ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 11, 2026 09:16 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬਸਾਂਝੇ ਅਤੇ ਪਾਵਨ ਗ੍ਰੰਥ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਧਰਮਾਂ, ਵਰਗਾਂ ਨਾਲ ਸਬੰਧਤ ਭਗਤਾਂ ਦੀ ਬਾਣੀ ਦਰਜ ਹੈ, ਜੋ ਮਨੁੱਖ ਨੂੰ ਵੰਡੀਆਂ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖ ਨੂੰ ਕਰਤਾ ਪੁਰਖ ਨਾਲ ਜੋੜਨ ਦੇ ਨਾਲ-ਨਾਲ ਸੱਚ, ਨਿਮਰਤਾ, ਸੇਵਾ, ਦਇਆ ਅਤੇ ਪਰਉਪਕਾਰ ਵਰਗੇ ਮਨੁੱਖੀ ਗੁਣਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਸੇਧ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਕੇਵਲ ਅਧਿਆਤਮਕ ਜੀਵਨ ਲਈ ਹੀ ਨਹੀਂ, ਸਗੋਂ ਸਮਾਜਿਕ ਜੀਵਨ ਨੂੰ ਵੀ ਸੁਚੱਜਾ, ਨੈਤਿਕ ਅਤੇ ਆਦਰਸ਼ ਬਣਾਉਣ ਲਈ ਪੂਰਨ ਮਾਰਗਦਰਸ਼ਨ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਨੁੱਖ ਗੁਰਬਾਣੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਮਲ ਦਾ ਹਿੱਸਾ ਬਣਾਏ ਤਾਂ ਸਮਾਜ ਵਿੱਚੋਂ ਨਫ਼ਰਤ, ਵਿਤਕਰੇ ਅਤੇ ਵੈਰ-ਵਿਰੋਧ ਨੂੰ ਦੂਰ ਕਰਕੇ ਸਾਂਝ ਅਤੇ ਸਦਭਾਵਨਾ ਵਾਲਾ ਮਾਹੌਲ ਸਿਰਜਿਆ ਜਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਆਪਣੀਆਂ ਜੀਵਨ ਦੀ ਸੇਧਾਂ ਨਿਰਧਾਰਤ ਕਰਨ, ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਅਤੇ ਖੰਡੇ ਦੀ ਪਾਹੁਲ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਵੀ ਕੀਤੀ।

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜੇਗਾ ਨਗਰ ਕੀਰਤਨ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਣਗੇ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।

Have something to say? Post your comment

 
 
 
 

ਪੰਜਾਬ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਸ਼੍ਰੋਮਣੀ ਕਮੇਟੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਕੁੰਬੜਾ ਵਿੱਚ ਜਲਦੀ ਹੀ ਬਣਾਇਆ ਜਾਵੇਗਾ ਖੇਡ ਸਟੇਡੀਅਮ- ਮੇਅਰ ਸਰਬਜੀਤ ਸਿੰਘ

ਭਾਜਪਾ ਪ੍ਰਧਾਨ ਨਿਤਿਨ ਨਵੀਨ 18 ਸਤੰਬਰ ਨੂੰ ਪਠਾਨਕੋਟ ਤੋਂ 'ਨਸ਼ਾ ਮੁਕਤ ਪੰਜਾਬ ਯਾਤਰਾ' ਨੂੰ ਹਰੀ ਝੰਡੀ ਦਿਖਾਉਣਗੇ

2,008 ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੱਕ ਹਫ਼ਤੇ ਅੰਦਰ ਵੰਡੇ ਜਾਣਗੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਪੰਜਾਬ ਦੇ ਲੋਕ ਲਾਸ਼ਾਂ 'ਤੇ ਰਾਜਨੀਤੀ ਕਦੇ ਬਰਦਾਸ਼ਤ ਨਹੀਂ ਕਰਨਗੇ: ਡਾ. ਬਲਬੀਰ ਸਿੰਘ

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਆਪ ਸਕੂਲਾਂ ਅਤੇ ਹਸਪਤਾਲਾਂ ਦੀ ਰਾਜਨੀਤੀ ਕਰਦੀ ਹੈ, ਧਰਮ ਅਤੇ ਜਾਤ ਦੀ ਨਹੀਂ: ਬਲਤੇਜ ਪੰਨੂ