ਨਵੀਂ ਦਿੱਲੀ- ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ, ਅੰਬਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਮਤਿ ਚੇਤਨਾ ਲਹਿਰ ਨੇ ਸਖ਼ਤ ਰੋਸ ਪ੍ਰਗਟ ਕਰਦਿਆਂ ਗੁਰਸਿਮਰਨ ਮੰਡ ਅਤੇ ਉਸਦੇ ਪੁੱਤਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪ੍ਰਿੰਸੀਪਲ ਪਰਵਿੰਦਰ ਸਿੰਘ ਖਾਲਸਾ ਨੇ ਦੋਸ਼ ਲਾਇਆ ਕਿ ਮੰਡ ਵੱਲੋਂ ਮਨਾਹੀ ਵਾਲੀ ਥਾਂ ’ਤੇ ਜਬਰੀ ਗੱਡੀ ਲਿਜਾ ਕੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕੀਤੀ ਗਈ ਅਤੇ ਸੇਵਾਦਾਰਾਂ ਵੱਲੋਂ ਰੋਕਣ ’ਤੇ ਬਦਤਮੀਜ਼ੀ ਕੀਤੀ ਗਈ। ਉਨ੍ਹਾਂ ਅਨੁਸਾਰ ਭੀੜ ਵਿੱਚੋਂ ਗੱਡੀ ਕੱਢਣ ਦੀ ਕੋਸ਼ਿਸ਼ ਦੌਰਾਨ ਸੰਗਤ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋਇਆ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਭੜਕੀ ਸੰਗਤ ਵੱਲੋਂ ਮੰਡ ਦੀ ਕੁਟਮਾਰ ਕੀਤੀ ਗਈ, ਜਦਕਿ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਬੇਗੁਨਾਹ ਨੌਜਵਾਨਾਂ ਦੀ ਰਿਹਾਈ ਲਈ ਸਿੱਖ ਸੰਗਤਾਂ ਵੱਲੋਂ ਸ੍ਰੀ ਪੰਜੋਖੜਾ ਸਾਹਿਬ ਥਾਣੇ ਦੇ ਸਾਹਮਣੇ ਮੋਰਚਾ ਲਾਇਆ ਗਿਆ, ਜਿਸ ਦੀ ਅਗਵਾਈ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੀਤੀ। ਮੋਰਚੇ ਤੋਂ ਬਾਅਦ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਨੌਜਵਾਨਾਂ ਨੂੰ ਰਿਹਾ ਕਰ ਦਿੱਤਾ ਗਿਆ।
ਪ੍ਰਿੰਸੀਪਲ ਪਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਮਤਿ ਚੇਤਨਾ ਲਹਿਰ ਵੱਲੋਂ ਡੀ.ਜੀ.ਪੀ. ਹਰਿਆਣਾ ਅਤੇ ਹਰਿਆਣਾ ਸਰਕਾਰ ਨੂੰ ਸ਼ਿਕਾਇਤ ਦੇ ਕੇ ਮੰਗ ਕੀਤੀ ਗਈ ਹੈ ਕਿ ਗੁਰਸਿਮਰਨ ਮੰਡ ਅਤੇ ਉਸਦੇ ਪੁੱਤਰ ਵਿਰੁੱਧ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕਥਿਤ ਘਟਨਾ ਸਬੰਧੀ ਸਾਰੇ ਤੱਥਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਸਿੱਖ ਸੰਗਤ ਵੱਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਮਰਿਆਦਾ ਅਤੇ ਸੰਗਤ ਦੀ ਸੁਰੱਖਿਆ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।