ਫਰੀਦਕੋਟ -ਮਿਸਲ ਸਤਲੁਜ ਪਾਰਟੀ ਵੱਲੋਂ ਅੱਜ ਫਰੀਦਕੋਟ ਵਿਖੇ ਨੇੜੇ ਘਨੱਈਆ ਚੌਂਕ ਸਥਿਤ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦੀ ਸ਼ੁਰੂਆਤ ਧਾਰਮਿਕ ਮਰਿਆਦਾ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਕੀਤੀ ਗਈ। ਇਸ ਸ਼ੁਭ ਮੌਕੇ ਤੇ ਦਫ਼ਤਰ ਦੇ ਉਦਘਾਟਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਕੀਰਤਨ ਉਪਰੰਤ ਅਰਦਾਸ ਕਰਕੇ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ ਗਿਆ।
ਇਸ ਮੌਕੇ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਫਰੀਦਕੋਟ ਵਿੱਚ ਜ਼ਿਲ੍ਹਾ ਦਫ਼ਤਰ ਦੀ ਸਥਾਪਨਾ ਮਿਸਲ ਸਤਲੁਜ ਪਾਰਟੀ ਦੀਆਂ ਸਰਗਰਮੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵੱਲ ਇੱਕ ਮਹਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਦਫ਼ਤਰ ਸਿਰਫ਼ ਮਾਹਲ ਸਤਲੁਜ ਪਾਰਟੀ ਦੀਆਂ ਗਤੀਵਿਧੀਆਂ ਦਾ ਕੇਂਦਰ ਨਹੀਂ ਹੋਵੇਗਾ, ਸਗੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਮੰਚ ਬਣੇਗਾ।
ਸ. ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪਾਰਟੀ ਦੀ ਰਾਜਨੀਤੀ ਦਾ ਕੇਂਦਰ ਸੱਤਾ ਨਹੀਂ, ਸਗੋਂ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ, ਉਦਯੋਗ ਨੂੰ ਮਜ਼ਬੂਤੀ ਅਤੇ ਸੂਬੇ ਦੇ ਸਰੋਤਾਂ ਦੀ ਪੰਜਾਬ ਦੇ ਹਿੱਤ ਵਿੱਚ ਵਰਤੋਂ ਯਕੀਨੀ ਬਣਾਉਣਾ ਮਿਸਲ ਸਤਲੁਜ ਪਾਰਟੀ ਦੀਆਂ ਮੁੱਖ ਤਰਜੀਹਾਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਉਦਯੋਗਿਕ ਪਛੜੇਵੇਂ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਵਧ ਰਹੇ ਰੁਝਾਨ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦਾ ਹੱਲ ਸਿਰਫ਼ ਬਿਆਨਾਂ ਨਾਲ ਨਹੀਂ, ਬਲਕਿ ਇਮਾਨਦਾਰ ਨੀਅਤ, ਮਜ਼ਬੂਤ ਇਰਾਦੇ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੈ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਘਰ-ਘਰ ਜਾ ਕੇ ਮਿਸਲ ਸਤਲੁਜ ਦੀਆਂ ਨੀਤੀਆਂ ਅਤੇ ਪੰਜਾਬ ਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਹਰ ਵਰਗ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਆਵਾਜ਼ ਬਣਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਪਵੇਗਾ ਅਤੇ ਪੰਜਾਬ ਦੇ ਭਵਿੱਖ ਬਾਰੇ ਫ਼ੈਸਲੇ ਵੀ ਪੰਜਾਬ ਦੀ ਧਰਤੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੋਣੇ ਚਾਹੀਦੇ ਹਨ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਮਿਸਲ ਸਤਲੁਜ ਪਾਰਟੀ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਸੁਨਹਿਰੇ ਭਵਿੱਖ, ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੀ ਖੁਸ਼ਹਾਲੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ, ਜਥੇਦਾਰ ਹਰਦੇਵ ਸਿੰਘ ਘਣੀਆਂ ਵਾਲਾ, ਮਾਨ ਸਿੰਘ, ਜ਼ਿਲ੍ਹਾ ਪ੍ਰਧਾਨ ਫਰੀਦਕੋਟ ਸਰਦਾਰ ਇਕਬਾਲ ਸਿੰਘ ਖ਼ਾਲਸਾ, ਕਿਸਾਨ ਵਿੰਗ ਦੇ ਸਕੱਤਰ ਗੁਰਮੰਤ ਸਿੰਘ, ਯੂਥ ਆਗੂ ਜਸਨੂਰ ਸਿੰਘ ਬਰਾੜ, ਮਨਪ੍ਰੀਤ ਸਿੰਘ ਫਰੀਦਕੋਟ, ਅਮਰਪ੍ਰੀਤ ਸਿੰਘ ਫਰੀਦਕੋਟ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਤੋਂ ਇਲਾਵਾ ਹਲਕਾ ਇੰਚਾਰਜ ਰਣਪਿੰਦਰਜੀਤ ਸਿੰਘ ਗੋਲਡੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਪਾਰਟੀ ਆਗੂਆਂ ਨੇ ਕਿਹਾ ਕਿ ਫਰੀਦਕੋਟ ਵਿੱਚ ਜ਼ਿਲ੍ਹਾ ਦਫ਼ਤਰ ਦੀ ਸਥਾਪਨਾ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਇਹ ਦਫ਼ਤਰ ਲੋਕਾਂ ਅਤੇ ਪਾਰਟੀ ਵਿਚਕਾਰ ਸਿੱਧੇ ਸੰਪਰਕ ਦਾ ਪੁਲ ਬਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।