ਨਵੀਂ ਦਿੱਲੀ - ਬਹੁਜਨ ਦ੍ਰਾਵਿੜ ਪਾਰਟੀ (ਬੀਡੀਪੀ) ਨੇ ਦਿੱਲੀ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ 'ਤੇ ਹਮਲਾ ਕਰਾਰ ਦਿੱਤਾ ਹੈ। ਪਾਰਟੀ ਦੇ ਰਾਸ਼ਟਰੀ ਆਗੂ ਜੀਵਨ ਸਿੰਘ ਤਮਿਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦਾ ਜਵਾਬ ਦੇਣ ਦੀ ਬਜਾਏ ਪੁਲਿਸ ਬਲ ਦੇ ਸਹਾਰੇ ਲੋਕਾਂ ਦੀ ਆਵਾਜ਼ ਦਬਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਕਿਸੇ ਵੀ ਤਰ੍ਹਾਂ ਦਾ ਝੂਠਾ ਬਿਰਤਾਂਤ ਖੜ੍ਹਾ ਕਰ ਸਕਦੀ ਹੈ। ਬੀਡੀਪੀ ਨੇ ਇਸ ਮੌਕੇ 'ਤੇ ਦਿੱਲੀ ਦੇ ਸਿੱਖ ਭਾਈਚਾਰੇ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਭਾਵਿਤ ਵਿਦਿਆਰਥੀਆਂ ਨੂੰ ਭੋਜਨ ਅਤੇ ਸੁਰੱਖਿਅਤ ਆਸਰਾ ਦੇ ਕੇ ਉਨ੍ਹਾਂ ਨੇ ਮਨੁੱਖਤਾ ਅਤੇ ਭਾਈਚਾਰਕ ਏਕਤਾ ਦੀ ਮਿਸਾਲ ਪੇਸ਼ ਕੀਤੀ ਹੈ। ਪਾਰਟੀ ਨੇ ਚੇਤਾਵਨੀ ਦਿੱਤੀ ਕਿ ਜੇ ਨੌਜਵਾਨਾਂ ਦੀ ਆਵਾਜ਼ ਨੂੰ ਲਾਠੀਆਂ ਨਾਲ ਦਬਾਉਣ ਦੀ ਕੋਸ਼ਿਸ਼ ਜਾਰੀ ਰਹੀ ਤਾਂ ਦੇਸ਼ ਦੀ ਜਨਤਾ ਇਸ ਦਾ ਜਵਾਬ ਲੋਕਤੰਤਰੀ ਤਰੀਕੇ ਨਾਲ ਜ਼ਰੂਰ ਦੇਵੇਗੀ।