BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀ: ਮੁੱਖ ਮੰਤਰੀ ਮਾਨ

ਕੌਮੀ ਮਾਰਗ ਬਿਊਰੋ | July 31, 2026 10:18 PM

ਸੁਨਾਮ ਊਧਮ ਸਿੰਘ ਵਾਲਾ-ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸ਼ਾਮਲ ਹਨ। ਇਸ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਿਆਂ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਰੋਜ਼ਗਾਰ ਮੁਹੱਈਆ ਕਰਵਾਉਣਾ ਹੀ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੇਠਲੇ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਕੀਤਾ।

ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਅੱਜ ਇੱਕ ਵੱਡਾ ਦਿਨ ਹੈ ਕਿਉਂਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਹਾ ਹੈ। ਪੰਜਾਬ ਸਰਕਾਰ ਨੇ ਸੁਨਾਮ ਦੀ ਇਸ ਪਵਿੱਤਰ ਧਰਤੀ ਦੀ ਚੋਣ ਕੀਤੀ ਹੈ, ਜਿੱਥੇ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਹੋਇਆ ਸੀ। ਬਚਪਨ ਤੋਂ ਹੀ ਮੈਂ ਆਪਣੇ ਪਿਤਾ ਜੀ ਨਾਲ ਇਸ ਧਰਤੀ 'ਤੇ ਆਉਂਦਾ ਰਿਹਾ ਹਾਂ।"

ਮੁੱਖ ਮੰਤਰੀ ਨੇ ਸਾਂਝਾ ਕੀਤਾ, "ਜਦੋਂ ਮੈਂ 1993 ਵਿੱਚ ਪਹਿਲੀ ਵਾਰ ਇੰਗਲੈਂਡ ਗਿਆ ਸੀ ਤਾਂ ਮੈਂ ਖਾਸ ਤੌਰ 'ਤੇ ਕੈਕਸਟਨ ਹਾਲ ਗਿਆ ਸੀ ਜਿੱਥੇ ਸ਼ਹੀਦ ਊਧਮ ਸਿੰਘ ਜੀ ਨੇ 21 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਓ'ਡਵਾਇਰ ਨੂੰ ਗੋਲੀ ਮਾਰੀ ਸੀ।"

ਸੁਤੰਤਰਤਾ ਸੰਗਰਾਮੀਆਂ ਦੇ ਆਦਰਸ਼ਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਆਪ ਸਰਕਾਰ ਦੇਸ਼ ਦੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜ਼ਾਦੀ ਦੇ ਲਗਭਗ 80 ਸਾਲਾਂ ਬਾਅਦ ਵੀ ਦੇਸ਼ ਮਹਾਨ ਰਾਸ਼ਟਰੀ ਨੇਤਾਵਾਂ ਦੇ ਸੁਪਨਿਆਂ ਨੂੰ ਪੂਰਾ ਨਹੀਂ ਕਰ ਸਕਿਆ ਹੈ। ਹਾਲਾਂਕਿ, ਅਹੁਦਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਾਡੀ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।"

ਸੁਨਾਮ ਦੇ ਲੋਕਾਂ ਨੂੰ ਸਮਰਪਿਤ ਵਿਕਾਸ ਪ੍ਰੋਜੈਕਟਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੁਨਾਮ ਦੇ ਲੋਕਾਂ ਨੂੰ 107.78 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ ਗਏ ਹਨ। ਇਹਨਾਂ ਪ੍ਰੋਜੈਕਟਾਂ ਵਿੱਚ ਫੌਜ ਵਿੱਚ ਅਫਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਹਾਦਸੇ ਦੇ ਪੀੜਤਾਂ ਲਈ ਟਰੌਮਾ ਸੈਂਟਰ, ਬਲੱਡ ਬੈਂਕ ਅਤੇ ਦਵਾਈਆਂ ਦਾ ਵੇਅਰਹਾਊਸ ਸ਼ਾਮਲ ਹਨ।"

ਉਨ੍ਹਾਂ ਅੱਗੇ ਕਿਹਾ, “ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਪਿੰਡ ਚੀਮਾ ਵਿਖੇ ਰੱਖਿਆ ਗਿਆ ਹੈ। ਇਹ ਪ੍ਰੋਜੈਕਟ 98.68 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।”

ਇਸ ਸੰਸਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਸਥਾ 13.42 ਏਕੜ ਵਿੱਚ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਇਸ ਦਾ ਕੁੱਲ ਖੇਤਰਫਲ 2, 62, 542 ਵਰਗ ਫੁੱਟ ਹੈ। ਇਹ ਪੰਜਾਬ, ਖਾਸ ਕਰਕੇ ਮਾਲਵਾ ਖੇਤਰ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਰੀਅਰ ਬਣਾਉਣ ਸਬੰਧੀ ਤਿਆਰੀ ਲਈ ਵਿਸ਼ਵ ਪੱਧਰੀ ਸਿਖਲਾਈ ਸਹੂਲਤਾਂ ਪ੍ਰਦਾਨ ਕਰੇਗੀ। ਇਹ ਸੰਸਥਾ ਵਿਦਿਆਰਥੀਆਂ ਨੂੰ ਭਾਰਤੀ ਫੌਜ, ਜਲ ਸੈਨਾ, ਹਵਾਈ ਸੈਨਾ ਅਤੇ ਹੋਰ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਤਿਆਰ ਕਰੇਗੀ। ਇਸ ਵਿੱਚ 500 ਕੈਡਿਟਾਂ ਲਈ ਰਿਹਾਇਸ਼ੀ ਸਹੂਲਤ ਉਪਲਬਧ ਹੋਵੇਗੀ ਅਤੇ 250 ਮੁੰਡਿਆਂ ਤੇ 250 ਕੁੜੀਆਂ ਲਈ ਵੱਖਰੇ ਆਧੁਨਿਕ ਹੋਸਟਲ ਬਣਾਏ ਜਾਣਗੇ।”

ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਕੈਂਪਸ ਵਿੱਚ ਸਮਾਰਟ ਡਿਜੀਟਲ ਕਲਾਸਰੂਮ, ਪ੍ਰਬੰਧਕੀ ਬਲਾਕ, ਲਾਇਬ੍ਰੇਰੀ, ਸਟੱਡੀ ਹਾਲ ਅਤੇ 300 ਸੀਟਾਂ ਵਾਲਾ ਆਡੀਟੋਰੀਅਮ ਸ਼ਾਮਲ ਹੋਵੇਗਾ। ਹੋਰਨਾਂ ਸਹੂਲਤਾਂ ਵਿੱਚ ਓਪਨ-ਏਅਰ ਥੀਏਟਰ, ਕੰਟੀਨ ਅਤੇ ਡਾਇਨਿੰਗ ਹਾਲ ਸ਼ਾਮਲ ਹੋਣਗੇ। ਖੇਡ ਬੁਨਿਆਦੀ ਢਾਂਚੇ ਵਿੱਚ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਕੋਰਟ, ਇੱਕ ਸਵੀਮਿੰਗ ਪੂਲ, ਹਾਕੀ ਅਤੇ ਫੁੱਟਬਾਲ ਮੈਦਾਨ, ਸਕੁਐਸ਼ ਕੋਰਟ, ਆਧੁਨਿਕ ਜਿਮਨੇਜ਼ੀਅਮ, ਪਰੇਡ ਮੈਦਾਨ ਅਤੇ ਵਿਸ਼ੇਸ਼ ਸਰੀਰਕ ਸਿਖਲਾਈ ਸਹੂਲਤਾਂ ਸ਼ਾਮਲ ਹੋਣਗੀਆਂ।”

ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾ ਅਨੁਸ਼ਾਸਨ, ਲੀਡਰਸ਼ਿਪ, ਸਰੀਰਕ ਤੰਦਰੁਸਤੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਹ ਨੌਜਵਾਨਾਂ ਦੀ ਹੁਨਰਮੰਦ, ਅਨੁਸ਼ਾਸਿਤ ਅਤੇ ਦੇਸ਼-ਸੇਵਾ ਪ੍ਰਤੀ ਸਮਰਪਿਤ ਪੀੜ੍ਹੀ ਤਿਆਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।”

ਟਰਾਮਾ ਸੈਂਟਰ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਨਾਮ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਟਰੌਮਾ ਸੈਂਟਰ ਸਥਾਪਤ ਕੀਤਾ ਗਿਆ ਹੈ। ਇਹ ਪ੍ਰੋਜੈਕਟ 5 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਤੋਂ ਬਾਅਦ 'ਗੋਲਡਨ ਆਵਰ' ਦੌਰਾਨ ਸਮੇਂ ਸਿਰ ਅਤੇ ਮਿਆਰੀ ਇਲਾਜ ਪ੍ਰਦਾਨ ਕਰਨਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।”

ਮੁੱਖ ਮੰਤਰੀ ਨੇ ਕਿਹਾ, “ਇਸ ਸੈਂਟਰ ਵਿੱਚ 10 ਬੈੱਡ ਦੀ ਸਮਰੱਥਾ ਵਾਲੀ ਐਮਰਜੈਂਸੀ ਅਤੇ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ) ਸ਼ਾਮਲ ਹੈ ਅਤੇ ਤੁਰੰਤ ਡਾਕਟਰੀ ਸਹਾਇਤਾ ਦੀ ਜ਼ਰੂਰਤ ਵਾਲੇ ਮਰੀਜ਼ਾਂ ਲਈ ਦਿਨ-ਰਾਤ ਐਮਰਜੈਂਸੀ ਸੇਵਾਵਾਂ ਉਪਲਬਧ ਹੋਣਗੀਆਂ। ਸੈਂਟਰ ਵਿੱਚ ਵੈਂਟੀਲੇਟਰ, ਆਪ੍ਰੇਸ਼ਨ ਥੀਏਟਰ, ਡਿਜੀਟਲ ਐਕਸ-ਰੇ ਅਤੇ ਸੀਟੀ ਸਕੈਨ ਵਰਗੀਆਂ ਆਧੁਨਿਕ ਸਹੂਲਤਾਂ ਵੀ ਉਪਲੱਬਧ ਹੋਣਗੀਆਂ ਅਤੇ ਹੱਡੀਆਂ ਦੇ ਮਾਹਿਰ, ਸਰਜਨ, ਤਜਰਬੇਕਾਰ ਨਰਸਾਂ ਅਤੇ ਸਿਖਲਾਈ ਪ੍ਰਾਪਤ ਟੈਕਨੀਸ਼ੀਅਨ ਵੀ ਉਪਲਬਧ ਹੋਣਗੇ।”

ਮੈਡੀਸਨ ਵੇਅਰਹਾਊਸ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਸੁਨਾਮ ਵਿੱਚ 3.68 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਸਨ ਵੇਅਰਹਾਊਸ ਸਥਾਪਤ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਅਤੇ ਜ਼ਰੂਰੀ ਦਵਾਈਆਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਹੈ।”

ਉਨ੍ਹਾਂ ਅੱਗੇ ਕਿਹਾ, “ਵੇਅਰਹਾਊਸ ਵਿੱਚ ਇੰਸੁਲਿਨ ਇੰਜੈਕਸ਼ਨਾਂ ਅਤੇ ਹੋਰ ਤਾਪਮਾਨ ਅਧਾਰਿਤ ਸੰਵੇਦਨਸ਼ੀਲ ਦਵਾਈਆਂ ਲਈ ਆਧੁਨਿਕ ਕੋਲਡ ਚੇਨ ਸਿਸਟਮ ਅਤੇ ਕੋਲਡ ਸਟੋਰੇਜ ਸਹੂਲਤਾਂ ਸ਼ਾਮਲ ਹਨ। ਇਹ ਸੰਗਰੂਰ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਏਗਾ। ‘ਆਪ’ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਦਵਾਈਆਂ ਦਾ ਲੋੜੀਂਦਾ ਸਟਾਕ ਬਰਕਰਾਰ ਰੱਖਿਆ ਜਾਵੇਗਾ, ਜਿਸ ਨਾਲ ਮਰੀਜ਼ਾਂ ਲਈ ਸਮੇਂ ਸਿਰ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇਗੀ।”

ਸੁਨਾਮ ਵਿੱਚ ਸਥਾਪਤ ਕੀਤੇ ਗਏ ਬਲੱਡ ਬੈਂਕ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸੁਨਾਮ ਵਿੱਚ 42.19 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਬਲੱਡ ਬੈਂਕ ਸਥਾਪਿਤ ਕੀਤਾ ਗਿਆ ਹੈ। ਇਹ ਐਮਰਜੈਂਸੀ ਦੌਰਾਨ ਸੁਰੱਖਿਅਤ ਖੂਨ ਦੀ ਤੁਰੰਤ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਥਾਪਤ ਕੀਤਾ ਗਿਆ ਹੈ। ਇਹ ਬਲੱਡ ਬੈਂਕ ਐਮਰਜੈਂਸੀ ਮਰੀਜ਼ਾਂ, ਸਰਜਰੀਆਂ, ਗਰਭਵਤੀ ਔਰਤਾਂ ਅਤੇ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਸਮੇਂ ਸਿਰ ਖੂਨ ਦੀ ਸਹਾਇਤਾ ਪ੍ਰਦਾਨ ਕਰੇਗਾ। ਇਸ ਦੀ ਸਟੋਰੇਜ ਸਮਰੱਥਾ 100 ਤੋਂ 150 ਬਲੱਡ ਯੂਨਿਟ ਹੈ। ਇੱਕ ਕੰਪੋਨੈਂਟ ਸੈਪਰੇਟਰ, ਇੱਕ ਸਿੰਗਲ ਯੂਨਿਟ ਖੂਨ ਵਿੱਚੋਂ ਰੈੱਡ ਬਲੱਡ ਸੈੱਲ, ਪਲਾਜ਼ਮਾ ਅਤੇ ਪਲੇਟਲੈਟਸ ਨੂੰ ਵੱਖ-ਵੱਖ ਕਰਦਾ ਹੈ, ਜਿਸ ਨਾਲ ਅਨੇਕਾਂ ਮਰੀਜ਼ਾਂ ਨੂੰ ਲਾਭ ਹੁੰਦਾ ਹੈ।”

ਉਨ੍ਹਾਂ ਅੱਗੇ ਕਿਹਾ, “ਐੱਚ.ਆਈ.ਵੀ., ਹੈਪੇਟਾਈਟਸ-ਬੀ, ਹੈਪੇਟਾਈਟਸ-ਸੀ ਅਤੇ ਛੂਤ ਦੀਆਂ ਹੋਰ ਬਿਮਾਰੀਆਂ ਦੀ ਜਾਂਚ ਕਰਕੇ ਖੂਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਆਟੋਮੈਟਿਕ ਟੈਸਟਿੰਗ ਲੈਬਾਰਟਰੀ ਸਥਾਪਤ ਕੀਤੀ ਗਈ ਹੈ। ਬਲੱਡ ਬੈਂਕ ਨਾ ਸਿਰਫ਼ ਸੁਨਾਮ ਸਗੋਂ ਨੇੜੇ-ਤੇੜੇ ਦੇ ਪਿੰਡਾਂ ਅਤੇ ਸਮੁੱਚੇ ਖੇਤਰ ਦੀ ਸੇਵਾ ਕਰੇਗਾ, ਜੋ ਕਿ ਸਿਹਤ ਸੰਭਾਲ ਦੇ ਖੇਤਰ ਵਿੱਚ ਵਰਦਾਨ ਸਾਬਤ ਹੋਵੇਗਾ। ਪੰਜਾਬ ਸਰਕਾਰ ਮਹਾਨ ਕੌਮੀ ਆਗੂਆਂ ਦੀ ਸ਼ਾਨਦਾਰ ਵਿਰਾਸਤ ਨੂੰ ਸਦੀਵੀ ਬਰਕਰਾਰ ਰੱਖਣ ਲਈ ਵਚਨਬੱਧ ਹੈ।”

ਆਪਣੇ ਸੰਬੋਧਨ ਵਿੱਚ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਵੱਲੋਂ ਸੁਨਾਮ ਦੇ ਲੋਕਾਂ ਨੂੰ ਵਿਕਾਸ ਪ੍ਰੋਜੈਕਟਾਂ ਦਾ ਇੰਨਾ ਵੱਡਾ ਪੈਕੇਜ ਸਮਰਪਿਤ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ, “ਇਹ ਪ੍ਰੋਜੈਕਟ ਸੂਬੇ ਦੀ ਸ਼ਾਨਦਾਰ ਵਿਰਾਸਤ ਅਤੇ ਇਸ ਦੇ ਮਹਾਨ ਨਾਇਕਾਂ ਦੇ ਮਹਾਨ ਵਿਰਸੇ ਨੂੰ ਸੰਭਾਲਣ ਵਿੱਚ ਬਹੁਤ ਸਹਾਈ ਹੋਣਗੇ। ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।”

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ ਅਤੇ ਡਾ. ਬਲਬੀਰ ਸਿੰਘ ਵੀ ਸ਼ਾਮਲ ਸਨ।

Have something to say? Post your comment

 
 
 
 

ਪੰਜਾਬ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਬੈਂਸ

ਪਿਛਲੇ 12 ਸਾਲਾਂ ਤੋਂ ਨਫ਼ਰਤ, ਵਟਸਐਪ ਯੂਨੀਵਰਸਿਟੀ ਦੇ ਦਮ 'ਤੇ 'ਵੰਡਪਾਊ ਤੇ ਰਾਜ ਕਰੋ' ਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਮੀਤ ਹੇਅਰ

ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ 'ਆਪ' ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ

ਆਪ ਸਰਕਾਰ ਦੌਰਾਨ 10 ਪੇਪਰ ਹੋਏ ਲੀਕ, ਮੰਗ ਪੱਤਰ ਸੌਂਪਿਆ ਰਾਜਪਾਲ ਨੂੰ ਸੁਖਬੀਰ ਨੇ ਮੰਗੀ ਸੀਬੀਆਈ ਦੀ ਜਾਂਚ

ਅੱਠਵੇਂ ਦਿਨ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ ਮੌਕੇ “ਖੇਤੀ ਸੰਕਟ” ਬਾਰੇ ਪੁਸਤਕ ਲੋਕ ਅਰਪਣ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ- ਭਾਜਪਾ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ?-ਰਵੀਇੰਦਰ ਸਿੰਘ