ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਾਹਿਬਾਨ ਦੇ ਸਤਿਕਾਰ ਵਿਰੁੱਧ ਕੀਤੀ ਹਰਕਤ ਦੀ ਵਾਇਰਲ ਵੀਡੀਓ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਸਿੰਘ ਮਾਨ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪਰਚਾ ਦਰਜ਼ ਕਰਨ ਵਾਸਤੇ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਤੁਰੰਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਸ਼ਿਕਾਇਤ ਅੱਜ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਸ. ਅਮਰਬੀਰ ਸਿੰਘ ਰਾਏ (ਆਈ.ਪੀ.ਐਸ.) ਸਪੈਸ਼ਲ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸ. ਲਖਬੀਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਸ ਵਿਵਾਦਤ ਵੀਡੀਓ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਸ ਗੁਰੂ ਸਾਹਿਬਾਨ ਦੀਆਂ ਪ੍ਰਚਲਿਤ ਤਸਵੀਰਾਂ ਉੱਪਰ ਸ਼ਰਾਬ ਛਿੜਕਣ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਰੂਪ ਨਾਲ ਕੀਤੀ ਘਿਨਾਉਣੀ ਹਰਕਤ ਕਾਰਨ ਸੰਸਾਰ ਭਰ ਵਿਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮਾਮਲੇ ਨੂੰ ਦਬਾਉਣ ਲਈ ਮੁੱਖ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਵੀ ਸਾਜ਼ਿਸ਼ ਰਚੀ, ਜਿਸ ਸਬੰਧੀ ਹਰਿਆਣਾ ’ਚ ਗੁਰੂਗ੍ਰਾਮ ਦੇ ਡੀ.ਐੱਲ.ਐੱਫ. ਥਾਣੇ ਵਿਚ ਸਬੰਧਤ ਵਿਅਕਤੀਆਂ ਵਿਰੁੱਧ ਐੱਫ.ਆਈ.ਆਰ. ਵੀ ਦਰਜ ਹੋ ਚੁੱਕੀ ਹੈ। ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਲਈ ਭਾਰਤੀ ਕਾਨੂੰਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਤੁਰੰਤ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ, ਤਾਂ ਜੋ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਅਤੇ ਕਾਨੂੰਨ ਦੀ ਮਰਯਾਦਾ ਬਰਕਰਾਰ ਰਹੇ।
ਡੀ.ਜੀ.ਪੀ. ਦਫ਼ਤਰ ’ਚ ਸ਼ਿਕਾਇਤ ਦੇਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ 27 ਜੂਨ 2026 ਨੂੰ ਹੋਈ ਜਰਨਲ ਇਕੱਤਰਤਾ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਸੇ ਮਤੇ ਦੀ ਰੌਸ਼ਨੀ ਅੱਜ ਡੀ.ਜੀ.ਪੀ. ਪੰਜਾਬ ਦੇ ਨਾਂ ਇਹ ਸ਼ਿਕਾਇਤ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਇਨ੍ਹਾਂ ਦੀ ਸਰਕਾਰ ਵੱਲੋਂ ਜਾਅਲੀ ਰਿਪੋਰਟ ਤਿਆਰ ਕਰਵਾ ਕੇ ਇਸ ਮਾਮਲੇ ਨੂੰ ਪ੍ਰਭਾਵਿਤ ਕਰਨ ਦੀ ਘਿਨਾਉਣੀ ਹਰਕਤ ਕੀਤੀ ਗਈ, ਜਿਸ ਸਬੰਧੀ ਹਰਿਆਣਾ ਪੁਲਿਸ ਵੱਲੋਂ ਪਰਚਾ ਵੀ ਦਰਜ ਸਿੱਖ ਹੋ ਚੁੱਕਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਇਹ ਸੰਸਾਰ ਭਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੈ ਅਤੇ ਇਸ ਸਬੰਧੀ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।