ਅੰਮ੍ਰਿਤਸਰ - ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਚਲਾਈ ਜਾ ਰਹੀ “ਪੰਥ ਬਚਾਓ, ਪੰਜਾਬ ਬਚਾਓ” ਮੁਹਿੰਮ ਤਹਿਤ ਹਲਕਾ ਅੰਮ੍ਰਿਤਸਰ ਦੱਖਣੀ ਦੇ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 6 ਪੰਡੋਰਾ ਵਿਖੇ ਬੀਬਾ ਕੁਲਦੀਪ ਕੌਰ ਸਹੋਤਾ ਦੀ ਅਗਵਾਈ ਅਤੇ ਸ੍ਰ. ਕੁਲਵੰਤ ਸਿੰਘ ਸੈਦੋਲੇਹਲ ਦੇ ਵਿਸ਼ੇਸ਼ ਯਤਨਾਂ ਸਦਕਾ ਇੱਕ ਵਿਸ਼ਾਲ ਪੰਥਕ ਇਕੱਤਰਤਾ ਕੀਤੀ ਗਈ। ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਸਤਿਕਾਰਯੋਗ ਮਾਤਾ ਬੀਬੀ ਬਲਵਿੰਦਰ ਕੌਰ ਜੀ, ਬੀਬਾ ਮਨਵੀਰ ਕੌਰ (ਆਸਟ੍ਰੇਲੀਆ), ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਪ੍ਰਿਤਪਾਲ ਸਿੰਘ ਮੀਰਾਂਕੋਟ, ਭਾਈ ਦਲਜੀਤ ਸਿੰਘ ਢਿੱਲੋਂ, ਭਾਈ ਕਸ਼ਮੀਰ ਸਿੰਘ ਨਵਾਦਾ, ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਹਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਜਸਪਾਲ ਸਿੰਘ ਸਾਹਬੀ, ਸ੍ਰ. ਜਗੀਰ ਸਿੰਘ, ਸ੍ਰ. ਗੁਰਜੀਤ ਸਿੰਘ ਖ਼ਾਲਸਾ, ਸ੍ਰ. ਪ੍ਰਗਟ ਸਿੰਘ, ਸ੍ਰ. ਸ਼ੇਰ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਮਾਤਾ ਬਲਵਿੰਦਰ ਕੌਰ ਜੀ ਅਤੇ ਸਮੂਹ ਪਹੁੰਚੀ ਲੀਡਰਸ਼ਿਪ ਦਾ ਸ੍ਰ. ਕੁਲਵੰਤ ਸਿੰਘ ਸੈਦੋਲੇਹਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ, ਜਦਕਿ ਬੀਬਾ ਕੁਲਦੀਪ ਕੌਰ ਸਹੋਤਾ ਵੱਲੋਂ ਸਿਰੋਪਾਓ ਭੇਟ ਕਰਕੇ ਸਮੂਹ ਆਗੂਆਂ ਦਾ ਸਨਮਾਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਮਾਤਾ ਬਲਵਿੰਦਰ ਕੌਰ ਜੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਦਿਨੋਂ-ਦਿਨ ਵਧ ਰਹੀ ਚੜ੍ਹਤ ਤੋਂ ਰਵਾਇਤੀ ਸਿਆਸੀ ਧਿਰਾਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੰਥ ਅਤੇ ਪੰਜਾਬ ਦੇ ਮੁੱਦਿਆਂ ’ਤੇ ਸੱਚੀ ਤੇ ਨਿਡਰ ਆਵਾਜ਼ ਉਠਾਉਣ ਵਾਲੀ ਧਿਰ ਨਾਲ ਜੁੜ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਪਾਰਟੀ ਦਾ ਜਨ-ਅਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸੰਬੋਧਨ ਕਰਦਿਆਂ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਅੰਦਰ ਨਵੀਂ ਚੇਤਨਾ ਅਤੇ ਪੰਥਕ ਜਾਗਰੂਕਤਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਨਿਡਰ, ਸਿਧਾਂਤਕ ਅਤੇ ਪੰਜਾਬ ਪੱਖੀ ਸੋਚ ਵਾਲੀ ਅਗਵਾਈ ਕਾਰਨ ਅੱਜ ਪੰਜਾਬ ਦੇ ਹਰ ਵਰਗ ਦਾ ਵਿਸ਼ਵਾਸ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ “ਪੰਥ ਬਚਾਓ, ਪੰਜਾਬ ਬਚਾਓ” ਮੁਹਿੰਮ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ 2027 ਵਿੱਚ ਪੰਥਕ ਸਰਕਾਰ ਚਾਹੁੰਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਪੰਥਕ ਲਹਿਰ ਹੋਰ ਵੀ ਮਜ਼ਬੂਤ ਹੋ ਕੇ ਉਭਰੇਗੀ। ਬੁਲਾਰਿਆਂ ਨੇ ਆਪਣੇ ਸੰਬੋਧਨਾਂ ਵਿੱਚ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ, ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ।