ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚੀਸਤਾਨ ਦੇ ਕੋਇਟਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ, ਇਸ ਕਾਰਵਾਈ ਲਈ ਜ਼ਿੰਮੇਵਾਰੀ ਲੋਕਾਂ ਵਿਰੁੱਧ ਕਾਰਵਾਈ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉੱਤੇ ਸਕੂਲ ਚੱਲ ਰਿਹਾ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਸਿੱਖ ਆਪਣੀ ਵਿਰਾਸਤ ਨੂੰ ਭੁੱਲੇ ਹਨ। ਉਨ੍ਹਾਂ ਕਿਹਾ ਕਿ ਬਲੋਚੀਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ, ਇਸ ਲਈ ਪਾਕਿਸਤਾਨ ਸਰਕਾਰ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਵਿਰਾਸਤ ਦੀ ਸਾਂਭ ਸੰਭਾਲ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਇਹ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਹੀ ਢਾਹ ਦਿੱਤਾ ਗਿਆ ਹੈ ਅਤੇ ਇਸ ਦੀ ਜ਼ਮੀਨ ਕਿਸੇ ਨਿੱਜੀ ਕੰਪਨੀ ਨੂੰ ਸ਼ਾਪਿੰਗ ਪਲਾਜ਼ਾ ਬਣਾਉਣ ਲਈ ਸੌਂਪੀ ਗਈ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ ਕਿ ਇੱਕ ਘੱਟ-ਗਿਣਤੀ ਕੌਮ ਦੇ ਧਾਰਮਿਕ ਅਸਥਾਨ ਨੂੰ ਢਾਹ ਕੇ ਉਸ ਦੀ ਜਗ੍ਹਾ ਕਿਸੇ ਕੰਪਨੀ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਜਬਰੀ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਘੱਟ ਗਿਣਤੀ ਭਾਈਚਾਰਿਆਂ ਨਾਲ ਘੋਰ ਅਨਿਆਂ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਸਖ਼ਤ ਨੋਟਿਸ ਲੈਂਦਿਆਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਉਸੇ ਥਾਂ ਉੱਤੇ ਮੁੜ ਉਸਾਰੀ ਕਰਵਾਉਣ ਲਈ ਸਿੱਖਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉੱਤੇ ਬਣਾਏ ਜਾ ਰਹੇ ਸ਼ਾਪਿੰਗ ਪਲਾਜ਼ਾ ਦੇ ਕੰਮ ਉੱਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਆਖਿਆ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਮਾਮਲਾ ਉਠਾਉਣ ਅਤੇ ਇਸਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਨ।