ਨਵੀਂ ਦਿੱਲੀ- “ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ” ਵਿਖੇ ਬੀਤੇ ਦਿਨ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਸ਼ਰਧਾ, ਸਤਿਕਾਰ ਅਤੇ ਗੁਰਮਤਿ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ, ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਯਾਦ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਪਾਵਨ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਕਾਲਜ ਦੇ ਚੇਅਰਮੈਨ ਬੀਬੀ ਬੀਬੀ ਰਣਜੀਤ ਕੌਰ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਨਿੱਕੀ ਉਮਰ ਵਿੱਚ ਹੀ ਮਨੁੱਖਤਾ ਦੀ ਸੇਵਾ, ਨਿਮਰਤਾ ਅਤੇ ਦਇਆ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜਿਸ ਤੋਂ ਹਰ ਵਰਗ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਮਨੁੱਖ ਦੀ ਮਹਾਨਤਾ ਉਮਰ ਜਾਂ ਅਹੁਦੇ ਨਾਲ ਨਹੀਂ, ਸਗੋਂ ਉਸ ਦੇ ਚੰਗੇ ਕਰਮਾਂ, ਸੇਵਾ-ਭਾਵਨਾ ਅਤੇ ਦੂਜਿਆਂ ਪ੍ਰਤੀ ਹਮਦਰਦੀ ਨਾਲ ਹੁੰਦੀ ਹੈ। ਉਨ੍ਹਾਂ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਬੀਬੀ ਰਣਜੀਤ ਕੌਰ ਨੇ ਅਰਦਾਸ ਕੀਤੀ ਕਿ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਮੂਹ ਸੰਗਤ ਅਤੇ ਬੱਚਿਆਂ ਉੱਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ ਅਤੇ ਸਾਰਿਆਂ ਨੂੰ ਨਾਮ ਬਾਣੀ ਨਾਲ ਜੁੜਨ ਦੀ ਦਾਤ ਬਖ਼ਸ਼ਣ। ਇਸ ਮੌਕੇ ਕਾਲਜ ਦੇ ਕੋ-ਚੇਅਰਮੈਨ ਅਮਰਜੀਤ ਸਿੰਘ ਪੱਪੂ ਅਤੇ ਡਾਇਰੈਕਟਰ ਬੀਬੀ ਰੋਮਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਵੱਲੋਂ ਵੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਵਾ, ਸਿਮਰਨ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਗ੍ਰਹਿਣ ਕਰਨ ਦੀ ਅਪੀਲ ਕੀਤੀ ਗਈ।