ਬਰਨਾਲਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ ਇਬਾਰਤ ਲਿਖਣ ਲਈ ਤਿਆਰ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਆਗਾਜ਼ ਨਾਲ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ ਫੋਨਾਂ 'ਤੇ ਮੈਸੇਜ ਆਉਣੇ ਸ਼ੁਰੂ ਹੋ ਜਾਣਗੇ, ਕਿਉਂਕਿ ਤਿੰਨ ਮਹੀਨਿਆਂ ਦੀ 'ਸਤਿਕਾਰ ਰਾਸ਼ੀ' ਇੱਕੋ ਕਿਸ਼ਤ ਵਜੋਂ ਹਰ ਔਰਤ ਦੇ ਬੈਂਕ ਖਾਤੇ ਵਿੱਚ 3, 000 ਰੁਪਏ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 4, 500 ਰੁਪਏ ਜਮ੍ਹਾਂ ਕੀਤੇ ਜਾ ਰਹੇ ਹਨ।
ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਮਾਣ-ਸਨਮਾਨ ਅਤੇ ਵਿੱਤੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਤੇਜ਼ ਵਿਕਾਸ ਤੋਂ ਬੁਖਲਾਏ ਵਿਰੋਧੀ ਸੂਬੇ ਦੀ ਤਰੱਕੀ ਵਿੱਚ ਰੋੜਾ ਅਟਕਾਉਣ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ।
ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ ਲੋਕ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ, ਤਾਂ ਉਨ੍ਹਾਂ ਦੇ ਪੂਰੇ ਭਾਸ਼ਣ ਦੌਰਾਨ ਲੋਕਾਂ ਨੇ ਨਾਅਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਲੋਕਾਂ ਦਾ ਇਕੱਠ ਇੰਨਾ ਜ਼ਿਆਦਾ ਸੀ ਕਿ ਪੰਡਾਲ ਵਿੱਚ ਜਗ੍ਹਾ ਘਟ ਗਈ, ਜਿਸ ਕਾਰਨ ਸੈਂਕੜੇ ਸਮਰਥਕਾਂ ਨੂੰ ਨੇੜਲੇ ਘਰਾਂ ਅਤੇ ਇਮਾਰਤਾਂ ਦੀਆਂ ਛੱਤਾਂ ਤੋਂ ਰੈਲੀ ਦੇਖਣੀ ਪਈ। ਉਹ ਮੁੱਖ ਮੰਤਰੀ ਦੇ ਸਮਰਥਨ ਵਿੱਚ ਪੋਸਟਰ ਲਹਿਰਾਉਂਦੇ ਰਹੇ ਅਤੇ ਉਨ੍ਹਾਂ ਦੀਆਂ ਗੱਲਾਂ ਦਾ ਉਤਸ਼ਾਹ ਨਾਲ ਜਵਾਬ ਦਿੰਦੇ ਰਹੇ। ਰੈਲੀ ਵਾਲੀ ਥਾਂ ਦੇ ਆਲੇ-ਦੁਆਲੇ ਦੀ ਹਰ ਛੱਤ ’ਤੇ ਲੋਕਾਂ ਦਾ ਵੱਡਾ ਇਕੱਠ ਸੀ।
ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, "ਇਕ ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਆਉਣੇ ਸ਼ੁਰੂ ਹੋ ਜਾਣਗੇ। 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹਰ ਔਰਤ ਨੂੰ 1, 000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1, 500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਇਹ ਰਕਮ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਦੀਆਂ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ ਬਜਟ ਵਿੱਚ 9, 300 ਕਰੋੜ ਰੁਪਏ ਰੱਖੇ ਹਨ।"
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਮਾਣ-ਸਨਮਾਨ ਅਤੇ ਵਿੱਤੀ ਤੌਰ 'ਤੇ ਆਤਮ-ਨਿਰਭਰ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ, "ਇਹ ਯੋਜਨਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਸਵੈ-ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ। ਮਾਵਾਂ ਤੇ ਭੈਣਾਂ ਦੀਆਂ ਅਸੀਸਾਂ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।"
'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਦੇ ਪਾਸ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਜਿਸ ਨੇ ਮੈਨੂੰ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਦਾ ਸੁਭਾਗ ਬਖਸ਼ਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਹਰ ਘਟਨਾ ਨੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਸੀ। ਪ੍ਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਕਾਨੂੰਨ ਲਿਆਉਣ ਦੀ ਬਲ-ਬੁੱਧੀ ਬਖਸ਼ੀ।
ਭਵਿੱਖ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਸਾਡੀ ਸਰਕਾਰ ਨੇ ਇਸ ਕਾਨੂੰਨ ਨੂੰ ਬਹੁਤ ਸੋਚ-ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀ ਇਸ ਨੂੰ ਕਮਜ਼ੋਰ ਨਾ ਕਰ ਸਕੇ। ਇਹ ਕਾਨੂੰਨ ਸਮਾਜ ਵਿਰੋਧੀ ਅਨਸਰਾਂ ਲਈ ਇੱਕ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਦੁਬਾਰਾ ਹਿੰਮਤ ਨਾ ਕਰੇ। ਪਹਿਲਾਂ ਬੇਅਦਬੀ ਦੇ ਕਸੂਰਵਾਰ ਇਹ ਆਖ ਕੇ ਸਜ਼ਾ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਦੀ ਦਿਮਾਗੀ ਸਥਿਤੀ ਠੀਕ ਨਹੀਂ ਹੈ ਜਾਂ ਉਹ ਮਾਨਸਿਕ ਤੌਰ 'ਤੇ ਬੀਮਾਰ ਹਨ। ਪਰ ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ 'ਤੇ ਬਿਮਾਰ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਕਿਉਂ ਨਹੀਂ ਹੱਥ ਪਾਉਂਦਾ?”
ਵਿਰੋਧੀਆਂ 'ਤੇ ਆਪਣਾ ਸ਼ਬਦੀ ਹਮਲਾ ਜਾਰੀ ਰੱਖਦਿਆਂ ਉਨ੍ਹਾਂ ਕਿਹਾ, “ਅਕਾਲੀ ਬੇਅਦਬੀ ਵਿਰੋਧੀ ਕਾਨੂੰਨ ਦਾ ਪੂਰੀ ਵਾਹ ਲਾ ਕੇ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਅਤੀਤ ਵਿੱਚ ਕੀਤੇ ਗੁਨਾਹਾਂ ਦਾ ਜਵਾਬ ਦੇਣਾ ਪਵੇਗਾ। ਉਹ ਬੇਅਦਬੀ ਦੀਆਂ ਸਾਜ਼ਿਸ਼ਾਂ ਘੜਨ ਵਾਲੀਆਂ ਦੇਸ਼-ਵਿਰੋਧੀ ਤਾਕਤਾਂ ਨਾਲ ਮਿਲੇ ਹੋਏ ਸਨ। ਹੁਣ ਇਨ੍ਹਾਂ ਆਗੂਆਂ ਨੂੰ ਆਪਣੇ ਮਾੜੇ ਕੰਮਾਂ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ, ਜਿਸ ਕਰਕੇ ਉਹ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਇਸ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ, ਕੋਈ ਵੀ ਵਿਰੋਧ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ ਅਤੇ ਮੈਂ ਇਸ ਮੰਤਵ ਲਈ ਇਸੇ ਤਰ੍ਹਾਂ ਹਰ ਸੰਭਵ ਯਤਨ ਜਾਰੀ ਰੱਖਾਂਗਾ।”
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸ਼ੇਖ ਚਿੱਲੀ ਦੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ। ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖਣ ਦੀ ਬਜਾਏ ਹੁਣ ਉਨ੍ਹਾਂ ਦੇ ਪਰਿਵਾਰ ਦੀ ਜੇਲ੍ਹ ਜਾਣ ਦੀ ਵਾਰੀ ਹੈ। ਉਹ ਦਿਨ ਗਏ ਜਦੋਂ ਇਹ ਪਾਰਟੀਆਂ ਕੁਰਸੀ ਦੀ ਖੇਡ ਖੇਡਦੀਆਂ ਸਨ ਅਤੇ ਰਾਜ ਕਰਨ ਲਈ ਆਪਣੀ ਵਾਰੀ ਉਡੀਕਦੀਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਇਨ੍ਹਾਂ ਲੋਕਾਂ ਨੇ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ, ਜਿਸ ਕਰਕੇ ਇਨ੍ਹਾਂ ਦੇ ਕਾਲੇ ਕਾਰਨਾਮੇ ਕਦੇ ਸਾਹਮਣੇ ਨਹੀਂ ਆਏ। ਅੱਜ ਲੋਕਾਂ ਨੇ 'ਆਪ' ਨੂੰ ਚੁਣਿਆ ਹੈ ਅਤੇ ਪਾਰਟੀ ਦਾ ਚੋਣ ਨਿਸ਼ਾਨ 'ਝਾੜੂ' ਪੰਜਾਬ ਦੇ ਸਿਆਸੀ ਸਿਸਟਮ ਦੀ ਸਫਾਈ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ ਜਦੋਂ ਅਕਾਲੀ ਆਪਣੇ ਪਾਪਾਂ ਬਦਲੇ ਸਲਾਖਾਂ ਪਿੱਛੇ ਹੋਣਗੇ।
ਉਨ੍ਹਾਂ ਅੱਗੇ ਕਿਹਾ, “ਸੁਖਬੀਰ ਬਾਦਲ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸੁਖ-ਸਹੂਲਤਾਂ ਅਤੇ ਆਲੀਸ਼ਾਨ ਮਾਹੌਲ ਵਿੱਚ ਗੁਜ਼ਾਰਿਆ ਹੈ। ਇਹ ਕਾਨਵੈਂਟ ਸਕੂਲਾਂ ‘ਚ ਪੜ੍ਹੇ ਲਿਖੇ ਰਾਜਨੀਤਕ ਆਗੂ ਹਨ ਜੋ ਸੂਬੇ ਦੇ ਦੀ ਆਮ ਭੂਗੋਲਿਕ ਸਥਿਤੀ ਤੋਂ ਵੀ ਵਾਕਫ਼ ਨਹੀਂ ਹਨ, ਪਰ ਫਿਰ ਵੀ ਇਹ ਪੰਜਾਬ 'ਤੇ ਰਾਜ ਕਰਨਾ ਚਾਹੁੰਦੇ ਹਨ। ਜੇ ਬਾਕੀ ਸਭ ਛੱਡ ਵੀ ਦੇਈਏ, ਸਾਬਕਾ ਉਪ ਮੁੱਖ ਮੰਤਰੀ ਤਾਂ ਸੂਬੇ ਦੀਆਂ ਆਮ ਫ਼ਸਲਾਂ ਵਿੱਚ ਵੀ ਫਰਕ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਪੰਜਾਬ ਦੇ ਬੁਨਿਆਦੀ ਮੁੱਦਿਆਂ ਬਾਰੇ ਕੋਈ ਸਮਝ ਨਹੀਂ।
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ 'ਤੇ ਹੈ ਅਤੇ ਜਲਦੀ ਹੀ ਖੁਦ-ਬ-ਖੁਦ ਖਤਮ ਹੋ ਜਾਵੇਗੀ ਕਿਉਂਕਿ ਇਸ ਕੋਲ ਨਾ ਤਾਂ ਲੋਕਾਂ ਲਈ ਅਤੇ ਨਾ ਹੀ ਪੰਜਾਬ ਲਈ ਕੋਈ ਵਿਜ਼ਨ ਹੈ। ਇਸ ਦਾ ਇੱਕੋ ਇੱਕ ਉਦੇਸ਼ ਹਮੇਸ਼ਾ ਸੱਤਾ ਹਥਿਆਉਣਾ ਅਤੇ ਸੂਬੇ ਦੇ ਖਜ਼ਾਨੇ ਨੂੰ ਲੁੱਟਣਾ ਰਿਹਾ ਹੈ, ਪਰ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ। ਕਾਂਗਰਸ ਇੱਕ ਖੇਰੂੰ-ਖੇਰੂੰ ਹੋਇਆ ਘਰ ਹੈ ਜੋ ਆਪਣੇ ਅੰਦਰੂਨੀ ਕਾਟੋ-ਕਲੇਸ਼ ਨਾਲ ਹੀ ਢਹਿ-ਢੇਰੀ ਹੋ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਤੇ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਆਪਸ ਵਿੱਚ ਲੜ ਰਹੇ ਧੜਿਆਂ ਨੂੰ ਇੱਕਜੁੱਟ ਕਰਨ ਲਈ ਇੱਥੇ ਆਉਣ ਵਾਲੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਸੂਬੇ ਦੇ ਇਨ੍ਹਾਂ ਆਗੂਆਂ ਦੇ ਨਾਵਾਂ ਦਾ ਸਹੀ ਉਚਾਰਨ ਕਰਨਾ ਤੱਕ ਵੀ ਨਹੀਂ ਆਉਂਦਾ।
ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।