ਨਵੀਂ ਦਿੱਲੀ- ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਇਹ ਸੰਕੇਤ ਦਿੱਤਾ ਗਿਆ ਸੀ ਕਿ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰੱਖਿਆ ਲਈ ਜਲਦ ਹੀ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ ਜਾ ਸਕਦਾ ਹੈ। ਇਸੇ ਸੰਦਰਭ ਵਿੱਚ ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਆਪਣੇ ਸੁਝਾਅ ਅਤੇ ਬੇਨਤੀਆਂ ਜਾਰੀ ਕਰਦਿਆਂ ਅਪੀਲ ਕੀਤੀ ਹੈ ਕਿ ਮੋਰਚੇ ਦੇ ਏਜੰਡੇ ਵਿੱਚ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇ। ਜਥੇਬੰਦੀਆਂ ਵੱਲੋਂ ਜਾਰੀ ਬਿਆਨ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕਾਂ, ਬੰਦੀ ਸਿੰਘਾਂ ਦੀ ਰਿਹਾਈ, ਕਥਿਤ ਨਕਲੀ ਪੁਲਿਸ ਮੁਕਾਬਲਿਆਂ, ਗੈਂਗਸਟਰਵਾਦ ਦੀ ਆੜ ਹੇਠ ਸਿੱਖ ਨੌਜਵਾਨਾਂ ਉੱਤੇ ਦਰਜ ਕੀਤੇ ਜਾ ਰਹੇ ਮਾਮਲਿਆਂ, ਨਸ਼ਿਆਂ ਦੇ ਵੱਧ ਰਹੇ ਪ੍ਰਸਾਰ, 1984 ਦੇ ਸਿੱਖ ਕਤਲੇਆਮ, ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਫੌਜੀ ਹਮਲੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ, ਅਨੰਦਪੁਰ ਸਾਹਿਬ ਦੇ ਮਤੇ, ਕਿਸਾਨੀ ਮਸਲਿਆਂ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਸਬੰਧਤ ਮਸਲਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ਾਂ ਵਿੱਚ ਮਾਰੇ ਗਏ ਸਿੱਖ ਆਗੂਆਂ, ਸਿੱਖ ਨੌਜਵਾਨਾਂ ਉੱਤੇ ਦਰਜ ਕੀਤੇ ਗਏ ਕੇਸਾਂ, ਵਾਤਾਵਰਨ ਪ੍ਰਦੂਸ਼ਣ, ਪੰਜਾਬ ਵਿੱਚ ਵੱਧ ਰਹੇ ਨਸ਼ਿਆਂ, ਨੌਜਵਾਨੀ ਦੇ ਪਰਵਾਸ ਅਤੇ ਹੋਰ ਸਮਾਜਿਕ ਤੇ ਧਾਰਮਿਕ ਮਸਲਿਆਂ ਉੱਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ, ਸੰਤ-ਮਹਾਂਪੁਰਖ, ਨਿਹੰਗ ਸਿੰਘ ਜਥੇਬੰਦੀਆਂ, ਮਿਸ਼ਨਰੀ ਸੰਸਥਾਵਾਂ, ਧਰਮੀ ਫੌਜੀ, ਸਾਬਕਾ ਫੌਜੀ, ਰਾਗੀ ਜਥੇ, ਪ੍ਰਚਾਰਕ, ਵਿਦਵਾਨ, ਮਨੁੱਖੀ ਅਧਿਕਾਰ ਸੰਗਠਨ, ਵਕੀਲ, ਪੱਤਰਕਾਰ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੂੰ ਇਕ ਮੰਚ 'ਤੇ ਇਕੱਠਾ ਕਰਕੇ ਸਾਂਝੀ ਰਣਨੀਤੀ ਉਲੀਕੀ ਜਾਵੇ। ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਅਤੇ ਵਿਦੇਸ਼ਾਂ ਵਿੱਚ ਵਸਦੀ ਸੰਗਤ ਨੂੰ ਵੀ ਇਸ ਮੋਰਚੇ ਨਾਲ ਜੋੜਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਅਕਾਲੀ ਆਗੂਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸੰਗਤ ਨੂੰ ਨਾਲ ਲੈ ਕੇ ਇਸ ਲਹਿਰ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਆਸ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚੀ ਪੰਥਕ ਸ਼ਕਤੀ ਨੂੰ ਇੱਕ ਮੰਚ 'ਤੇ ਇਕੱਠਾ ਕਰਕੇ ਕੌਮ ਅਤੇ ਪੰਜਾਬ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਅਤੇ ਸ਼ਾਂਤਮਈ ਸੰਘਰਸ਼ ਨੂੰ ਅੱਗੇ ਵਧਾਇਆ ਜਾ ਸਕੇਗਾ।