ਨਵੀਂ ਦਿੱਲੀ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ ਰੇਲਵੇ ਟਿਕਟ ਕਾਊਂਟਰ 'ਤੇ ਤਤਕਾਲ ਟਿਕਟ ਬੁਕਿੰਗ ਦੌਰਾਨ ਕੁਝ ਦਲਾਲਾਂ ਵੱਲੋਂ ਹੰਗਾਮਾ ਕਰਦੇ ਹੋਏ ਇੱਕ ਸਿੱਖ ਸ਼ਰਧਾਲੂ ਦੀ ਪੱਗ 'ਤੇ ਹੱਥ ਪਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਪ੍ਰਬੰਧਕ ਕਮੇਟੀ ਵੱਲੋਂ ਰੇਲਵੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਅਤੇ ਬਿਹਾਰ ਅਲਪਸੰਖਿਆਕ ਕਮਿਸ਼ਨ ਦੇ ਵਾਈਸ ਚੇਅਰਮੈਨ ਲਖਵਿੰਦਰ ਸਿੰਘ ਲੱਖਾ ਅਤੇ ਮਹਾਂਸਚਿਵ ਇੰਦਰਜੀਤ ਸਿੰਘ ਨੇ ਰੇਲਵੇ ਕਾਊਂਟਰ ਦਾ ਦੌਰਾ ਕਰਕੇ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਟਿਕਟ ਕਾਊਂਟਰ ਦੇ ਨੇੜੇ ਪੁਲਿਸ ਕਰਮਚਾਰੀ ਤਾਇਨਾਤ ਕਰਨ ਦੀ ਮੰਗ ਵੀ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਰੇਲਵੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਟਿਕਟ ਕਾਊਂਟਰ ਨੂੰ ਇਸ ਤਰ੍ਹਾਂ ਚਲਾਇਆ ਜਾਵੇ ਕਿ ਇਸ ਦਾ ਲਾਭ ਕੇਵਲ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਹੀ ਮਿਲ ਸਕੇ।