ਨਵੀਂ ਦਿੱਲੀ-ਆਸਟ੍ਰੇਲੀਆ ਦੇ ਮੈਲਬਰਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਮਾਰਵਲ ਸਟੇਡੀਅਮ ਦੇ ਬਾਹਰ ਖਾਲਿਸਤਾਨ ਸਮਰਥਕਾਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਪ੍ਰਦਰਸ਼ਨ "ਮੈਲਬਰਨ ਮੀਟਸ ਮੋਦੀ" ਸਮਾਗਮ ਦੇ ਸਮਾਨਾਂਤਰ ਹੋਏ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਭਾਰਤੀ ਭਾਈਚਾਰੇ ਦੇ ਲੋਕ ਇਕੱਠੇ ਹੋਏ ਸਨ। ਭਾਰਤ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਿੱਖ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਉਭਾਰਿਆ। ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਕਥਿਤ ਕਾਰਵਾਈਆਂ ਅਤੇ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।ਖਾਲਿਸਤਾਨ ਸਮਰਥਕਾਂ ਤੋਂ ਇਲਾਵਾ, ਹਿਊਮਨ ਰਾਈਟਸ ਵਾਚ ਅਤੇ ਐਮਨੈਸਟੀ ਇੰਟਰਨੈਸ਼ਨਲ ਸਮੇਤ ਮਨੁੱਖੀ ਅਧਿਕਾਰਾਂ ਨਾਲ ਜੁੜੇ ਕਾਰਕੁਨਾਂ ਨੇ ਵੀ ਭਾਰਤ ਵਿੱਚ ਘੱਟ ਗਿਣਤੀਆਂ ਦੇ ਹੱਕਾਂ, ਨਾਗਰਿਕ ਆਜ਼ਾਦੀਆਂ ਅਤੇ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਵੱਖ-ਵੱਖ ਤਖ਼ਤੀਆਂ ਅਤੇ ਬੈਨਰਾਂ ਰਾਹੀਂ ਆਪਣਾ ਵਿਰੋਧ ਦਰਜ ਕਰਵਾਇਆ। ਪ੍ਰਦਰਸ਼ਨ ਦੌਰਾਨ "ਮੋਦੀ ਗੋ ਬੈਕ" ਅਤੇ ਹੋਰ ਨਾਅਰੇ ਗੂੰਜਦੇ ਰਹੇ। ਇਸੇ ਦੌਰਾਨ ਸੋਸ਼ਲ ਮੀਡੀਆ 'ਤੇ ਵੱਡੀ ਗਿਣਤੀ ਵਿੱਚ ਵੀਡੀਓਜ਼ ਵਾਇਰਲ ਹੋਈਆਂ, ਜਿਨ੍ਹਾਂ ਬਾਰੇ ਦਾਅਵਾ ਕੀਤਾ ਗਿਆ । ਪ੍ਰਦਰਸ਼ਨ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਆਸਟ੍ਰੇਲੀਆਈ ਪੁਲਿਸ ਮੌਕੇ 'ਤੇ ਤਾਇਨਾਤ ਰਹੀ।