ਨਵੀਂ ਦਿੱਲੀ-ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਫ਼ਦ ਵਿਚਕਾਰ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਗੱਲਬਾਤ ਦਾ ਤੀਜਾ ਦੌਰ ਹੋਇਆ। ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ।
ਜੇਪੀ ਨੱਡਾ ਨੇ ਪੋਸਟ ਵਿੱਚ ਕਿਹਾ ਕਿ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਫ਼ਦ ਨਾਲ ਗੱਲਬਾਤ ਦਾ ਤੀਜਾ ਦੌਰ ਅੱਜ ਸਮਾਪਤ ਹੋਇਆ। ਵਫ਼ਦ ਨੇ ਅੰਦੋਲਨ ਨਾਲ ਸਬੰਧਤ ਮਾਮਲਿਆਂ ਨੂੰ ਕਵਰ ਕਰਦੇ ਹੋਏ ਆਪਣਾ ਪੰਜ-ਨੁਕਾਤੀ ਪ੍ਰਸਤਾਵ ਪੇਸ਼ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪ੍ਰਬੰਧਕਾਂ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਅੰਦੋਲਨ ਦੇ ਸਬੰਧ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਆਪਣੀਆਂ ਜਾਨਾਂ ਗੁਆਉਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਸੰਭਵ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰੀਖਿਆ ਅਤੇ ਸਿੱਖਿਆ ਸੁਧਾਰਾਂ ਸੰਬੰਧੀ ਪੰਜ-ਨੁਕਾਤੀ ਪ੍ਰਸਤਾਵ ਦਾ ਸਕਾਰਾਤਮਕ ਜਵਾਬ ਦਿੱਤਾ ਹੈ ਅਤੇ ਵਫ਼ਦ ਨਾਲ ਚਰਚਾ ਜਾਰੀ ਰੱਖੇਗੀ। ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਵਿਰੋਧ ਪ੍ਰਦਰਸ਼ਨ ਨੂੰ ਸ਼ਾਂਤੀਪੂਰਵਕ ਖਤਮ ਕਰਨ ਅਤੇ ਗੱਲਬਾਤ ਪ੍ਰਕਿਰਿਆ ਨੂੰ ਜਾਰੀ ਰੱਖਣ ਦੇਣ।
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਦੱਸਿਆ ਕਿ NEET ਮੁੱਦੇ 'ਤੇ ਪ੍ਰਦਰਸ਼ਨਕਾਰੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਦਾ ਤੀਜਾ ਦੌਰ ਅੱਜ ਸ਼ਾਮ ਸਫਲਤਾਪੂਰਵਕ ਸਮਾਪਤ ਹੋਇਆ, ਜਿਸ ਤੋਂ ਬਾਅਦ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਵਿਰੋਧ ਪ੍ਰਦਰਸ਼ਨ ਨੂੰ ਤੁਰੰਤ ਖਤਮ ਕਰਨ ਦਾ ਐਲਾਨ ਕੀਤਾ ਗਿਆ।
ਮੀਟਿੰਗ ਦੁਪਹਿਰ 3:30 ਵਜੇ ਕੰਸਟੀਚਿਊਸ਼ਨ ਕਲੱਬ ਵਿਖੇ ਹੋਈ। ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਵਫ਼ਦ ਦੀਆਂ ਮੰਗਾਂ ਅਤੇ ਪੇਪਰ ਲੀਕ ਨੂੰ ਰੋਕਣ ਲਈ ਉਪਾਵਾਂ 'ਤੇ ਚਰਚਾ ਕੀਤੀ ਗਈ।
ਕੇਂਦਰੀ ਮੰਤਰੀਆਂ ਜੇ.ਪੀ. ਨੱਡਾ ਅਤੇ ਡਾ. ਜਿਤੇਂਦਰ ਸਿੰਘ ਨੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੀਆਂ ਮੰਗਾਂ 'ਤੇ ਚਰਚਾ ਕੀਤੀ। ਸੀ.ਜੇ.ਪੀ. ਦੀ ਨੁਮਾਇੰਦਗੀ ਕਰ ਰਹੇ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਸੀ.ਜੇ.ਪੀ. ਦੀਆਂ ਮੰਗਾਂ ਦੀ ਇੱਕ ਅਪਡੇਟ ਕੀਤੀ ਸੂਚੀ ਸਰਕਾਰ ਨੂੰ ਸੌਂਪੀ, ਜਿਸਨੂੰ ਸਰਕਾਰ ਨੇ ਸਵੀਕਾਰ ਕਰ ਲਿਆ।