ਨਵੀਂ ਦਿੱਲੀ- ਕਰਨਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਵਫਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਵਫਦ ਨੇ ਨਿਹੰਗ ਸਿੰਘਾਂ ਨਾਲ ਕਥਿਤ ਦੁਰਵਿਵਹਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ, ਜਿਸ ’ਤੇ ਮੁੱਖ ਮੰਤਰੀ ਨੇ ਜਾਂਚ ਪੂਰੀ ਹੋਣ ਤੱਕ ਦੋਸ਼ੀ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਭਰੋਸਾ ਦਿੱਤਾ। ਮਾਮਲੇ ਦੀ ਜਾਂਚ ਡੀਆਈਜੀ ਯਸ਼ਵੰਤ ਚੌਹਾਨ ਅਤੇ ਐਸਐਸਪੀ ਨਵਨੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਸਮੇਤ ਉੱਤਰਾਖੰਡ ਦੇ ਸਾਰੇ ਗੁਰਧਾਮਾਂ ਦੀ ਯਾਤਰਾ ਸ਼ਾਂਤਮਈ ਢੰਗ ਨਾਲ ਜਾਰੀ ਰਹੇਗੀ ਅਤੇ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਸਿੱਖ ਮਸਲਿਆਂ ਦੀ ਪੈਰਵੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਧਾਮੀ ਨੇ ਵੀ ਭਰੋਸਾ ਦਿੱਤਾ ਕਿ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਰਕਾਰ ਵਚਨਬੱਧ ਹੈ ਅਤੇ ਇਸ ਮਾਮਲੇ ਦੀ ਨਿਗਰਾਨੀ ਖੁਦ ਮੁੱਖ ਮੰਤਰੀ ਅਤੇ ਡੀਜੀਪੀ ਪੱਧਰ ’ਤੇ ਕੀਤੀ ਜਾ ਰਹੀ ਹੈ।