ਰੋਪੜ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਕਾਂਗਰਸ, ਭਾਜਪਾ ਅਤੇ ਅਕਾਲੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਅਤੇ ਇਨ੍ਹਾਂ ਦੀ ਦਿਲਚਸਪੀ ਸਿਰਫ਼ ਸੱਤਾ ਹਥਿਆਉਣ ਅਤੇ ਨਿੱਜੀ ਹਿੱਤਾਂ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਆਗੂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ, ਉੱਥੇ ਹੀ ਹੁਣ ਕਰਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਸੱਤਾਧਾਰੀਆਂ ਦੇ ਐਸ਼ੋ-ਆਰਾਮ ਦੀ ਬਜਾਏ ਲੋਕ ਭਲਾਈ 'ਤੇ ਖ਼ਰਚ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ ਅਤੇ ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਅਕਾਲੀ-ਭਾਜਪਾ ਗਠਜੋੜ ਸਿਰਫ਼ ਸੱਤਾ ਹਾਸਲ ਕਰਨ ਦੀ ਮੌਕਾਪ੍ਰਸਤ ਚਾਲ ਖੇਡਣ ਦੀ ਕੋਸ਼ਿਸ਼ ਵਿੱਚ ਹੈ, ਜਿਸ ਨੂੰ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਨਕਾਰ ਦੇਣਗੇ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ ਉਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਵਿੱਚ ਡਰ ਪੈਦਾ ਕਰ ਰਹੀ ਹੈ ਜਿਨ੍ਹਾਂ ਨੇ ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਦੀ ਦੁਰਵਰਤੋਂ ਕੀਤੀ। ਭਾਜਪਾ ਵੱਲੋਂ ਥੋਪੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ। ਇਹ ਇੱਕ ਹਕੀਕਤ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਅੱਜ ਇਹ ਪਾਰਟੀਆਂ ਸਿਆਸੀ ਲਾਹੇ ਲਈ ਧਰਮ ਦੇ ਨਾਂ 'ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ।”
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨਵੇਂ ਗਠਜੋੜ 'ਤੇ ਤਿੱਖਾ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗਠਜੋੜ ਦੋਵਾਂ ਪਾਰਟੀਆਂ ਲਈ ਸਿਆਸੀ ਤੌਰ 'ਤੇ ਤਬਾਹਕੁੰਨ ਸਾਬਤ ਹੋਵੇਗਾ ਕਿਉਂਕਿ ਇਹ ਨਾ ਤਾਂ ਕਿਸੇ ਵਿਚਾਰਧਾਰਾ 'ਤੇ ਅਧਾਰਤ ਹੈ ਅਤੇ ਨਾ ਹੀ ਲੋਕ ਭਲਾਈ ਪ੍ਰਤੀ ਕਿਸੇ ਵਚਨਬੱਧਤਾ 'ਤੇ ਟਿਕਦਾ ਹੈ। ਉਨ੍ਹਾਂ ਕਿਹਾ, “ਇਸ ਗਠਜੋੜ ਦਾ ਇੱਕੋ-ਇੱਕ ਉਦੇਸ਼ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਵਾਰ-ਵਾਰ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ ਅਤੇ ਦੋਸ਼ ਲਾਏ ਹਨ। ਪੰਜਾਬ ਦੇ ਲੋਕ ਪੁੱਛ ਰਹੇ ਹਨ ਕਿ ਉਹ ਹੁਣ ਕਿਹੜਾ ਮੂੰਹ ਲੈ ਕੇ ਇਕੱਠੇ ਵੋਟਾਂ ਮੰਗਣਗੇ। ਲੋਕ ਅਜਿਹੇ ਸਿਆਸੀ ਡਰਾਮਿਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ।”
ਪਿਛਲੀਆਂ ਸਰਕਾਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅੰਤ ਕੁਦਰਤੀ ਖੂਬਸੂਰਤੀ ਅਤੇ ਬੇਸ਼ਕੀਮਤੀ ਵਸੀਲਿਆਂ ਨਾਲ ਨਿਵਾਜੇ ਖੇਤਰਾਂ ਨੂੰ ਸਾਲਾਂਬੱਧੀ ਅਣਗੌਲਿਆ ਕੀਤਾ ਗਿਆ ਕਿਉਂਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਦੀ ਸਮਰੱਥਾ ਦਾ ਲਾਹਾ ਲੈਣ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਸਿਰਫ਼ ਦੋ ਸਿਆਸੀ ਧਿਰਾਂ ਵਾਰੋ-ਵਾਰੀ ਸੱਤਾ ਵਿੱਚ ਆਉਂਦੀਆਂ ਰਹੀਆਂ, ਜਿਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਦੇ ਸਾਧਨਾਂ ਨੂੰ ਲੁੱਟਿਆ।
ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਕੋਲ ਹੁਣ ‘ਝਾੜੂ’ (ਆਪ ਦਾ ਚੋਣ ਨਿਸ਼ਾਨ) ਦੇ ਰੂਪ ਵਿੱਚ ਬਦਲ ਹੈ, ਜਿਸ ਨੇ ਸੂਬੇ ਦੀ ਸਿਆਸੀ ਵਿਵਸਥਾ ਨੂੰ ਸਾਫ਼ ਕਰ ਦਿੱਤਾ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਾਰ ਕੇ ਇਮਾਨਦਾਰ ਸਰਕਾਰ ਨੂੰ ਸੱਤਾ ਸੌਂਪੀ ਸੀ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਬਦਲਣ ਅਤੇ ਇਸ ਨੂੰ ਭਾਰਤੀ ਸੂਬਿਆਂ ਵਿੱਚ ਮੋਹਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।”
ਦਿੱਲੀ ਦੀ ਭਾਜਪਾ ਸਰਕਾਰ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਮ ਲੋਕਾਂ ਲਈ ਭਲਾਈ ਪਹਿਲਕਦਮੀਆਂ ਦਾ ਲਗਾਤਾਰ ਵਿਸਤਾਰ ਕਰ ਰਿਹਾ ਹੈ, ਜਦੋ ਕਿ ਸਰਕਾਰਾਂ ਬਦਲਣ ਤੋਂ ਬਾਅਦ ਇਸ ਤਰ੍ਹਾਂ ਦੇ ਪ੍ਰੋਗਰਾਮ ਹੋਰ ਥਾਵਾਂ ਤੇ ਬੰਦ ਕਰ ਦਿੱਤੇ ਗਏ ਹਨ। ਉਹਨਾਂ ਕਿਹਾ, "ਇਹਨਾਂ ਪਾਰਟੀਆਂ ਨੇ ਹਮੇਸ਼ਾ ਆਮ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਦਾ ਵਿਰੋਧ ਕੀਤਾ ਹੈ ਅਤੇ ਲੋਕ-ਕੇਂਦ੍ਰਿਤ ਪ੍ਰੋਗਰਾਮਾਂ ਨੂੰ ਲਾਗੂ ਕਰਨ ਤੋਂ ਦੜ ਵੱਟਦੀਆਂ ਰਹੀਆਂ ਹਨ, " ।
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਇਸ ਇਤਿਹਾਸਕ ਕਾਨੂੰਨ ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ, “ਇਸ ਕਾਨੂੰਨ ਤਹਿਤ, 'ਬੇਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਦਸ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਕੈਦ ਅਤੇ 50 ਲੱਖ ਰੁਪਏ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਜੇਕਰ ਦੋਸ਼ੀ ਜੁਰਮਾਨਾ ਅਦਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸਦੀ ਜਾਇਦਾਦ ਵੇਚੀ ਜਾ ਸਕਦੀ ਹੈ। ਇਸ ਕਾਨੂੰਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਸ੍ਰੀ ਗੁਰੂ ਸਾਹਿਬ ਜੀ ਦਾ ਨਿਰਾਦਰ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਗੰਭੀਰ ਨਤੀਜਿਆਂ ਨੂੰ ਸਮਝ ਸਕਣ।”
ਉਮੀਦ ਪ੍ਰਗਟ ਕਰਦਿਆਂ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਦਿਲਾਂ ਵਿੱਚ ਇੱਕ ਪਵਿੱਤਰ ਸਥਾਨ ਰੱਖਦੇ ਹਨ ਅਤੇ ਇਨਾ ਦੀ ਪਵਿੱਤਰਤਾ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਵਾਂਗ ਹਨ। ਇਸਦਾ ਸਤਿਕਾਰ ਅਤੇ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਾਡਾ ਸਮੂਹਿਕ ਫਰਜ਼ ਹੈ। ਜੇਕਰ ਸਰਕਾਰ ਇਸ ਸਬੰਧ ਵਿੱਚ ਜ਼ਿੰਮੇਵਾਰੀ ਨਹੀਂ ਲੈਂਦੀ, ਤਾਂ ਕੋਈ ਹੋਰ ਨਹੀਂ ਲਵੇਗਾ। ਅਕਾਲੀਆਂ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਹ ਨਹੀਂ ਭੁੱਲੇ ਹਨ। ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।”