਮ ਨਹੀਂ ਛੱਡਦਾ। ਉਨ੍ਹਾਂ ਕਿਹਾ ਕਿ ਖੰਡੇ ਦੀ ਧਾਰ ਵਿੱਚੋਂ ਪੈਦਾ ਹੋਇਆ ਖ਼ਾਲਸਾ ਕਦੇ ਵੀ ਆਪਣੀ ਖ਼ਾਲਸਈ ਸੋਚ ਨੂੰ ਨਹੀਂ ਛੱਡ ਸਕਦਾ। ਉਨ੍ਹਾਂ ਸਮੂਹ ਸਿੱਖਾਂ ਨੂੰ ਖੰਡੇ ਬਾਟੇ ਦੀ ਪਹੁਲ ਛਕ ਕੇ ਗੁਰੂ ਵਾਲੇ ਬਣਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਵਿਲੱਖਣ ਅਤੇ ਅੱਡਰੀ ਪਛਾਣ ਦਿੱਤੀ ਹੈ, ਹਰ ਸਿੱਖ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਵੇ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਰੋਕਣ ਸਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਬੇਅਦਬੀਆਂ ਦਾ ਹੱਲ ਕੇਵਲ ਪੰਥ ਦੀ ਪਹਿਰੇਦਾਰੀ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਇੱਕ ਪਾਪੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੰਗਲਾ ਟੱਪਿਆ ਪਰੰਤੂ ਉਸ ਦੇ ਇਰਾਦੇ ਨੂੰ ਪੰਥ ਨੇ ਮੁਕੰਮਲ ਨਹੀਂ ਹੋਣ ਦਿੱਤਾ ਕਿਉਂਕਿ ਪੰਥ ਹਾਜ਼ਰ ਸੀ। ਉਨ੍ਹਾਂ ਕਿਹਾ ਕਿ ਜਿੱਥੇ ਪੰਥ ਹਾਜ਼ਰ ਹੈ ਉੱਥੇ ਬੇਅਦਬੀ ਨਹੀਂ ਹੋਵੇਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਕੋਈ ਮੰਦਭਾਵਨਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਘਟਾਉਣਾ ਚਾਹੁੰਦਾ ਹੈ ਤਾਂ ਦੋਸ਼ੀ ਦੇ ਉੱਪਰ ਕਾਨੂੰਨ ਬਣ ਸਕਦਾ ਹੈ, ਲੇਕਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਇਸ ਲਈ ਇਨ੍ਹਾਂ ਉੱਪਰ ਕੋਈ ਕਾਨੂੰਨ ਨਹੀਂ ਹੋ ਸਕਦਾ। ਉਨ੍ਹਾਂ ਸਿੱਖਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਸਿੱਖ ਭਾਵਨਾ ਦੇ ਵੱਸ ਵਰਤੇ ਨਾ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਬੇਅਦਬੀ ਦਾ ਦੋਸ਼ੀ ਹੈ ਤਾਂ ਉਸ ਨੂੰ ਸਜ਼ਾ ਦੇਣ ਲਈ ਭਾਵੇਂ ਸਖ਼ਤ ਕਾਨੂੰਨ ਬਣਾਏ ਜਾਣ ਲੇਕਿਨ ਸਰਕਾਰ ਆਪਣੇ ਪੱਧਰ ਉੱਤੇ ਇਹ ਤੈਅ ਨਹੀਂ ਕਰ ਸਕਦੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਕਿੱਥੇ ਛਪਣਾ ਹੈ ਅਤੇ ਇਸ ਦਾ ਹਿਸਾਬ ਕਿਤਾਬ ਵੀ ਦਿੱਤਾ ਜਾਵੇ। ਗੁਰੂ ਸਾਹਿਬ ਦੇ ਹਿਸਾਬ ਕਿਤਾਬ ਸਰਕਾਰਾਂ ਨੂੰ ਨਹੀਂ ਦਿੱਤੇ ਜਾ ਸਕਦੇ ਅਤੇ ਨਾ ਹੀ ਖ਼ਾਲਸਾ ਪੰਥ ਇਸ ਗੱਲ ਨੂੰ ਮਨਜ਼ੂਰ ਕਰੇਗਾ। ਇਹ ਖ਼ਾਲਸਾ ਪੰਥ ਦੀਆਂ ਸੰਸਥਾਵਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ 2022 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਦੋਸ਼ੀ ਦੀ ਪਛਾਣ ਅੱਜ ਤੱਕ ਕਿਉਂ ਨਹੀਂ ਕੀਤੀ ਗਈ, ਉਸ ਦੇ ਪਿੱਛੇ ਕੌਣ ਸੀ, ਇਹ ਗੱਲ ਸਪੱਸ਼ਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਜੇਕਰ ਕੁਝ ਵੀ ਕਰਨਾ ਹੈ ਤਾਂ ਖ਼ਾਲਸਾ ਪੰਥ ਦੀ ਸਮੂਹਕ ਸਹਿਮਤੀ ਅਤੇ ਰਾਏ ਤੋਂ ਬਿਨਾਂ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅਤੇ ਦੇਸ਼ ਦੇ ਹੋਰ ਸੂਬਿਆਂ ਅੰਦਰ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਿੱਖ ਕਕਾਰਾਂ ਨੂੰ ਲੁਹਾਇਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕਦੇ ਪੰਜਾਬ ਦੀ ਵਿਧਾਨ ਸਭਾ ਅੰਦਰ ਇਸ ਮਸਲੇ ਸਬੰਧੀ ਕੋਈ ਅਵਾਜ਼ ਉਠਾਈ ਗਈ ਹੈ? ਉਨ੍ਹਾਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਜਦੋਂ ਦੇਸ਼ ਦਾ ਸੰਵਿਧਾਨ ਸਿੱਖਾਂ ਨੂੰ ਕਕਾਰ ਪਾਉਣ ਦਾ ਅਧਿਕਾਰ ਦਿੰਦਾ ਹੈ ਤਾਂ ਇਹ ਘਟਨਾਵਾਂ ਵਾਰ-ਵਾਰ ਕਿਉਂ ਵਾਪਰ ਰਹੀਆਂ ਹਨ, ਕਿਉਂ ਦੇਸ਼ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ। ਕੀ ਇਹ ਸਿੱਖਾਂ ਦੇ ਅਧਿਕਾਰਾਂ ਅਤੇ ਧਾਰਮਿਕ ਅਜ਼ਾਦੀ ਉੱਤੇ ਹਮਲਾ ਨਹੀਂ?
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਅਸੀਂ ਇਕੱਠੇ ਹੋਈਏ ਤਾਂ ਸਿੱਖ ਕਦੇ ਵੀ ਕਮਜ਼ੋਰ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਖ਼ਾਲਸਾ ਪੰਥ ਦੇ ਹੋਮਲੈਂਡ ਪੰਜਾਬ ਅੰਦਰ ਸਿੱਖ ਇਕਜੁੱਟ ਹੋਣ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸਾਬਤ ਸੂਰਤ ਸਿੱਖ ਪਛਾਣ ਕਾਇਮ ਕਰਨ ਅਤੇ ਨਸ਼ੇ ਤੋਂ ਦੂਰ ਰਹਿਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮਾਮਲੇ ਵਿੱਚ ਜ਼ੀਰੋ ਸਹਿਣਸ਼ੀਲਤਾ ਰੱਖੀ ਜਾਵੇ। ਉਨ੍ਹਾਂ ਸਮੂਹ ਸਿੱਖਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਅਵਾਜ਼ ਬੁਲੰਦ ਕਰਨ ਦੀ ਤਾਕੀਦ ਕੀਤੀ।