ਅੰਮ੍ਰਿਤਸਰ-¸ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਲਈ ਕੇ. ਟੀ. ਕਲਾ ਅਜਾਇਬ ਘਰ, ਅੰਮ੍ਰਿਤਸਰ ਵਿਖੇ ਨਕਲੀ ਫੁੱਲ ਬਣਾਉਣ ਸਬੰਧੀ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਵਰਕਸ਼ਾਪ ’ਚ ਕਰੀਬ 10 ਵਿਦਿਆਰਥਣਾਂ ਨੇ ਭਾਗ ਲਿਆ, ਜਿਨ੍ਹਾਂ ਦੀ ਅਗਵਾਈ ਸਟਾਫ਼ ਮੈਂਬਰ ਬਵਨਪ੍ਰੀਤ ਕੌਰ ਵੱਲੋਂ ਕੀਤੀ ਗਈ।
ਇਸ ਸਬੰਧੀ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਨਕਲੀ ਫੁੱਲ ਬਣਾਉਣ ਦੀਆਂ ਵੱਖ-ਵੱਖ ਤਕਨੀਕਾਂ ਅਤੇ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਜਿਸ ਨਾਲ ਉਨ੍ਹਾਂ ਦੀ ਸਿਰਜਣਾਤਮਕਤਾ ਅਤੇ ਹੱਥਾਂ ਦੇ ਹੁਨਰ ’ਚ ਨਿਖਾਰ ਆਇਆ।
ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਇਸ ਗਤੀਵਿਧੀ ’ਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਵੀਂ ਕਲਾ ਸਿੱਖਣ ਦਾ ਅਨੁਭਵ ਪ੍ਰਾਪਤ ਕੀਤਾ। ਉਨ੍ਹਾਂ ਨੇ ਅਜਿਹੀਆਂ ਸਿੱਖਿਆਦਾਇਕ ਅਤੇ ਰਚਨਾਤਮਕ ਗਤੀਵਿਧੀਆਂ ਨੂੰ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਦੱਸਦਿਆਂ ਭਵਿੱਖ ’ਚ ਵੀ ਅਜਿਹੇ ਉਪਰਾਲਿਆਂ ਨੂੰ ਜਾਰੀ ਰੱਖਣ ਦੀ ਗੱਲ ਦੁਹਰਾਈ।