ਚੰਡੀਗੜ੍ਹ-- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਖੁਲਾਸਾ ਕੀਤਾ ਕਿ ਅੱਜ ਚੰਡੀਗੜ੍ਹ ਵਿੱਚ ਪੁਰਾਣੇ ਟਕਸਾਲੀ ਅਕਾਲੀ ਲੀਡਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਸ ਗੁਰਪ੍ਰਤਾਪ ਸਿੰਘ ਰਿਆੜ, ਸਾਬਕਾ ਡਿਪਟੀ ਮੇਅਰ ਚੰਡੀਗੜ੍ਹ ਸ ਮਹਿੰਦਰ ਸਿੰਘ ਅਤੇ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ ਅਮਰਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸ਼ਾਮਲ ਆਗੂਆਂ ਦਰਮਿਆਨ ਚੰਡੀਗੜ੍ਹ ਨਾਲ ਸਬੰਧਤ ਰਾਜਨੀਤਿਕ, ਸਮਾਜਿਕ ਅਤੇ ਪੰਥਕ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਆਮ ਸਹਿਮਤੀ ਨਾਲ ਰਾਜਧਾਨੀ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਕ ਸਰਗਰਮ ਅਤੇ ਕਾਰਜਸ਼ੀਲ ਇਕਾਈ ਕਾਇਮ ਕਰਕੇ, ਨਗਰ ਨਿਗਮ ਸਮੇਤ ਚੰਡੀਗੜ੍ਹ ਵਿੱਚ ਆਉਣ ਵਾਲੀਆਂ ਸਾਰੀਆਂ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹਨਾਂ ਆਗੂਆਂ ਨੇ ਸਾਡੇ ਪਾਰਟੀ ਵਫਦ ਦਾ ਨਿੱਘਾ ਸਵਾਗਤ ਕਰਦਿਆਂ, ਹਰ ਤਰਾਂ ਦੇ ਸਹਿਯੋਗ ਦਾ ਪੂਰਨ ਭਰੋਸਾ ਦਿਵਾਇਆ। ਇਹ ਮਿਲਣੀ ਸਾਰੀਆਂ ਪੰਥਕ ਧਿਰਾਂ ਨੂੰ ਇਕ ਨਿਸ਼ਾਨ ਸਾਹਿਬ ਹੇਠ ਇਕਜੁੱਟ ਕਰਨ ਦੇ ਮਕਸਦ ਨਾਲ ਕੀਤੀ ਗਈ। ਅੱਜ ਦੀ ਇਸ ਮੀਟਿੰਗ ਵਿੱਚ ਪਾਰਟੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਸ ਗੁਰਜੀਤ ਸਿੰਘ ਤਲਵੰਡੀ, ਦਫਤਰ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਸ ਪਰਮਪਾਲ ਸਿੰਘ ਸਭਰਾਅ ਵੀ ਸ਼ਾਮਲ ਸਨ। ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੇ ਸ ਗੁਰਜੀਤ ਸਿੰਘ ਤਲਵੰਡੀ ਨੂੰ ਪਾਰਟੀ ਵੱਲੋਂ ਚੰਡੀਗੜ੍ਹ ਤੋਂ ਆਬਜ਼ਰਵਰ ਵੀ ਐਲਾਨਿਆ। ਪ੍ਰੈਸ ਦੇ ਨਾਂ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।