ਨਵੀਂ ਦਿੱਲੀ- ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਾਈਕਾਟ ਸਬੰਧੀ ਦਿੱਲੀ ਭਰ ਦੇ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ. ਸਰਨਾ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਸੰਗਤ ਤੱਕ ਪਹੁੰਚਾਉਣਾ ਅਤੇ ਪੰਥਕ ਮਰਯਾਦਾ ਅਨੁਸਾਰ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰ ਦਿੱਲੀ ਦੇ ਵੱਖ-ਵੱਖ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾ ਕੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਜਾਣੂ ਕਰਵਾ ਰਹੇ ਹਨ। ਉਨ੍ਹਾਂ ਦਿੱਲੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕਿਸੇ ਸਿਆਸੀ ਲਾਭ ਲਈ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਅਨੁਸ਼ਾਸਨ ਅਤੇ ਧਾਰਮਿਕ ਮਰਯਾਦਾ ਦੀ ਰੱਖਿਆ ਲਈ ਚਲਾਈ ਜਾ ਰਹੀ ਪਹਿਲ ਹੈ। ਸ. ਸਰਨਾ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਹੁਕਮ ਜਾਰੀ ਹੁੰਦਾ ਹੈ ਤਾਂ ਉਸ ਦੀ ਪਾਲਣਾ ਕਰਨਾ ਹਰ ਸਿੱਖ ਦਾ ਧਾਰਮਿਕ ਫ਼ਰਜ਼ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਹੁਦੇ ਅਤੇ ਸਿਆਸੀ ਤਾਕਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਸਰਵਉੱਚਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।