ਮੋਹਾਲੀ- ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇੱਕ ਪੱਤਰ ਲਿਖ ਕੇ 26 ਮਈ ਨੂੰ ਹੋਣ ਵਾਲੀਆਂ ਨਿਗਮ ਚੋਣਾਂ ਦੌਰਾਨ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਬੇਦੀ ਨੇ ਕਿਹਾ ਕਿ ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਮੋਹਾਲੀ ਵਰਗੇ ਸ਼ਹਿਰਾਂ ਵਿੱਚ ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਦੀ ਥਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਣਾ ਚਾਹੀਦਾ ਹੈ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪ੍ਰਾਈਵੇਟ ਕੰਪਨੀਆਂ, ਉਦਯੋਗਾਂ ਅਤੇ ਨਿੱਜੀ ਅਦਾਰਿਆਂ ਵਿੱਚ ਕੰਮ ਕਰਦੇ ਹਨ। ਸਰਕਾਰ ਵੱਲੋਂ ਭਾਵੇਂ ਚੋਣ ਵਾਲੇ ਦਿਨ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ, ਪਰ ਕਈ ਪ੍ਰਾਈਵੇਟ ਅਦਾਰੇ ਆਪਣੇ ਕਰਮਚਾਰੀਆਂ ਨੂੰ ਪੂਰੀ ਛੁੱਟੀ ਨਹੀਂ ਦਿੰਦੇ, ਜਿਸ ਕਾਰਨ ਬਹੁਤ ਸਾਰੇ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ।
ਉਹਨਾਂ ਕਿਹਾ ਕਿ ਇਸ ਸਮੇਂ ਪੈ ਰਹੀ ਤਿੱਖੀ ਗਰਮੀ ਖਾਸ ਕਰਕੇ ਬਜ਼ੁਰਗਾਂ, ਮਹਿਲਾਵਾਂ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਵਾਲੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਰਿਟਾਇਰਡ ਅਧਿਕਾਰੀ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕ ਰਹਿੰਦੇ ਹਨ, ਜਿਨ੍ਹਾਂ ਲਈ ਦੁਪਹਿਰ ਸਮੇਂ ਵੋਟ ਪਾਉਣ ਲਈ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਸਕਦਾ ਹੈ।
ਬੇਦੀ ਨੇ ਕਿਹਾ ਕਿ ਜੇਕਰ ਵੋਟਿੰਗ ਦਾ ਸਮਾਂ ਵਧਾਇਆ ਜਾਂਦਾ ਹੈ ਤਾਂ ਲੋਕ ਸਵੇਰੇ ਅਤੇ ਸ਼ਾਮ ਦੇ ਠੰਡੇ ਸਮੇਂ ਵਿੱਚ ਆਸਾਨੀ ਨਾਲ ਆਪਣੀ ਵੋਟ ਪਾ ਸਕਣਗੇ, ਜਿਸ ਨਾਲ ਵੋਟਿੰਗ ਪ੍ਰਤੀਸ਼ਤ ਵਿੱਚ ਵੀ ਵਾਧਾ ਹੋਵੇਗਾ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੌਜੂਦਾ ਹਾਲਾਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਸਦਾ ਮਾੜਾ ਅਸਰ ਵੋਟ ਪ੍ਰਤੀਸ਼ਤ ‘ਤੇ ਪੈ ਸਕਦਾ ਹੈ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੀ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ ਕਿਉਂਕਿ ਲੋਕਤੰਤਰ ਵਿੱਚ ਪ੍ਰਧਾਨ ਮੰਤਰੀ ਤੋਂ ਲੈ ਕੇ ਆਮ ਆਦਮੀ ਤੱਕ ਹਰ ਇੱਕ ਦੀ ਵੋਟ ਦੀ ਕਦਰ ਇੱਕੋ ਜਿਹੀ ਹੁੰਦੀ ਹੈ। ਉਹਨਾਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਵਿਅਕਤੀ ਨੂੰ ਇਸਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ।