ਚੰਡੀਗੜ੍ਹ-ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ। 'ਆਪ' ਦੇ ਮੰਤਰੀ, ਵਿਧਾਇਕ, ਸੀਨੀਅਰ ਆਗੂ, ਵਰਕਰ ਅਤੇ ਸਥਾਨਕ ਲੋਕ ਸੂਬੇ ਭਰ ਵਿੱਚ ਸੜਕਾਂ 'ਤੇ ਉਤਰ ਆਏ ਅਤੇ ਵਿਰੋਧੀ ਪਾਰਟੀਆਂ 'ਤੇ ਧਰਮ ਦੀ ਦੁਰਵਰਤੋਂ ਕਰਨ, ਝੂਠਾ ਪ੍ਰਚਾਰ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਹੁਣ ਲਈ ਸਿਆਸੀ ਸਾਜ਼ਿਸ਼ਾਂ ਰਚਣ ਦੇ ਦੋਸ਼ ਲਾਏ।
ਫ਼ਰੀਦਕੋਟ, ਬਰਨਾਲਾ ਅਤੇ ਮਾਨਸਾ ਤੋਂ ਲੈ ਕੇ ਕਪੂਰਥਲਾ, ਮੋਗਾ ਅਤੇ ਬਾਦਲ ਪਿੰਡ ਤੱਕ, ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਤਾਕਤਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਦੱਸਿਆ, ਜੋ ਸਿਆਸੀ ਫਾਇਦੇ ਲਈ ਵਾਰ-ਵਾਰ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕਰਨ ਅਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਦੀਆਂ ਆਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਧਿਰ ਨਫ਼ਰਤ, ਝੂਠੀ ਅਫ਼ਵਾਹਾਂ ਅਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਕਰ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਪ੍ਰਸ਼ਾਸਨ, ਰੁਜ਼ਗਾਰ ਦੇ ਮੌਕੇ, ਮਿਆਰੀ ਸਿੱਖਿਆ, ਭਲਾਈ ਸਕੀਮਾਂ ਅਤੇ ਵਿਕਾਸ ਪੱਖੀ ਸਿਆਸਤ ਰਾਹੀਂ ਪੰਜਾਬੀਆਂ ਦਾ ਦਿਲ ਜਿੱਤਿਆ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਜਿਹੀ ਵੰਡ ਪਾਉਣ ਵਾਲੀ ਰਾਜਨੀਤੀ ਨੂੰ ਵਾਰ-ਵਾਰ ਨਕਾਰਿਆ ਹੈ ਅਤੇ ਉਹ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਜਾਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਨੂੰ ਭੰਗ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।
ਮੋਹਾਲੀ ਵਿਖੇ ਇੱਕ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ਿਰੋਮਣੀ ਅਕਾਲੀ ਦਲ ਦੀਆਂ ਪੰਥ ਵਿਰੋਧੀ ਤੇ ਪੰਜਾਬ ਵਿਰੋਧੀ ਗਤੀਵਿਧੀਆਂ ਅਤੇ ਸੂਬੇ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਖ਼ਿਲਾਫ਼ ਪੂਰੇ ਪੰਜਾਬ ਵਿੱਚ ਸੰਕੇਤਕ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ, "ਅੱਜ ਆਮ ਆਦਮੀ ਪਾਰਟੀ ਦੇ ਵਰਕਰ ਅਜਿਹੀਆਂ ਤਾਕਤਾਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣ ਲਈ ਨਾ ਸਿਰਫ਼ ਮੋਹਾਲੀ ਬਲਕਿ ਪੂਰੇ ਪੰਜਾਬ ਵਿੱਚ ਸੜਕਾਂ 'ਤੇ ਉਤਰੇ ਹਨ। ਪੰਜਾਬ ਦੇ ਲੋਕ ਇਨ੍ਹਾਂ ਸਾਜ਼ਿਸ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਸੂਬੇ ਦੇ ਹਿੱਤਾਂ ਨੂੰ ਵਾਰ-ਵਾਰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਦੇ ਸਫ਼ਲ ਨਹੀਂ ਹੋਣ ਦੇਣਗੇ।"
ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਏ 'ਆਪ' ਆਗੂਆਂ ਨੇ ਦੁਹਰਾਇਆ ਕਿ ਸ਼ਿਰੋਮਣੀ ਅਕਾਲੀ ਦਲ ਨੇ ਅਜਿਹੇ ਹੱਥਕੰਡੇ ਇਸ ਲਈ ਅਪਣਾਏ ਹਨ ਕਿਉਂਕਿ ਉਹ ਲੋਕਾਂ ਵਿੱਚ ਆਪਣੀ ਸਿਆਸੀ ਭਰੋਸੇਯੋਗਤਾ ਗੁਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੱਚ ਅਤੇ ਝੂਠ ਵਿੱਚ ਫਰਕ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਹ ਮਨਘੜਤ ਸਮੱਗਰੀ ਤੇ ਪ੍ਰਚਾਰ ਰਾਹੀਂ ਗੁੰਮਰਾਹ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਕਾਰ ਦੇਣਗੇ।