ਨਵੀਂ ਦਿੱਲੀ -ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਪ੍ਰਧਾਨ ਹਰਮਨਜੀਤ ਸਿੰਘ ਅਤੇ ਬਲਦੀਪ ਸਿੰਘ ਰਾਜਾ ਵੱਲੋਂ ਸਰਦਾਰ ਪਾਲ ਸਿੰਘ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਅਮਰਜੀਤ ਸਿੰਘ ਜੀ ਅਤੇ ਭਾਈ ਚਰਨਜੀਤ ਸਿੰਘ ਹੀਰਾ ਦੇ ਜੱਥੇ ਵੱਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ। ਹਜ਼ੂਰੀ ਕਥਾਵਾਚਕ ਡਾਕਟਰ ਮਨਪ੍ਰੀਤ ਸਿੰਘ ਵੱਲੋਂ ਗੁਰੂ ਇਤਿਹਾਸ ਦੀ ਕਥਾ ਵੀ ਕੀਤੀ ਗਈ। ਸਰਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਧਰਮ ਪ੍ਰਚਾਰ ਨੂੰ ਉਤਸ਼ਾਹਿਤ ਕਰਨ ਲਈ ਅਨੇਕਾਂ ਕੀਰਤਨ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਨੌਜਵਾਨ ਪੀੜ੍ਹੀ ਨੂੰ ਗੁਰੂ ਘਰ ਨਾਲ ਜੋੜਨ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤ ਕੈਂਪ ਲਗਾਏ ਜਾਂਦੇ ਹਨ। ਇਸ ਵਾਰ ਵੀ ਬੱਚਿਆਂ ਵੱਲੋਂ ਗੁਰਮਤ ਕੈਂਪ ਵਿੱਚ ਹਿੱਸਾ ਲੈਣ ਲਈ ਰੁਚੀ ਦਿਖਾਈ ਦੇ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੀ ਡਿਸਪੈਂਸਰੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਜਲਦ ਹੀ ਐਮ ਆਰ ਆਈ ਦੀ ਸਹੂਲਤ ਸ਼ੁਰੂ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ, ਤਾਂ ਜੋ ਸੰਗਤ ਨੂੰ ਹਰ ਤਰ੍ਹਾਂ ਦੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।