ਚੰਡੀਗੜ੍ਹ- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ 121ਵੇਂ ਦਿਨ ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30, 964 ਹੋ ਗਈ ਹੈ।
ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 14 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 446ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 1.70 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਮਹਿਜ਼ 446 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 65, 010 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।