ਨਵੀਂ ਦਿੱਲੀ - ਜੰਤਰ-ਮੰਤਰ 'ਤੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਵਿਦਿਆਰਥੀਆਂ 'ਤੇ ਅੱਜ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ਦੀ ਮੰਗ ਕਰਨ ਵਾਲੇ ਨੌਜਵਾਨਾਂ ਨਾਲ ਅਪਰਾਧੀਆਂ ਵਰਗਾ ਵਿਹਾਰ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਹੈ ਅਤੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਜ਼ਿੱਦ ਅਤੇ ਹੰਕਾਰ ਕਾਰਨ ਦੇਸ਼ ਦੇ ਭਵਿੱਖ ਨਾਲ ਖੇਡ ਰਹੀ ਹੈ। ਜਿਨ੍ਹਾਂ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਕਲਮਾਂ ਅਤੇ ਰੁਜ਼ਗਾਰ ਹੋਣਾ ਚਾਹੀਦਾ ਹੈ, ਉਨ੍ਹਾਂ 'ਤੇ ਲਾਠੀਆਂ ਵਰ੍ਹਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੰਵਾਦ ਦੀ ਥਾਂ ਦਮਨ ਅਤੇ ਦਲੀਲ ਦੀ ਥਾਂ ਤਾਕਤ ਦਾ ਪ੍ਰਦਰਸ਼ਨ ਕਰੇਗੀ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਦੇਸ਼ ਦੇ ਭਵਿੱਖ ਨੂੰ ਹੋਵੇਗਾ। ਨੌਜਵਾਨਾਂ ਦੀ ਆਵਾਜ਼ ਨੂੰ ਕੁਚਲ ਕੇ ਕੋਈ ਵੀ ਸਰਕਾਰ ਵਿਕਾਸ ਦਾ ਦਾਅਵਾ ਨਹੀਂ ਕਰ ਸਕਦੀ। ਇਤਿਹਾਸ ਹਮੇਸ਼ਾ ਉਨ੍ਹਾਂ ਹਾਕਮਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਾ ਹੈ ਜੋ ਆਪਣੇ ਹੀ ਦੇਸ਼ ਦੇ ਵਿਦਿਆਰਥੀਆਂ ਨੂੰ ਦੁਸ਼ਮਣ ਸਮਝਣ ਲੱਗ ਪੈਂਦੇ ਹਨ। ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗਿਆਨ ਤੋਂ ਵਾਂਝਾ ਰੱਖਣ ਵਾਲੀਆਂ ਜਾਤ-ਪਾਤ ਅਤੇ ਉੱਚ-ਨੀਚ ਦੀਆਂ ਪ੍ਰਥਾਵਾਂ ਨੂੰ ਚੁਣੌਤੀ ਦਿੱਤੀ, ਜਦਕਿ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਨੂੰ ਜ਼ੁਲਮ ਦੇ ਵਿਰੁੱਧ ਡਟਣ ਅਤੇ ਹਰ ਪੀੜਤ ਦੀ ਰੱਖਿਆ ਕਰਨ ਦਾ ਸੰਦੇਸ਼ ਦਿੱਤਾ। ਇਸੇ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਵਿੱਚ ਸਿੱਖਿਆ, ਗਿਆਨ ਅਤੇ ਲੋਕ-ਭਲਾਈ ਨੂੰ ਰਾਜ ਪ੍ਰਬੰਧ ਦੀ ਨੀਂਹ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਖਾਲਸਾ ਰਾਜ ਦੀ ਸੋਚ ਗਿਆਨ ਦੇ ਦਰਵਾਜ਼ੇ ਖੋਲ੍ਹਣ ਦੀ ਸੀ, ਜਦਕਿ ਅੱਜ ਵਿਦਿਆਰਥੀਆਂ ਦੀ ਆਵਾਜ਼ ਨੂੰ ਡੰਡਿਆਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਸਿੱਖਿਆ ਅਤੇ ਰੁਜ਼ਗਾਰ ਨੂੰ ਹੌਲੀ-ਹੌਲੀ ਕਾਰਪੋਰੇਟ ਹਿੱਤਾਂ ਦੇ ਹਵਾਲੇ ਕਰਕੇ ਗਰੀਬ ਅਤੇ ਮੱਧਵਰਗੀ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ 'ਤੇ ਬੈਠੇ ਵਿਦਿਆਰਥੀਆਂ ਦਾ ਸੰਘਰਸ਼ ਸਿਰਫ਼ ਨੌਕਰੀਆਂ ਦਾ ਨਹੀਂ, ਸਗੋਂ ਬਰਾਬਰੀ, ਸਨਮਾਨ ਅਤੇ ਭਵਿੱਖ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸੀਏਏ -ਐਨਆਰਸੀ ਅੰਦੋਲਨ, ਕੋਵਿਡ ਮਹਾਮਾਰੀ, ਕਿਸਾਨ ਅੰਦੋਲਨ ਅਤੇ ਕੁਦਰਤੀ ਆਫ਼ਤਾਂ ਦੌਰਾਨ ਸਿੱਖ ਕੌਮ ਨੇ ਬਿਨਾਂ ਕਿਸੇ ਭੇਦਭਾਵ ਦੇ ਲੰਗਰ ਅਤੇ ਮਨੁੱਖਤਾ ਦੀ ਸੇਵਾ ਕਰਕੇ ਆਪਣਾ ਫ਼ਰਜ਼ ਨਿਭਾਇਆ। ਅੱਜ ਵੀ ਸਮਾਂ ਮੰਗ ਕਰਦਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਭਾਵਾਂ, ਨੌਜਵਾਨ ਜਥੇਬੰਦੀਆਂ ਅਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦਿੱਲੀ ਦੀਆਂ ਸਮੂਹ ਸਿੱਖ ਸੰਗਤਾਂ ਜੰਤਰ-ਮੰਤਰ ਪਹੁੰਚ ਕੇ ਗੁਰੂ ਕੇ ਲੰਗਰ, ਪੀਣ ਵਾਲੇ ਪਾਣੀ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਦਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਖਾਲਸੇ ਦੀ ਪਛਾਣ ਹਰ ਉਸ ਥਾਂ ਖੜ੍ਹਨ ਵਿੱਚ ਹੈ ਜਿੱਥੇ ਜ਼ੁਲਮ ਦੇ ਮੁਕਾਬਲੇ ਇਨਸਾਫ਼ ਦੀ ਆਵਾਜ਼ ਉੱਠਦੀ ਹੈ ਅਤੇ ਅੱਜ ਦਾ ਸਮਾਂ ਵੀ ਉਸੇ ਪਰੰਪਰਾ ਨੂੰ ਨਿਭਾਉਣ ਦਾ ਹੈ।