ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਅਪੀਲ ਕੀਤੀ ਹੈ ਕਿ ਘੱਟ ਗਿਣਤੀ ਵਿਦਿਆਰਥੀਆਂ ਵਾਸਤੇ ਟਿਊਸ਼ਨ ਫੀਸ ਰੀਇੰਬਰਸਮੈਂਟ ਸਕੀਮ ਵਿਚ ਬਿਨੈ ਕਰਨ ਦੀ ਤਾਰੀਕ ਵਿਚ ਦੋ ਮਹੀਨੇ ਦਾ ਵਾਧਾ ਕੀਤਾ ਜਾਵੇ। ਇਥੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਨੂੰ ਲਿਖੇ ਪੱਤਰ ਵਿਚ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਟਿਊਸ਼ਨ ਫੀਸ ਰੀਇੰਬਰਸਮੈਂਟ ਸਕੀਮ ਲਈ ਬਿਨੈ ਕਰਨ ਦੀ ਤਾਰੀਕ 30 ਜੂਨ ਨੂੰ ਖ਼ਤਮ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਸਕੀਮ ਲਈ ਬਿਨੈ ਕਰਨ ਤੋਂ ਵਾਂਝੇ ਰਹਿ ਗਏ ਹਨ ਜਿਸ ਵਾਸਤੇ ਇਸ ਸਕੀਮ ਤਹਿਤ ਬਿਨੈ ਕਰਨ ਦੀ ਤਾਰੀਕ ਵਿਚ ਦੋ ਮਹੀਨੇ ਦਾ ਵਾਧਾ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਸਕੀਮ ਲਈ ਬਿਨੈ ਕਰਨ ਵਾਸਤੇ ਮਾਪਿਆਂ ਨੂੰ 3 ਲੱਖ ਰੁਪਏ ਸਾਲਾਨਾ ਆਮਦਨੀ ਸਰਟੀਫਿਕੇਟ ਵਿਚ ਵੀ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਸਾਰੇ ਹਾਲਾਤਾਂ ਨੂੰ ਵੇਖਦਿਆਂ ਜ਼ਰੂਰੀ ਹੈ ਕਿ ਸਕੀਮ ਲਈ ਬਿਨੈ ਕਰਨ ਦੀ ਤਾਰੀਕ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਘੱਟ ਗਿਣਤੀ ਵਿਦਿਆਰਥੀ ਵੱਧ ਤੋਂ ਵੱਧ ਸਕੀਮ ਦਾ ਲਾਭ ਲੈ ਸਕਣ। ਉਹਨਾਂ ਆਸ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਇਸ ਪਾਸੇ ਧਿਆਨ ਦੇਣਗੇ ਅਤੇ ਸਕੀਮ ਲਈ ਲੋੜੀਂਦੇ ਹੁਕਮ ਜਾਰੀ ਕਰਨਗੇ।