ਨਵੀਂ ਦਿੱਲੀ - ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਕਿਰਪਾਨ ਨਾਲ ਹੋਏ ਹਮਲੇ ਤੋਂ ਇਕ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕੁਝ ਤਾਕਤਾਂ ਪੰਜਾਬ ਅਤੇ ਦੇਸ਼ ਵਿੱਚ ਸ਼ਾਂਤੀ ਨਹੀਂ ਚਾਹੁੰਦੀਆਂ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਰਾਹ ਵਿੱਚ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਜਿਵੇਂ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਜਿਹੀਆਂ ਤਾਕਤਾਂ ਅੱਗੇ ਕਦੇ ਸਮਝੌਤਾ ਨਹੀਂ ਕੀਤਾ, ਉਸੇ ਤਰ੍ਹਾਂ ਉਹ ਵੀ ਪਿੱਛੇ ਨਹੀਂ ਹਟਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ ਵਿੱਚ ਭਾਈਚਾਰਕ ਸਾਂਝ, ਅਮਨ ਅਤੇ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੋ ਵਾਰ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ’ਤੇ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਪਹਿਲੀ ਘਟਨਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਹੋਈ, ਜਦਕਿ ਦੂਜੀ ਵਾਰ ਨਾਂਦੇੜ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਵੇਂ ਵਾਰ ਉਨ੍ਹਾਂ ਨੂੰ ਸਭ ਤੋਂ ਪਵਿੱਤਰ ਅਸਥਾਨਾਂ ’ਤੇ ਨਿਸ਼ਾਨਾ ਬਣਾਇਆ ਗਿਆ। ਬਾਦਲ ਨੇ ਪੰਜਾਬੀ ਕਹਾਵਤ ਦਾ ਹਵਾਲਾ ਦਿੰਦਿਆਂ ਕਿਹਾ, “ਜਿਸ ਦੇ ਸਿਰ ’ਤੇ ਗੁਰੂ ਸਾਹਿਬ ਦਾ ਹੱਥ ਹੋਵੇ, ਉਸ ਨੂੰ ਕੋਈ ਆਂਚ ਨਹੀਂ ਆਉਂਦੀ।” ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਧਰਤੀ ਹੈ ਅਤੇ ਪੰਜਾਬ ਦੀ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਗੁਰੂ ਸਾਹਿਬ ਨੇ ਉਨ੍ਹਾਂ ਦੀ ਰੱਖਿਆ ਕੀਤੀ। ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਤਰ੍ਹਾਂ ਡਰੇ ਹੋਏ ਨਹੀਂ ਹਨ ਅਤੇ ਪੰਜਾਬ ਦੇ ਭਾਈਚਾਰੇ ਅਤੇ ਅਮਨ-ਸ਼ਾਂਤੀ ਲਈ ਆਪਣਾ ਕੰਮ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਭਲਾਈ ਅਤੇ ਭਾਈਚਾਰਕ ਸਾਂਝ ਲਈ ਕਿਸੇ ਵੀ ਤਰ੍ਹਾਂ ਦਾ ਬਲਿਦਾਨ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਪੰਜਾਬ ਦਾ ਵਿਕਾਸ ਹੀ ਦੇਸ਼ ਦਾ ਵਿਕਾਸ ਹੈ। ਉਨ੍ਹਾਂ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਰਹਿੰਦਿਆਂ ਸੂਬੇ ਵਿੱਚ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦਰਮਿਆਨ ਸਾਂਝ, ਸਤਿਕਾਰ ਅਤੇ ਅਮਨ ਨੂੰ ਕਾਇਮ ਰੱਖਣ ਲਈ ਕੰਮ ਕੀਤਾ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਕੁਝ ਤਾਕਤਾਂ ਦਾ ਮਕਸਦ ਪੰਜਾਬ ਦੀ ਸਥਿਤੀ ’ਤੇ ਕਾਬੂ ਪਾਉਣਾ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਾਲ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਅਮਨ ਅਤੇ ਭਾਈਚਾਰਕ ਸਾਂਝ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਨਾਂਦੇੜ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਇੱਕ ਨਿਹੰਗ ਜਸਪਾਲ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ ਸੀ। ਹਮਲੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਦੀ ਸਥਾਨਕ ਹਸਪਤਾਲ ਵਿੱਚ ਸਰਜਰੀ ਕੀਤੀ ਗਈ। ਸ਼ੁੱਕਰਵਾਰ ਦੁਪਹਿਰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪੁਲਿਸ ਨੇ ਕਥਿਤ ਹਮਲਾਵਰ ਜਸਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਹਮਲੇ ਪਿੱਛੇ ਅਸਲ ਕਾਰਨ ਹਾਲੇ ਸਾਹਮਣੇ ਨਹੀਂ ਆਇਆ।