ਪੰਜਾਬ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | July 25, 2026 11:30 PM

ਮੋਗਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ  ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪਿਛਲੇ ਚਾਰ ਸਾਲਾਂ ਵਿੱਚ ਜਿੱਤੇ ਭਰੋਸੇ ਨੂੰ ਦਰਸਾਉਂਦਾ ਹੈ।

ਮੋਗਾ ਦੇ ਪਿੰਡ ਚੜਿੱਕ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 90 ਫੀਸਦੀ ਘਰਾਂ ਲਈ ਮੁਫ਼ਤ ਬਿਜਲੀ, 10 ਲੱਖ ਰੁਪਏ ਦੀ 'ਮੁੱਖ ਮੰਤਰੀ ਸਿਹਤ ਯੋਜਨਾ', ਔਰਤਾਂ ਲਈ ਵਿੱਤੀ ਸਹਾਇਤਾ, ਨਹਿਰੀ ਸਿੰਚਾਈ ਦਾ ਰਿਕਾਰਡ ਵਿਸਥਾਰ, ਮੈਰਿਟ 'ਤੇ ਪਾਰਦਰਸ਼ੀ ਸਰਕਾਰੀ ਭਰਤੀ ਅਤੇ ਸਰਕਾਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਰਗੇ ਇਨਕਲਾਬੀ ਕਦਮਾਂ ਨੇ ਜ਼ਮੀਨੀ ਪੱਧਰ 'ਤੇ ਵੱਡਾ ਬਦਲਾਅ ਲਿਆਂਦਾ ਹੈ, ਜਿਸ ਨਾਲ ਰਾਜ ਵਿੱਚ ਵਿਰੋਧੀ ਧਿਰਾਂ ਦਾ ਰਾਜਨੀਤਿਕ ਵਜੂਦ ਖ਼ਤਮ ਹੋ ਗਿਆ ਹੈ।

ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: “ਅੱਜ ਇਤਿਹਾਸਕ ਪਿੰਡ ਚੜਿੱਕ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮਿਲੇ ਅਥਾਹ ਪਿਆਰ ਅਤੇ ਵਿਸ਼ਾਲ ਇਕੱਠ ਲਈ ਤਹਿ ਦਿਲੋਂ ਧੰਨਵਾਦ। ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 100 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਪੰਜਾਬ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1, 090 ਹੋ ਗਈ ਹੈ।”

ਪੋਸਟ ਦੇ ਅੰਤ ਵਿੱਚ ਲਿਖਿਆ ਗਿਆ, “ਖੇਤਾਂ ਤੱਕ 88 ਫੀਸਦੀ ਨਹਿਰੀ ਪਾਣੀ ਪਹੁੰਚਾਉਣਾ, 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਦੇਣਾ ਅਤੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇਣਾ ਸਾਡੀਆਂ ਮੁੱਖ ਤਰਜੀਹਾਂ ਹਨ। ਅਸੀਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਨਕਲਾਬ ਜ਼ਿੰਦਾਬਾਦ।”

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਰੋਧੀ ਪਾਰਟੀਆਂ ਲਾੜੇ ਤੋਂ ਬਿਨਾਂ ਜੰਝ ਵਾਂਗ ਹਨ। ਹਾਲਾਂਕਿ ਇਹ ਸੱਤਾ ਲਈ ਲੜ ਰਹੇ ਹਨ, ਪਰ ਇਹਨਾਂ ਕੋਲ ਕੋਈ ਇੱਕ ਵੀ ਆਗੂ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਤਿੰਨ-ਚਾਰ ਧੜਿਆਂ ਵਿੱਚ ਵੰਡਿਆ ਜਾ ਚੁੱਕਾ ਹੈ, ਜਦਕਿ ਕਾਂਗਰਸੀ ਆਗੂ ਇੱਕ ਦੂਜੇ ਦੀ ਸ਼ਕਲ ਦੇਖਣਾ ਪਸੰਦ ਨਹੀਂ ਕਰਦੇ। ਇਹ ਸੱਤਾ ਦੇ ਭੁੱਖੇ ਨੇਤਾ ਸਿਰਫ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਅਜਿਹਾ ਕਦੇ ਨਹੀਂ ਹੋਣ ਦੇਣਗੇ।”

ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਕਾਨਵੈਂਟ ਸਕੂਲ ਦੇ ਪੜ੍ਹੇ-ਲਿਖੇ ਰਾਜਨੇਤਾ ਹਨ, ਜਿਨ੍ਹਾਂ ਨੂੰ ਸੂਬੇ ਦੇ ਬੁਨਿਆਦੀ ਭੂਗੋਲ ਦਾ ਵੀ ਗਿਆਨ ਨਹੀਂ ਹੈ, ਫਿਰ ਵੀ ਉਹ ਇੱਥੇ ਰਾਜਨੀਤਿਕ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਸਭ ਛੱਡੋ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਮੁੱਖ ਫ਼ਸਲਾਂ ਵਿੱਚ ਵੀ ਫ਼ਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਪੰਜਾਬ ਦੇ ਬੁਨਿਆਦੀ ਮੁੱਦਿਆਂ ਦੀ ਬਹੁਤ ਘੱਟ ਸਮਝ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਨੇਤਾਵਾਂ ਨੇ ਨਾ ਸਿਰਫ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕੀਤੀ, ਸਗੋਂ ਰਿਪੋਰਟਾਂ ਅਨੁਸਾਰ ਨਸ਼ਾ ਵੇਚਣ ਜਾਂ ਵੰਡਣ ਲਈ ਸਰਕਾਰੀ ਗੱਡੀਆਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਨਾ-ਬਖਸ਼ਣਯੋਗ ਗੁਨਾਹ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਨ੍ਹਾਂ ਤਾਕਤਾਂ ਨਾਲ ਮਿਲੇ ਹੋਏ ਹਨ ਜੋ ਸਿੱਖ ਪੰਥ ਤੇ ਪੰਜਾਬ ਦੀਆਂ ਵਿਰੋਧੀ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਮੇਰੇ ਖਿਲਾਫ ਇੱਕਜੁੱਟ ਹੋ ਗਏ ਹਨ ਕਿਉਂਕਿ ਉਹ ਮੇਰੀ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਪਹਿਲਕਦਮੀਆਂ ਤੋਂ ਖਾਰ ਖਾਂਦੇ ਹਨ।”

 ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਪੰਜਾਬ ਲਈ ਨਾ ਤਾਂ ਕੋਈ ਏਜੰਡਾ ਹੈ ਅਤੇ ਨਾ ਹੀ ਲੋਕਾਂ ਲਈ ਕੋਈ ਪ੍ਰੋਗਰਾਮ। ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ 'ਤੇ ਹੈ ਅਤੇ ਬਹੁਤ ਛੇਤੀ ਖ਼ਤਮ ਹੋ ਜਾਵੇਗੀ ਕਿਉਂਕਿ ਇਸ ਕੋਲ ਲੋਕਾਂ ਜਾਂ ਸੂਬੇ ਲਈ ਕੋਈ ਏਜੰਡਾ ਨਹੀਂ ਹੈ। ਇਸ ਦਾ ਇਕੋ-ਇਕ ਮਕਸਦ ਸੱਤਾ 'ਚ ਆ ਕੇ ਪੰਜਾਬ ਦੀ ਦੌਲਤ ਲੁੱਟਣਾ ਹੈ, ਪਰ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ। ਕਾਂਗਰਸ ਇੱਕ ਖਿੰਡਰਿਆ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਰਕੇ ਢਹਿ ਢੇਰੀ ਹੋ ਜਾਵੇਗਾ। ਇਹ ਬਹੁਤ ਅਫਸੋਸਜਨਕ ਹੈ ਕਿ ਸੱਤਾ ਦੀ ਖਾਤਰ ਲੜ ਰਹੇ ਇਹਨਾਂ ਨੇਤਾਵਾਂ ਨੂੰ ਇੱਕ ਕਰਨ ਆਏ ਕਾਂਗਰਸ ਦੇ ਵੱਡੇ ਨੇਤਾਵਾਂ ਨੂੰ ਇਹਨਾਂ ਦੇ ਨਾਂ ਬੋਲਣੇ ਵੀ ਨਹੀਂ ਆਉਂਦੇ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਭਰ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ, “ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਆਮ ਲੋਕਾਂ ਦੀ ਜੇਬ ਵਿੱਚੋਂ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਸਾਡੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਪੰਜਾਬ, ਦੇਸ਼ ਦਾ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਮੇਰੀ ਸਰਕਾਰ ਦਾ ਇੱਕੋ-ਇੱਕ ਏਜੰਡਾ ਸੂਬੇ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।”

ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਜ਼ਿੰਮੇਵਾਰੀ ਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਉਨ੍ਹਾਂ ਲਈ ਚੰਗੇ ਜੀਵਨ ਬਣਾਉਣ ਦੇ ਮੌਕੇ ਪੈਦਾ ਕਰਨਾ ਹੈ। “ਮੇਰੇ ਦੁਆਰਾ ਦਸਤਖਤ ਕੀਤੀ ਗਈ ਹਰ ਫਾਈਲ ਦਾ ਮਕਸਦ ਆਮ ਆਦਮੀ ਅਤੇ ਸੂਬੇ ਨੂੰ ਲਾਭ ਪਹੁੰਚਾਉਣਾ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ 68, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੁਆਰਾ ਲਿਆ ਗਿਆ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ।”

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਦੇ ਲਾਗੂ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਕਾਲ ਪੁਰਖ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੂੰ ਇਹ ਇਤਿਹਾਸਕ ਕਾਨੂੰਨ ਲਿਆਉਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ, “ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਲੱਖਾਂ ਲੋਕਾਂ ਦੇ ਹਿਰਦੇ ਵਲੂੰਧਰੇ ਗਏ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਬਲ-ਬੁੱਧੀ ਬਖਸ਼ੀ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਬਿੱਲ ਬਹੁਤ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਕਿ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਾਨੂੰਨੀ ਚੋਰ-ਮੋਰੀ ਇਸ ਨੂੰ ਕਮਜ਼ੋਰ ਨਾ ਕਰ ਸਕੇ। ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਹਰਕਤਾਂ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗਾ ਅਤੇ ਕੋਈ ਵੀ ਦੋਬਾਰਾ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। ਪਹਿਲਾਂ ਲੋਕ ਇਹ ਦਾਅਵਾ ਕਰਕੇ ਸਜ਼ਾ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਦਾ ਦਿਮਾਗ਼ੀ ਸੰਤੁਲਨ ਖ਼ਰਾਬ ਸੀ ਜਾਂ ਉਹ ਮਾਨਸਿਕ ਤੌਰ 'ਤੇ ਬੀਮਾਰ ਸਨ। ਹਾਲਾਂਕਿ, ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ 'ਤੇ ਅਸੰਤੁਲਿਤ ਹੈ, ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਨਿਸ਼ਾਨਾ ਕਿਉਂ ਬਣਾਉਂਦਾ ਹੈ? ਉਹ ਕਿਸੇ ਟ੍ਰੇਨ ਦੇ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਚੱਲਦੀਆਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਛੂਹੰਦਾ?”

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਇਸ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਵਿੱਚ ਕੀਤੇ ਗੁਨਾਹਾਂ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ, “ਅਕਾਲੀ ਉਨ੍ਹਾਂ ਵੰਡਪਾਊ ਤਾਕਤਾਂ ਨਾਲ ਮਿਲੇ ਹੋਏ ਸਨ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਬੇਅਦਬੀ ਦੀਆਂ ਸਾਜ਼ਿਸ਼ਾਂ ਰਚੀਆਂ ਸਨ। ਹੁਣ ਇਹਨਾਂ ਨੇਤਾਵਾਂ ਨੂੰ ਆਪਣੇ ਮਾੜੇ ਕਾਰਨਾਮਿਆਂ ਦਾ ਖਮਿਆਜ਼ਾ ਭੁਗਤਨਾ ਪਵੇਗਾ, ਜਿਸ ਕਰਕੇ ਇਹ ਲੋਕ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ, ਇਹ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ, ਅਤੇ ਮੈਂ ਉਨ੍ਹਾਂ ਦੇ ਹਿੱਤ ਵਿੱਚ ਹਰ ਸੰਭਵ ਯਤਨ ਕਰਦਾ ਰਹਾਂਗਾ।”

ਆਪਣੇ ਸੰਬੋਧਨ ਦੇ ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦਾ ਸ਼ੋਸ਼ਣ ਕਰਨ ਵਾਲਿਆਂ ਨੂੰ ਵਾਰ-ਵਾਰ ਰੱਦ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਨੇ ਵਾਰੋ-ਵਾਰੀ ਲੁੱਟਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਲੰਮਾ ਸਮਾਂ ਮੂਰਖ ਬਣਾਇਆ, ਪਰ ਸੂਬੇ ਦੇ ਸੂਝਵਾਨ ਲੋਕ ਹੁਣ ਉਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਝਾਂਸੇ 'ਚ ਨਹੀਂ ਆਉਣ ਵਾਲੇ। ਇਹ ਹੰਕਾਰੀ ਨੇਤਾ ਹਮੇਸ਼ਾ ਲੋਕਾਂ ਨੂੰ ਪੱਕੀ ਵੋਟ ਬੈਂਕ ਸਮਝਦੇ ਰਹੇ ਅਤੇ ਅੰਤ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਵਗਾਹ ਮਾਰਿਆ। ਅੱਜ ਇਹ ਮੌਕਾਪ੍ਰਸਤ ਨੇਤਾ ਹੈਰਾਨ-ਪ੍ਰੇਸ਼ਾਨ ਹਨ ਕਿਉਂਕਿ ਲੋਕ ਹੁਣ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਉਨ੍ਹਾਂ ਦਾ ਏਜੰਡਾ ਹਮੇਸ਼ਾ ਲੋਕਾਂ ਦੀ ਭਲਾਈ ਦੀ ਬਜਾਏ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਹੀ ਸੀਮਤ ਰਿਹਾ ਹੈ।”

Have something to say? Post your comment

 
 
 
 

ਪੰਜਾਬ

ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ਜਿੱਤ ਹੈ; ਪੀਐਮ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ-ਚੀਮਾ

ਪੰਜਾਬ ਸਰਕਾਰ ਵੱਲੋਂ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 'ਤੇ ਪੁੱਜੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਬਾਣੀਕਾਰਾਂ ਬਾਰੇ ਪੁਸਤਕਾਂ ਡਾ. ਸ ਪ ਸਿੰਘ ਤੇ ਪਰਵਾਸੀ ਲੇਖਕ ਗੁਰਬਚਨ ਸਿੰਘ ਨੂੰ ਕ ਕ ਬਾਵਾ ਤੇ ਗੁਰਭਜਨ ਗਿੱਲ ਵੱਲੋਂ ਭੇਂਟ

ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜੀ ਸਕਦਾ- ਪਰਗਟ ਸਿੰਘ ਗਰੇਵਾਲ

ਵਾਤਵਰਣ ਸੰਭਾਲ 'ਤੇ ਸ਼ੁੱਧਤਾ ਲਈ ਮਾਨਵਤਾ ਭਲਾਈ ਸੇਵਾ ਸੁਸਾਇਟੀ ਵੱਲੋ ਲਗਾਇਆ ਗਿਆ ਬੂਟਿਆਂ ਦਾ ਲੰਗਰ

ਸਰਕਾਰਾਂ ਨੂੰ ਦੇਸ਼ ਦੇ ਭਵਿੱਖ ਨੌਜਵਾਨਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ- ਰਵੀਇੰਦਰ ਸਿੰਘ

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ