ਲੁਧਿਆਣਾ- ਦੇਸ਼ ਅੰਦਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਹਰ ਰੋਜ਼ ਵਧ ਰਹੀਆਂ ਕੀਮਤਾਂ ਅਤੇ ਅਸਮਾਨ ਛੂਹ ਰਹੀ ਮਹਿੰਗਾਈ ਦੇ ਖ਼ਿਲਾਫ਼ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ (ਬੈਂਸ ਭਰਾਵਾਂ) ਦੀ ਅਗਵਾਈ ਹੇਠ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਮਾਰਚ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਅਧੀਨ ਆਉਂਦੇ ਮਾਡਲ ਟਾਊਨ ਦੀ ਮੇਨ ਮਾਰਕੀਟ ਵਿੱਚ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਦੁਕਾਨਦਾਰਾਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੇ ਰੇਟ ਵਧਣ ਕਾਰਨ ਆਮ ਅਤੇ ਮੱਧ ਵਰਗੀ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ। ਮਹਿੰਗਾਈ ਨੇ ਗਰੀਬ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਲਈ ਦੋ ਵੇਲੇ ਦੀ ਰੋਟੀ ਕਮਾਉਣੀ ਵੀ ਦੁਭਰ ਹੋ ਗਈ ਹੈ।
ਕਾਂਗਰਸੀ ਆਗੂਆਂ ਨੇ ਆਖਿਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ ਦੀ ਜੇਬ 'ਤੇ ਡਾਕਾ ਮਾਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਜਨਤਾ ਨੂੰ ਰਾਹਤ ਮਿਲ ਸਕੇ।
ਇਸ ਰੋਸ ਪ੍ਰਦਰਸ਼ਨ ਦੌਰਾਨ ਹਾਜ਼ਰ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਪਾਰਟੀ ਦੇ ਝੰਡੇ ਅਤੇ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕਾਂਗਰਸੀ ਆਗੂ, ਮਹਿਲਾ ਵਿੰਗ ਦੀਆਂ ਬੀਬੀਆਂ ਅਤੇ ਭਾਰੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ, ਜਿਨ੍ਹਾਂ ਨੇ ਮਹਿੰਗਾਈ ਖ਼ਿਲਾਫ਼ ਇਸ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ਤੇ ਕੌਂਸਲਰ ਹਰਵਿੰਦਰ ਸਿੰਘ ਸਿੰਘ ਕਲੇਰ ਅਰਜਨ ਸਿੰਘ ਚੀਮਾ ਬਲਾਕ ਪ੍ਰਧਾਨ ਟੋਨੀ ਰੋੜਾ ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ ਬਲਦੇਵ ਸਿੰਘ ਪ੍ਰਧਾਨ ਰਜੇਸ਼ ਖੋਖਰ ਪਾਰਕ ਸ਼ਰਮਾ ਮੋਹਣ ਸਿੰਘ ਲੰਬੜਦਾਰ ਜਸਵਿੰਦਰ ਸਿੰਘ ਮਾਨ ਬਿੱਟੂ ਘਟੋੜੇ ਆਦੀ ਸ਼ਾਮਿਲ ਸਨ