ਨਵੀਂ ਦਿੱਲੀ - ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ 30 ਦਿਨਾਂ ਦੀ ਪੈਰੋਲ ਮਿਲਣ ‘ਤੇ ਸਿੱਖ ਹਲਕਿਆਂ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ‘ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕੜੇ ਸ਼ਬਦਾਂ ਵਿੱਚ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਫੈਸਲਾ ਸਿੱਖ ਪੰਥ ਦੇ ਹਿਰਦੇ ਉਪਰ ਗਹਿਰੀ ਚੋਟ ਹੈ ਅਤੇ ਦੇਸ਼ ਦੇ ਨਿਆਂ ਪ੍ਰਣਾਲੀ ਉਪਰ ਵੱਡੇ ਸਵਾਲ ਖੜੇ ਕਰਦਾ ਹੈ। 2020 ਤੋਂ ਬਾਅਦ ਇਹ ਉਸਦੀ ਜੇਲ੍ਹ ਤੋਂ 16ਵੀਂ ਅਸਥਾਈ ਰਿਹਾਈ ਹੈ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਇਕ ਪਾਸੇ ਬੰਦੀ ਸਿੰਘ, ਜੋ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਵੀ ਵੱਧ ਸਮਾਂ ਵੱਖ-ਵੱਖ ਜੇਲ੍ਹਾਂ ਵਿੱਚ ਕੱਟ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਬਾਰੇ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਕੋਈ ਗੰਭੀਰ ਗੱਲਬਾਤ ਨਹੀਂ ਕੀਤੀ ਜਾ ਰਹੀ। ਦੂਜੇ ਪਾਸੇ ਗੰਭੀਰ ਦੋਸ਼ਾਂ ਵਿੱਚ ਸਜ਼ਾਵਾਂ ਕੱਟ ਰਹੇ ਲੋਕਾਂ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੀ ਜਾ ਰਹੀ ਹੈ। ਉਨ੍ਹਾਂ ਸੁਆਲ ਕਰਦਿਆਂ ਕਿਹਾ ਕਿ ਇਹ ਦੋਹਰਾ ਮਾਪਦੰਡ ਸਿੱਖ ਕੌਮ ਨੂੰ ਵਾਰ-ਵਾਰ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾ ਰਿਹਾ ਹੈ। “ਜੇ ਲੋਕਤੰਤਰ ਵਿੱਚ ਹਰ ਨਾਗਰਿਕ ਲਈ ਕਾਨੂੰਨ ਇਕਸਾਰ ਹੈ ਤਾਂ ਫਿਰ ਬੰਦੀ ਸਿੰਘਾਂ ਲਈ ਵੱਖਰੇ ਮਾਪਦੰਡ ਕਿਉਂ ਅਪਣਾਏ ਜਾ ਰਹੇ ਹਨ?” । ਬੀਬੀ ਰਣਜੀਤ ਕੌਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਲਗਾਤਾਰ ਖਿਲਵਾੜ ਕਰਨਾ ਦੇਸ਼ ਦੀ ਲੋਕਤੰਤਰਿਕ ਛਵੀ ਉਪਰ ਵੱਡਾ ਧੱਬਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਤੁਰੰਤ ਨਿਆਂਪੂਰਨ ਫੈਸਲੇ ਕੀਤੇ ਜਾਣ ਅਤੇ ਸਾਰਿਆਂ ਲਈ ਇਕਸਾਰ ਕਾਨੂੰਨੀ ਪ੍ਰਕਿਰਿਆ ਲਾਗੂ ਕੀਤੀ ਜਾਵੇ।