ਅੰਮ੍ਰਿਤਸਰ -ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਅੰਮ੍ਰਿਤਸਰ ਹਲਕਾ ਦੱਖਣੀ ਵਿੱਚ ਸਰਪੰਚ ਸ੍ਰ. ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਇੱਕ ਵਿਸ਼ਾਲ ਪੰਥਕ ਇਕੱਤਰਤਾ ਕਰਵਾਈ ਗਈ। ਇਸ ਇਕੱਤਰਤਾ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਨੌਜਵਾਨਾਂ, ਪੰਥਕ ਸੋਚ ਵਾਲੇ ਸਾਥੀਆਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਚੇਚੇ ਤੌਰ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਮਾਤਾ ਬਲਵਿੰਦਰ ਕੌਰ ਜੀ, ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਭਰਾਤਾ ਭਾਈ ਹਰਪ੍ਰੀਤ ਸਿੰਘ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਅਮਰਜੀਤ ਸਿੰਘ ਵੰਨਚਿੜੀ ਭਾਈ ਹਰਭਜਨ ਸਿੰਘ ਤੁੜ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸਵਰਨ ਸਿੰਘ ਗੋਲਡਨ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਰਛਪਾਲ ਸਿੰਘ, ਭਾਈ ਜਸਵਿੰਦਰ ਸਿੰਘ ਕਾਹਨੂੰਵਾਨ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਪਰਮਜੀਤ ਸਿੰਘ ਵਣੀਏਕੇ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਮਹਿੰਦਰਪਾਲ ਸਿੰਘ ਤੁੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਮਾਤਾ ਬਲਵਿੰਦਰ ਕੌਰ ਜੀ ਨੇ ਕਿਹਾ ਕਿ ਅੱਜ ਪੰਜਾਬ ਅਜਿਹੇ ਦੌਰ ਵਿੱਚੋਂ ਲੰਘ ਰਿਹਾ ਹੈ ਜਿੱਥੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਪਟੜੀ ਤੋਂ ਉਤਰਦੀ ਨਜ਼ਰ ਆ ਰਹੀ ਹੈ। ਆਏ ਦਿਨ ਕਤਲ, ਲੁੱਟਾਂ-ਖੋਹਾਂ, ਗੈਂਗਵਾਰ, ਫਿਰੌਤੀਆਂ ਅਤੇ ਹੋਰ ਅਪਰਾਧਿਕ ਘਟਨਾਵਾਂ ਵਿੱਚ ਹੋ ਰਹੇ ਵਾਧੇ ਨੇ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨੀ ਹੁੰਦੀ ਹੈ, ਪਰ ਮੌਜੂਦਾ ਹਾਲਾਤ ਇਸਦੇ ਉਲਟ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਵੱਡਾ ਖਤਰਾ ਨਸ਼ਿਆਂ ਦੀ ਵਧਦੀ ਲਤ ਤੋਂ ਹੈ। ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਧੱਕੀ ਜਾ ਰਹੀ ਹੈ, ਜਿਸ ਕਾਰਨ ਅਨੇਕਾਂ ਘਰ ਬਰਬਾਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਨੂੰ ਸਖ਼ਤੀ ਨਾਲ ਨਾ ਰੋਕਿਆ ਗਿਆ ਤਾਂ ਪੰਜਾਬ ਦਾ ਭਵਿੱਖ ਗੰਭੀਰ ਸੰਕਟ ਵਿੱਚ ਪੈ ਸਕਦਾ ਹੈ। ਮਾਤਾ ਬਲਵਿੰਦਰ ਕੌਰ ਜੀ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਹੋ ਕੇ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇੱਕਜੁੱਟ ਹੋਣ। ਇਸ ਮੌਕੇ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਨੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਵਿਸ਼ਾਲ ਪੰਥਕ ਇਕੱਤਰਤਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਪੰਜਾਬ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹਨ ਅਤੇ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਨੂੰ ਇਕੱਠਾ ਕਰਕੇ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿੱਚ ਪਾਰਟੀ ਦਾ ਜਨ ਅਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪੱਧਰ 'ਤੇ ਲੋਕਾਂ ਨੂੰ ਜੋੜਿਆ ਜਾਵੇਗਾ। ਉਨ੍ਹਾਂ ਸਮੂਹ ਹਾਜ਼ਰ ਸੰਗਤ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਚੰਗੇ ਭਵਿੱਖ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ।