ਅੰਮ੍ਰਿਤਸਰ- ਪ੍ਰੈਸ ਕਲੱਬ ਨਿਊ ਅੰਮ੍ਰਿਤਸਰ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਆਈ ਟੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਮ ਲੋਕ ਸਭਾ ਅੰਮ੍ਰਿਤਸਰ ਦੀ ਸਕ੍ਰੀਨਿੰਗ ਕਮੇਟੀ ਦੇ ਮੈਂਬਰ ਸ੍ਰ ਰਛਪਾਲ ਸਿੰਘ ਜੀ ਰਾਜਾਸਾਂਸੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਆਏ ਹੋਏ ਆਗੂਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਅਤੇ ਮੌਕਾਪ੍ਰਸਤ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਧੱਕੇਸ਼ਾਹੀ ਅਤੇ ਨੌਜਵਾਨਾਂ ਦੀ ਹੋ ਰਹੀ ਖੱਜਲ-ਖੁਆਰੀ ਕਾਰਨ ਲੋਕਾਂ ਦਾ ਸਰਕਾਰਾਂ ਤੋਂ ਵਿਸ਼ਵਾਸ ਟੁੱਟ ਚੁੱਕਾ ਹੈ।ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਸੋਚ ਅਤੇ ਪੰਜਾਬ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਲਗਾਤਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸੰਘਰਸ਼ ਕਰਦੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਵੋਟਰ ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ ਹਰ ਵਿਅਕਤੀ ਆਪਣੀ ਅਤੇ ਆਪਣੇ ਪਰਿਵਾਰ ਦੀ ਵੋਟ ਜ਼ਰੂਰ ਚੈੱਕ ਕਰੇ। ਉਹਨਾਂ ਖਦਸ਼ਾ ਜਤਾਇਆ ਇਸ ਦੇ ਤਹਿਤ ਕਾਫੀ ਹੱਦ ਤੱਕ ਪੰਜਾਬੀਆਂ ਦੀਆਂ ਵੋਟਾਂ ਕੱਟੀਆਂ ਅਤੇ ਗੈਰ ਪੰਜਾਬੀਆਂ ਦੀਆਂ ਵੋਟਾਂ ਵੱਡੀ ਗਿਣਤੀ ਵਿੱਚ ਬਣਾਕੇ ਕੇਂਦਰੀ ਸੱਤਾ ਧਿਰ ਵੱਲੋਂ ਸਿਆਸੀ ਲਾਹੇ ਲੈਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਇਸ ਪੂਰੀ ਪ੍ਰਕਿਰਿਆ ਦੌਰਾਨ ਪੰਜਾਬ ਦੇ ਲੋਕਾਂ ਦੀ ਅਤੇ ਖ਼ਾਸ ਕਰਕੇ ਬਾਹਰਲੇ ਮੁਲਕਾਂ ਜਾਂ ਦੂਸਰੇ ਰਾਜਾਂ 'ਚ ਆਪਣੇ ਕੰਮਾਂ-ਕਾਰਾਂ ਲਈ ਗਏ ਕਾਰੋਬਾਰੀਆਂ ਅਤੇ ਪੜ੍ਹਾਈ ਲਈ ਗਏ ਵਿਦਿਆਰਥੀਆਂ ਦੀ ਇਸ ਸਬੰਧ ਵਿੱਚ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਨਾ ਕੱਟਿਆ ਜਾ ਸਕੇ। ਇਸ ਮੌਕੇ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਚਮਕੌਰ ਸਿੰਘ ਧੁੰਨ, ਚਾਚਾ ਪ੍ਰਗਟ ਸਿੰਘ, ਚਾਚਾ ਪਲਵਿੰਦਰ ਸਿੰਘ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਦਯਾ ਸਿੰਘ ਜੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਬਾਬਾ ਬਿਬੇਕ ਸਿੰਘ, ਸ੍ਰ ਹਰਕਮਲਪ੍ਰੀਤ ਸਿੰਘ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਸੁਖਬੀਰ ਸਿੰਘ ਚੀਮਾ, ਪ੍ਰਿਤਪਾਲ ਸਿੰਘ ਮੀਰਾਂਕੋਟ, ਭਾਈ ਕੁਲਵਿੰਦਰ ਸਿੰਘ ਵਡਾਲੀ, ਬਾਬਾ ਲਖਬੀਰ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।