ਨਵੀਂ ਦਿੱਲੀ - ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ 16 ਜੂਨ ਨੂੰ ਵਾਪਰੇ ਵਿਵਾਦ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਨਿਹੰਗ ਸਿੰਘਾਂ ਨੂੰ ਅੱਜ 27 ਜੂਨ ਨੂੰ ਗੋਪੇਸ਼ਵਰ ਜ਼ਿਲ੍ਹਾ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਹਨ। ਹਾਲਾਂਕਿ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਜਾਰੀ ਰਹੇਗੀ ਅਤੇ ਅਗਲੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੋਵੇਗੀ।ਜ਼ਿਕਰਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੇ ਨਿਹੰਗ ਸਿੰਘਾਂ ਦਾ ਕਰਨਪ੍ਰਯਾਗ ਬਾਜ਼ਾਰ ਵਿੱਚ ਕੁਝ ਸਥਾਨਕ ਲੋਕਾਂ ਨਾਲ ਵਿਵਾਦ ਹੋ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਚਾਰ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਨਿਹੰਗ ਸਿੰਘਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਉੱਤਰਾਖੰਡ ਵੱਲ ਰਵਾਨਾ ਹੋਏ ਸਨ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਗ੍ਰਿਫ਼ਤਾਰ ਸਿੰਘਾਂ ਨੂੰ ਰਿਹਾ ਨਾ ਕੀਤਾ ਗਿਆ ਤਾਂ ਵੱਡੇ ਪੱਧਰ 'ਤੇ ਮੁੜ ਉੱਤਰਾਖੰਡ ਕੂਚ ਕੀਤਾ ਜਾਵੇਗਾ। ਇਸ ਵੇਲੇ ਕਈ ਨਿਹੰਗ ਸਿੰਘ ਪਾਉਂਟਾ ਸਾਹਿਬ ਵਿਖੇ ਟਿਕੇ ਹੋਏ ਸਨ ਅਤੇ ਅਦਾਲਤੀ ਫ਼ੈਸਲੇ ਦੀ ਉਡੀਕ ਕਰ ਰਹੇ ਸਨ। ਅਦਾਲਤ ਵੱਲੋਂ ਚਾਰੋਂ ਨਿਹੰਗ ਸਿੰਘਾਂ ਨੂੰ ਜ਼ਮਾਨਤ ਮਿਲਣ ਨੂੰ ਨਿਹੰਗ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਜਥੇਬੰਦਕ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਗਠਿਤ ਅਤੇ ਸ਼ਾਂਤਮਈ ਢੰਗ ਨਾਲ ਕੀਤੇ ਗਏ ਸੰਘਰਸ਼ ਨੇ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਉਠਾਇਆ, ਜਦਕਿ ਅੰਤਿਮ ਫ਼ੈਸਲਾ ਅਦਾਲਤ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਹੀ ਆਵੇਗਾ।