ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਾਵਨ ਹਦੂਦ ਅੰਦਰ ਸਥਿੱਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਨੇ ਇੱਕ ਵਾਰ ਫਿਰ ਸਿੱਖ ਕੌਮ ਦੇ ਮਨਾਂ ਅੰਦਰ ਡੂੰਘੀ ਚਿੰਤਾ ਅਤੇ ਰੋਸ ਪੈਦਾ ਕੀਤਾ ਹੈ। ਇਹ ਘਟਨਾ ਕੋਈ ਆਮ ਅਪਰਾਧ ਨਹੀਂ, ਸਗੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ, ਗੁਰੂ ਸਾਹਿਬ ਦੀ ਮਾਣ-ਮਰਿਆਦਾ ਅਤੇ ਪੰਜਾਬ ਦੇ ਅਮਨ 'ਤੇ ਭਾਈਚਾਰਕ ਸਾਂਝ ਨੂੰ ਨਿਸ਼ਾਨਾ ਬਣਾਉਣ ਵਾਲੀ ਇੱਕ ਗੰਭੀਰ ਸਾਜ਼ਿਸ਼ ਦਾ ਹਿੱਸਾ ਪ੍ਰਤੀਤ ਹੁੰਦੀ ਹੈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਸ ਘਟਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਬਾਪੂ ਤਰਸੇਮ ਸਿੰਘ ਜੀ ਨੇ ਮੁੱਖ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਨੋਟ ਰਾਹੀਂ ਕੀਤਾ। ਉਹਨਾਂ ਕਿਹਾ ਕਿ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਵਾਪਰੀਆਂ ਗੰਭੀਰ ਘਟਨਾਵਾਂ ਤੋਂ ਬਾਅਦ ਵੀ ਅੱਜ ਤੱਕ ਕਿਸੇ ਵੀ ਸਰਕਾਰ ਨੇ ਕੌਮ ਨੂੰ ਇਹ ਨਹੀਂ ਦੱਸਿਆ ਕਿ ਇਨ੍ਹਾਂ ਪਿੱਛੇ ਅਸਲ ਤਾਕਤਾਂ ਕੌਣ ਹਨ। ਹਰ ਵਾਰ ਕੋਈ ਵਿਅਕਤੀ ਫੜਿਆ ਜਾਂਦਾ ਹੈ, ਪਰ ਉਸ ਨੂੰ ਭੇਜਣ ਵਾਲੇ, ਉਸ ਦੀ ਮਦਦ ਕਰਨ ਵਾਲੇ ਅਤੇ ਪੂਰੀ ਸਾਜ਼ਿਸ਼ ਨੂੰ ਚਲਾਉਣ ਵਾਲੇ ਚਿਹਰੇ ਕਦੇ ਸਾਹਮਣੇ ਨਹੀਂ ਆਉਂਦੇ। ਇਹ ਹਾਲਾਤ ਸਰਕਾਰਾਂ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜੇ ਕਰਦੇ ਹਨ। ਉਹਨਾਂ ਕਿਹਾ ਕਿ ਜੇਕਰ ਸਿੱਖਾਂ ਦੇ ਸਭ ਤੋਂ ਸਰਬਉੱਚ ਧਾਰਮਿਕ ਸਥਾਨ 'ਤੇ ਵਾਰ-ਵਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸਾਲਾਂ ਬਾਅਦ ਵੀ ਸਾਜ਼ਿਸ਼ਕਾਰਾਂ ਦਾ ਪਤਾ ਨਹੀਂ ਲੱਗਦਾ, ਤਾਂ ਸਰਕਾਰਾਂ ਦੀ ਨੀਯਤ ਤੇ ਸ਼ੱਕ ਪੈਦਾ ਹੋਣਾ ਸੁਭਾਵਿਕ ਹੈ। ਸਰਕਾਰਾਂ ਦੀ ਜ਼ਿੰਮੇਵਾਰੀ ਸਿਰਫ਼ ਘਟਨਾ ਤੋਂ ਬਾਅਦ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨਾ ਨਹੀਂ, ਸਗੋਂ ਕੌਮ ਨੂੰ ਪੂਰਾ ਸੱਚ ਦੱਸਣਾ ਵੀ ਹੈ, ਜਿਸ ਵਿੱਚ ਉਹ ਲਗਾਤਾਰ ਅਸਫ਼ਲ ਰਹਿ ਰਹੀਆਂ ਹਨ। ਉਹਨਾਂ ਕਿਹਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਦਾ ਹਰ ਮਾਮਲਾ ਸਿੱਖ ਕੌਮ ਦੀ ਰੂਹ ਉੱਤੇ ਕੀਤਾ ਗਿਆ ਹਮਲਾ ਹੈ। ਜਦੋਂ ਅਜਿਹੀਆਂ ਘਟਨਾਵਾਂ ਵਾਰ-ਵਾਰ ਵਾਪਰਨ ਅਤੇ ਉਨ੍ਹਾਂ ਦੇ ਪਿੱਛੇ ਦੀ ਸੱਚਾਈ ਹਮੇਸ਼ਾਂ ਧੁੰਦ ਵਿੱਚ ਰੱਖੀ ਜਾਵੇ ਤਾਂ ਇਹ ਮਾਮਲਾ ਹੋਰ ਵੀ ਗੰਭੀਰ ਹੋ ਜਾਂਦਾ ਹੈ। ਅੱਜ ਸਮਾਂ ਆ ਗਿਆ ਹੈ ਕਿ ਸਿੱਖ ਕੌਮ ਇਨ੍ਹਾਂ ਘਟਨਾਵਾਂ ਨੂੰ ਇਕੱਲੇ-ਇਕੱਲੇ ਮਾਮਲਿਆਂ ਵਜੋਂ ਦੇਖਣ ਦੀ ਬਜਾਏ ਇੱਕ ਵੱਡੇ ਸੰਦਰਭ ਵਿੱਚ ਵੇਖੇ। ਪੰਜਾਬ, ਪੰਥ ਅਤੇ ਸਿੱਖ ਸੰਸਥਾਵਾਂ ਨੂੰ ਅਸਥਿਰ ਕਰਨ ਲਈ ਚੱਲ ਰਹੀਆਂ ਤਾਕਤਾਂ ਨੂੰ ਪਛਾਣਨਾ ਅਤੇ ਉਨ੍ਹਾਂ ਦੀਆਂ ਚਾਲਾਂ ਨੂੰ ਨਾਕਾਮ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਹਨਾਂ ਅਖੀਰ ਵਿੱਚ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸਪੱਸ਼ਟ ਕਰਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ, ਸਤਿਕਾਰ ਅਤੇ ਪਵਿੱਤਰਤਾ ਦੀ ਰੱਖਿਆ ਲਈ ਪਾਰਟੀ ਹਰ ਪੱਧਰ 'ਤੇ ਵਚਨਬੱਧ ਹੈ ਅਤੇ ਕੌਮ ਵਿਰੁੱਧ ਰਚੀਆਂ ਜਾ ਰਹੀਆਂ ਅਜਿਹੀਆਂ ਸਾਜ਼ਿਸ਼ਾਂ ਖ਼ਿਲਾਫ਼ ਆਪਣੀ ਆਵਾਜ਼ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਨਾਲ ਬੁਲੰਦ ਕਰਦੀ ਰਹੇਗੀ।