ਫਗਵਾੜਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫਗਵਾੜਾ ਵਿੱਚ ‘ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ (ਆਪ) ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ, ਉੱਥੇ ਇੱਕੋ ਸਿੱਕੇ ਦੇ ਦੋ ਪਹਿਲੂ—ਅਕਾਲੀ ਅਤੇ ਕਾਂਗਰਸ—ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਤੋਂ ਬਾਅਦ ਹੁਣ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਹੇ ਹਨ।
ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਅਤੇ ਉਨ੍ਹਾਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਆਪਣੀ ਅੰਦਰੂਨੀ ਲੜਾਈ ਕਾਰਨ ਆਖਰੀ ਸਾਹਾਂ 'ਤੇ ਹੈ, ਜਦਕਿ 'ਆਪ' ਸਰਕਾਰ ਦੇ ਲੋਕ-ਪੱਖੀ ਸ਼ਾਸਨ ਅਧੀਨ ਪੰਜਾਬ ਸਿੱਖਿਆ, ਸਿਹਤ, ਬਿਜਲੀ ਅਤੇ ਭਲਾਈ ਦੇ ਖੇਤਰਾਂ ਵਿੱਚ ਬੇਮਿਸਾਲ ਤਰੱਕੀ ਦੇਖ ਰਿਹਾ ਹੈ।
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਹ ਦਿਨ ਚਲੇ ਗਏ ਜਦੋਂ ਇਹ ਪਾਰਟੀਆਂ ਉੱਤਰ ਕਾਟੋ ਮੈਂ ਚੜ੍ਹਾ ਦੀ ਖੇਡ ਖੇਡਦੀਆਂ ਸਨ ਅਤੇ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਅਸਲ ਵਿੱਚ ਇਨ੍ਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਇੱਕ-ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ, ਜਿਸ ਕਾਰਨ ਇਨ੍ਹਾਂ ਦੇ ਕੁਕਰਮ ਕਦੇ ਸਾਹਮਣੇ ਨਹੀਂ ਆਏ। ਪਰ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਇਸ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਸੂਬੇ ਦੇ ਸਿਆਸੀ ਪ੍ਰਬੰਧ ਨੂੰ ਸਾਫ਼ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਅਕਾਲੀ ਆਪਣੇ ਪਾਪਾਂ ਕਰ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ।”
ਮੁੱਖ ਮੰਤਰੀ ਨੇ ਕਿਹਾ, “ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਨੂੰ ਲੋਕਾਂ ਦੀ ਕੋਈ ਪਰਵਾਹ ਨਹੀਂ, ਸਗੋਂ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਚਿੰਤਾ ਹੈ। ਉਨ੍ਹਾਂ ਨੇ ਖ਼ੁਦ ਕਈ ਥਾਵਾਂ 'ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ ਅਤੇ ਬਾਅਦ ਵਿੱਚ ਇਸ ਨੂੰ ਮੰਨਿਆ ਵੀ। ਉਨ੍ਹਾਂ ਨੇ ਅਤਿਵਾਦ ਦੇ ਦੌਰ ਦੌਰਾਨ ਨੌਜਵਾਨਾਂ ਨੂੰ ਮਰਵਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਤੱਕ ਦਿੱਤੀਆਂ। ਉਨ੍ਹਾਂ ਨੇ ਖ਼ੁਦ ਨੂੰ ‘ਫਖ਼ਰ-ਏ-ਕੌਮ’ ਦੇ ਖ਼ਿਤਾਬ ਨਾਲ ਨਿਵਾਜਿਆ, ਜਦਕਿ ਉਨ੍ਹਾਂ ਨੇ 1978 ਦੀ ਘਟਨਾ ਦੇ ਦੋਸ਼ੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਮਦਦ ਕੀਤੀ ਸੀ।”
ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਸਾਰੀ ਉਮਰ ਐਸ਼ੋ-ਆਰਾਮ ਅਤੇ ਸੁੱਖ-ਸਹੂਲਤਾਂ ਵਾਲੇ ਸੁਰੱਖਿਅਤ ਮਾਹੌਲ ਵਿੱਚ ਗੁਜ਼ਾਰੀ ਹੈ। ਸੁਖਬੀਰ ਸਿੰਘ ਬਾਦਲ ਕਾਨਵੈਂਟ ਤੋਂ ਪੜ੍ਹੇ ਸਿਆਸੀ ਆਗੂ ਹਨ, ਜੋ ਸੂਬੇ ਦੀ ਬੁਨਿਆਦੀ ਭੂਗੋਲਿਕ ਸਥਿਤੀ ਤੋਂ ਵੀ ਵਾਕਫ਼ ਨਹੀਂ ਹਨ, ਪਰ ਪੰਜਾਬ ਵਿੱਚ ਸਿਆਸੀ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਮੁੱਖ ਫ਼ਸਲਾਂ ਵਿੱਚ ਵੀ ਫਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਬੁਨਿਆਦੀ ਮੁੱਦਿਆਂ ਬਾਰੇ ਬਹੁਤ ਘੱਟ ਸਮਝ ਹੈ।”
ਬੇਅਦਬੀ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚੀ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਤਾਕਤ ਬਖ਼ਸ਼ੀ ਹੈ। ਸੂਬਾ ਸਰਕਾਰ ਨੇ ਇਸ ਬਿੱਲ ਨੂੰ ਬੜੀ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀ ਇਸ ਨੂੰ ਕਮਜ਼ੋਰ ਨਾ ਕਰ ਸਕੇ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਬਿੱਲ ਸਮਾਜ ਵਿਰੋਧੀ ਅਨਸਰਾਂ ਨੂੰ ਭਵਿੱਖ ਵਿੱਚ ਅਜਿਹਾ ਕੋਈ ਵੀ ਪਾਪ ਕਰਨ ਤੋਂ ਰੋਕਣ ਲਈ ਇੱਕ ਰੋਕਥਾਮ ਉਪਾਅ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਕਦੇ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਜੁਅਰਤ ਨਹੀਂ ਕਰ ਸਕੇਗਾ। ਅਕਾਲੀ ਆਪਣੇ ਸੱਤਾ ਦੇ ਦਿਨਾਂ ਦੌਰਾਨ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਨ। ਸੱਚਾਈ ਇਹ ਹੈ ਕਿ ਉਨ੍ਹਾਂ ਦੇ ਇਰਾਦੇ ਸ਼ੁਰੂ ਤੋਂ ਹੀ ਗਲਤ ਰਹੇ ਹਨ। ਅਕਾਲੀਆਂ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਵੀ ਮੰਨੀਆਂ ਪਰ ਬਾਅਦ ਵਿੱਚ ਲੋਕਾਂ ਸਾਹਮਣੇ ਸਰ੍ਹੇਆਮ ਇਸ ਤੋਂ ਮੁੱਕਰ ਗਏ। ਜੋ ਲੋਕ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਜੋ ਕਿਸੇ ਦੇ ਵੀ ਵਫ਼ਾਦਾਰ ਨਹੀਂ ਹਨ ਅਤੇ ਸਿਰਫ ਸੂਬੇ ਨੂੰ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ।”
ਮੁੱਖ ਮੰਤਰੀ ਨੇ ਕਿਹਾ, “ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ। ਜਥੇਦਾਰ ਅਕਾਲੀਆਂ ਦੀਆਂ ਜੇਬਾਂ ‘ਚੋਂ ਨਿਕਲਦੇ ਹਨ, ਜਿਸ ਕਰਕੇ ਉਹ ਰਾਜਨੀਤੀ ਵਿੱਚ ਵੀ ਸਰਗਰਮ ਰਹਿੰਦੇ ਹਨ। ਇਨ੍ਹਾਂ ਲੋਕਾਂ ਦਾ ਕੋਈ ਏਜੰਡਾ ਨਹੀਂ ਹੈ, ਸਗੋਂ ਇਨ੍ਹਾਂ ਦਾ ਇੱਕੋ ਇੱਕ ਉਦੇਸ਼ ਮੈਨੂੰ ਕਿਸੇ ਵੀ ਤਰੀਕੇ ਨਾਲ ਬਦਨਾਮ ਕਰਨਾ ਹੈ। ਲੋਕ ਇਨ੍ਹਾਂ ਆਗੂਆਂ ਦੇ ਦੋਗਲੇ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਕਦੇ ਵੀ ਇਨ੍ਹਾਂ ਦੀਆਂ ਨਾਟਕੀ ਚਾਲਾਂ ਤੋਂ ਪ੍ਰਭਾਵਿਤ ਨਹੀਂ ਹੋਣਗੇ।”
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਾਂਗਰਸ ਪਾਰਟੀ ਸੱਤਾ ‘ਚੋਂ ਪੂਰੀ ਤਰ੍ਹਾਂ ਬਾਹਰ ਹੋਣ ਕਿਨਾਰੇ ਹੈ, ਜੋ ਜਲਦ ਹੀ ਖਤਮ ਹੋ ਜਾਵੇਗੀ ਕਿਉਂਕਿ ਇਸ ਪਾਰਟੀ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਇਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣਾ ਹੈ ਪਰ ਇਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਕਾਂਗਰਸ ਪਾਰਟੀ ਧੜੇਬੰਦੀ ਦੀ ਸ਼ਿਕਾਰ ਹੈ ਜੋ ਆਪਣੇ ਕਲੇਸ਼ ਕਰਕੇ ਜਲਦ ਹੀ ਢਹਿ-ਢੇਰੀ ਹੋ ਜਾਵੇਗਾ। ਇਹ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਝਗੜਨ ਵਾਲੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਚੋਟੀ ਦੇ ਕਾਂਗਰਸੀ ਲੀਡਰ ਇਨ੍ਹਾਂ ਦੇ ਨਾਵਾਂ ਦਾ ਸਹੀ ਉਚਾਰਨ ਤੱਕ ਨਹੀਂ ਜਾਣਦੇ।"
ਲੋਕ ਮਿਲਣੀ ਪ੍ਰੋਗਰਾਮ ਦੇ ਅਸਲ ਉਦੇਸ਼ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕ ਮਿਲਣੀਆਂ ਰਾਜਨੀਤੀ ਨਾਲ ਜੁੜਿਆ ਪ੍ਰੋਗਰਾਮ ਨਹੀਂ ਹੈ। ਸੂਬਾ ਸਰਕਾਰ ਦਾ ਇੱਕੋ ਇੱਕ ਉਦੇਸ਼ ਵਿਕਾਸ ਅਤੇ ਖੁਸ਼ਹਾਲੀ ਲਿਆਉਣਾ ਹੈ। ਲੋਕ ਮਿਲਣੀਆਂ ਸਰਕਾਰ ਅਤੇ ਜਨਤਾ ਵਿਚਕਾਰ ਇੱਕ ਪੁਲ ਵਜੋਂ ਕੰਮ ਕਰਦੀਆਂ ਹਨ। ‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਸੂਬੇ ਵਿੱਚ ਪਹਿਲਾਂ ਹੀ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ।”
ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।