ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਸੀਨੀਅਰ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਸ਼ਹੀਦ ਜਸਵੰਤ ਸਿੰਘ ਖਾਲੜਾ ਤੇ ਆਧਾਰਿਤ ਫਿਲਮ ‘ਸਤਲੁਜ’ ਨਾਲ ਜੁੜੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਸਰਕਾਰ ਤੋਂ ਜਵਾਬ ਮੰਗਿਆ ਤੇ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕੀਤਾ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸਦਨ ਵਿੱਚ ਸਵਾਲ ਕੀਤਾ ਕਿ ਮਨੁੱਖੀ ਅਧਿਕਾਰਾਂ ਦੇ ਯੋਧੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਡੀਐਸਪੀ ਜਸਪਾਲ ਸਿੰਘ ਅਤੇ ਸਬ-ਇੰਸਪੈਕਟਰ ਸਤਨਾਮ ਸਿੰਘ ਤੇ ਜਸਬੀਰ ਸਿੰਘ ਸਾਲ 2023 ਤੋਂ ਕਿੱਥੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਬਾਰੇ ਜਾਣਨ ਦਾ ਪੂਰਾ ਹੱਕ ਹੈ।
ਇਯਾਲੀ ਨੇ ਕਿਹਾ ਕਿ, ਇਨ੍ਹਾਂ ਦੋਸ਼ੀਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਰਕਾਰ ਦੁਆਰਾ ਜਨਤਕ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਿਰ ਸਰਕਾਰ ਇਸ ਮਾਮਲੇ ਉੱਤੇ ਚੁੱਪੀ ਕਿਉਂ ਧਾਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਂ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਬਾਰੇ ਕੋਈ ਸਪੱਸ਼ਟ ਜਾਣਕਾਰੀ ਕਿਉਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਦਾ ਮਾਮਲਾ ਸਿਰਫ਼ ਇੱਕ ਵਿਅਕਤੀ ਨਾਲ ਨਹੀਂ, ਸਗੋਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਦੇ ਸਵਾਲ ਨਾਲ ਜੁੜਿਆ ਹੋਇਆ ਹੈ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮਾਮਲੇ ਬਾਰੇ ਸਦਨ ਅਤੇ ਲੋਕਾਂ ਨੂੰ ਪੂਰੀ ਜਾਣਕਾਰੀ ਦੇਵੇ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ ਵਿੱਚ ਆਪਣਾ ਰੁਖ ਸਪੱਸ਼ਟ ਕਰੇ ਅਤੇ ਦੋਸ਼ੀ ਕਰਾਰ ਦਿੱਤੇ ਗਏ ਅਧਿਕਾਰੀਆਂ ਦੀ ਮੌਜੂਦਾ ਸਥਿਤੀ ਬਾਰੇ ਤੁਰੰਤ ਜਾਣਕਾਰੀ ਜਨਤਕ ਕਰੇ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਚੀਮਾ ਦੇ ਸਿਆਸੀ ਜਵਾਬ ਤੇ ਸਰਦਾਰ ਇਯਾਲੀ ਨੇ ਜ਼ਬਰਦਸਤ ਪਲਟਵਾਰ ਕਰਦੇ ਹੋਏ ਜਵਾਬ ਮੰਗਿਆ ਕਿ, ਸਰਕਾਰ ਦੱਸੇ ਦੋਸ਼ੀ ਕਿੱਥੇ ਹਨ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਵਿਧਾਨ ਸਭਾ ਅੰਦਰ ਬੋਲਦਿਆਂ, ਪੰਜਾਬ ਦੇ ਉਸ ਕਾਲੇ ਦੌਰ ਨੂੰ ਚੇਤੇ ਕਰਵਾਇਆ ਜਦੋਂ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਉਸ ਵਕਤ ਦੀ ਕਾਂਗਰਸ ਸਰਕਾਰ ਵੇਲੇ ਕੋਹ ਕੋਹ ਕੇ ਮਾਰਿਆ ਗਿਆ। ਉਸ ਕਾਲੇ ਦੌਰ ਵਿੱਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲਵਾਰਿਸ ਕਹਿ ਕੇ ਸਸਕਾਰ ਕਰ ਦਿੱਤਾ ਜਾਂਦਾ ਰਿਹਾ। ਇਹਨਾਂ ਅਣਪਛਾਤੀਆਂ ਲਾਸ਼ਾ ਲਈ ਇਨਸਾਫ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਉਸ ਵੇਲੇ ਦੀ ਸਰਕਾਰ ਨੇ ਅਣਪਛਾਤੀ ਲਾਸ਼ ਬਣਾ ਦਿੱਤਾ।ਸਰਦਾਰ ਇਯਾਲੀ ਨੇ ਕਿਹਾ ਕਿ, ਇਹ ਬਦਕਿਸਮਤੀ ਹੈ ਕਿ ਅੱਜ ਤੱਕ ਇਨਸਾਫ ਨਹੀਂ ਮਿਲ ਸਕਿਆ।