ਨਵੀਂ ਦਿੱਲੀ - 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਉਪਰ ਭਾਰਤੀ ਫੌਜ ਵਲੋਂ ਪਹਿਲੇ ਹਮਲੇ ਕੀਤੇ ਜਾਣ ਦੀ ਇਤਿਹਾਸਕ ਘਟਨਾਵਾਂ ਦੀ ਯਾਦ ਵਿੱਚ ਕੈਨੇਡਾ, ਅਮਰੀਕਾ, ਬਰਤਾਨੀਆ, ਆਸਟ੍ਰੇਲੀਆ, ਨਿਊਜ਼ੀਲੈਂਡ ਸਮੇਤ ਕਈ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਅਤੇ ਕੌਂਸਲੇਟਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਇਸ ਅਧਿਆਇ ਨੂੰ ਕਦੇ ਵੀ ਵਿਸਾਰਿਆ ਨਹੀਂ ਜਾ ਸਕਦਾ ਅਤੇ ਇਸ ਦੀ ਯਾਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਯੂਕੇ ਦੇ ਜਲਾਵਤਨੀ ਆਗੂ ਭਾਈ ਪਰਮਜੀਤ ਸਿੰਘ ਪੰਮਾ ਨੇ ਦੋਸ਼ ਲਗਾਇਆ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ । ਵੈਨਕੂਵਰ ਵਿਖੇ ਭਾਰਤੀ ਕੌਂਸਲੇਟ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਆਪਣੇ ਸੰਬੋਧਨ ਦੌਰਾਨ ਦੋਸ਼ ਲਗਾਇਆ ਕਿ 4 ਜੁਲਾਈ 1955 ਨੂੰ ਭਾਰਤ ਦੇ ਤਤਕਾਲੀਨ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਅਤੇ ਪੰਜਾਬ ਦੇ ਤਤਕਾਲੀਨ ਮੁੱਖ ਮੰਤਰੀ ਭੀਮ ਸੈਨ ਸੱਚਰ ਦੇ ਕਾਰਜਕਾਲ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਦਰ ਪੁਲਿਸ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਭੁਲਾ ਦੇਣਾ ਇਤਿਹਾਸ ਨਾਲ ਬੇਇਨਸਾਫ਼ੀ ਹੋਵੇਗੀ ਅਤੇ ਇਨ੍ਹਾਂ ਬਾਰੇ ਜਾਗਰੂਕਤਾ ਫੈਲਾਉਣਾ ਸਮੇਂ ਦੀ ਮੰਗ ਹੈ। ਬੁਲਾਰਿਆਂ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ, ਸ਼ਹਾਦਤਾਂ ਅਤੇ ਗੁਰਧਾਮਾਂ ਦੀ ਮਰਯਾਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰ ਸਕਦੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਅਤੇ ਪੰਥਕ ਚੇਤਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। 5 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਪੰਥਕ ਸੰਸਥਾ ਹੈ, ਜੋ ਹਰ ਯੁੱਗ ਵਿੱਚ ਸੱਚ, ਨਿਆਂ ਅਤੇ ਜ਼ੁਲਮ ਦੇ ਵਿਰੋਧ ਦੀ ਆਵਾਜ਼ ਬਣੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਅਤੇ ਗੁਰਮਰਯਾਦਾ ਦੀ ਰਾਖੀ ਲਈ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹਮੇਸ਼ਾ ਸਰਵੋਪਰੀ ਰਹੇਗੀ। ਇਸ ਮੌਕੇ ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਹਰਨੇਕ ਸਿੰਘ, ਭਾਈ ਸੁਲਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਬਰਾੜ, ਭਾਈ ਪਵਨਦੀਪ ਸਿੰਘ, ਭਾਈ ਗੁਰਦੀਪ ਸਿੰਘ ਅਤੇ ਭਾਈ ਬਹਾਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਮਰਥਕ ਹਾਜ਼ਰ ਸਨ।