ਅੰਮ੍ਰਿਤਸਰ - ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਸਰਕਾਰ ਲੋਕਤੰਤਰ ਦਾ ਸ਼ਰੇਆਮ ਘਾਣ ਕਰ ਰਹੀ ਹੈ। ਪ੍ਰੈਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੇ ਪ੍ਰੈਸ ਨੋਟ ਰਾਹੀਂ ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪਿਛਲੇ ਤਿੰਨ ਸਾਲਾਂ ਤੋਂ ਨਾਜਾਇਜ਼ ਤੌਰ ‘ਤੇ ਐਨਐਸਏ ਹੇਠ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ ਅਤੇ ਹੁਣ ਜਦੋਂ ਐਨ ਐਸ ਏ ਦੀ ਮਿਆਦ ਖ਼ਤਮ ਹੋਣ ਜਾ ਰਹੀ ਸੀ ਤਾਂ ਉਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਕੇਸ ਦਾਇਰ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਉਹ ਰਿਹਾਅ ਨਾਂ ਹੋ ਸਕਣ । ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਅਤੇ ਸ਼ਰਮਨਾਕ ਗੱਲ ਹੈ ਕਿ ਇੱਕ ਐਸਾ ਵਿਅਕਤੀ ਜਿਸਨੂੰ ਪੰਜਾਬ ਦੇ ਲੋਕਾਂ ਨੇ ਸਭ ਤੋਂ ਵੱਡੇ ਵੋਟਾਂ ਦੇ ਫ਼ਰਕ ਨਾਲ ਜਿਤਾਇਆ, ਉਸਨੂੰ ਪਹਿਲਾਂ ਐਨ ਐਸ ਏ ਦੇ ਨਾਂ ‘ਤੇ ਪਾਰਲੀਮੈਂਟ ਵਿੱਚ ਬੋਲਣ ਤੋਂ ਰੋਕਿਆ ਗਿਆ ਅਤੇ ਹੁਣ ਐਨ ਐਸ ਏ ਖ਼ਤਮ ਹੋਣ ਦੇ ਬਾਵਜੂਦ ਵੀ ਪੰਜਾਬ ਵਾਪਸ ਨਹੀਂ ਆਉਣ ਦਿੱਤਾ ਜਾ ਰਿਹਾ। ਇਹ ਸਾਫ਼ ਦਰਸਾਉਂਦਾ ਹੈ ਕਿ ਸਰਕਾਰ ਸਿਆਸੀ ਵਿਰੋਧਤਾ ਤੋਂ ਡਰੀ ਹੋਈ ਹੈ ਅਤੇ ਲੋਕਾਂ ਦੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਦਰਜ ਬਾਕੀ ਕੇਸਾਂ ਦੀ ਕਾਰਵਾਈ ਆਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦਾ ਫੈਸਲਾ ਵੀ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਸਰਕਾਰ ਕਨੂੰਨ ਨੂੰ ਇਕ ਹਥਿਆਰ ਵੱਜੋਂ ਵਰਤ ਰਹੀ ਹੈ ਅਤੇ ਜਾਨਬੁੱਝ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੰਜਾਬ ਤੋਂ ਦੂਰ ਰੱਖਣਾ ਚਾਹੁੰਦੀ ਹੈ ਤਾਂ ਜੋ ਉਹ ਲੋਕਾਂ ਨਾਲ ਸਿੱਧਾ ਸੰਪਰਕ ਨਾ ਕਰ ਸਕਣ। ਅੱਜ ਪੰਜਾਬ ਦਾ ਹਰ ਵਰਗ, ਨੌਜਵਾਨ ਤੋਂ ਲੈ ਕੇ ਬਜ਼ੁਰਗ ਤੱਕ, ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਕ ਵਿੱਚ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਆਪਣੀ ਆਵਾਜ਼ ਮੰਨ ਰਿਹਾ ਹੈ। ਪੰਜਾਬ ਦੇ ਲੋਕ ਵੱਡੀ ਗਿਣਤੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੋਚ ਨੂੰ ਸਵੀਕਾਰ ਕਰ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਮੌਜੂਦਾ ਸਰਕਾਰ ਵਿੱਚ ਘਬਰਾਹਟ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚੋਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਲਈ ਪਿਆਰ ਅਤੇ ਸਤਿਕਾਰ ਨੂੰ ਨਹੀਂ ਮਿਟਾ ਸਕਦੀ। ਅੱਜ ਹਰੇਕ ਪੰਜਾਬੀ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਇਹ ਲਹਿਰ ਹੋਰ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਬਾਪੂ ਤਰਸੇਮ ਸਿੰਘ ਜੀ ਨੇ ਮੰਗ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਤੁਰੰਤ ਰਿਹਾਅ ਕਰਕੇ ਪੰਜਾਬ ਲਿਆਂਦਾ ਜਾਵੇ ਅਤੇ ਉਹਨਾਂ ਨੂੰ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਦਾ ਪੂਰਾ ਹੱਕ ਦਿੱਤਾ ਜਾਵੇ।