ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਕੌਮੀ ਮਾਰਗ ਬਿਊਰੋ | September 17, 2026 09:11 PM

ਚੰਡੀਗੜ੍ਹ-ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ  ਵਿੱਚ 11 ਗ਼ੈਰ -ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਇਹ ਕਦਮ ਪੰਜਾਬ ਵਿੱਚ ਮਾਨਸਿਕ ਬੀਮਾਰੀ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਹੋਰ ਜਵਾਬਦੇਹ ਮਾਨਸਿਕ ਸਿਹਤ ਪ੍ਰਣਾਲੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਪਹਿਲਕਦਮੀ ਹੈ।

ਮਜ਼ਬੂਤ ਕੀਤੀ ਸਟੇਟ ਮੈਂਟਲ ਹੈਲਥ ਅਥਾਰਟੀ ਵੱਲੋਂ ਮੈਂਟਲ ਹੈਲਥਕੇਅਰ ਐਕਟ, 2017 ਦੇ ਪ੍ਰਬੰਧਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਐਕਟ ਦੇ ਅਨੁਸਾਰ ਮਾਨਸਿਕ ਸਿਹਤ ਸੇਵਾਵਾਂ ਦੀ ਨਿਗਰਾਨੀ, ਨਿਯਮਨ ਅਤੇ ਗੁਣਵੱਤਾ ਵਿੱਚ ਸੁਧਾਰ ਯਕੀਨੀ ਬਣਾਇਆ ਜਾਵੇਗਾ। ਸੂਬਾ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਾਨਸਿਕ ਸਿਹਤ ਅਤੇ ਨਸ਼ਾ ਮੁਕਤੀ ਸੇਵਾਵਾਂ ਦੇ ਵਿਸਥਾਰ ਦੇ ਮੱਦੇਨਜ਼ਰ ਇਹ ਕਦਮ ਵਿਸ਼ੇਸ਼ ਮਹੱਤਵ ਰੱਖਦਾ ਹੈ।

ਸਟੇਟ ਮੈਂਟਲ ਹੈਲਥ ਅਥਾਰਟੀ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਸਭ ਤੋਂ ਉੱਚੀ ਕਾਨੂੰਨੀ ਸੰਸਥਾ ਹੈ, ਇਹ ਮਾਨਸਿਕ ਸਿਹਤ ਸੇਵਾਵਾਂ ਲਈ ਗੁਣਵੱਤਾ ਅਤੇ ਸੇਵਾ ਮਾਪਦੰਡ ਤੈਅ ਕਰਨ, ਸਬੰਧਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਮਾਨਸਿਕ ਸਿਹਤ ਨੀਤੀ ਨਾਲ ਸਬੰਧਤ ਮਾਮਲਿਆਂ ਵਿੱਚ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦੀ ਹੈ।

ਅਥਾਰਟੀ ਦੇ ਸਰਕਾਰੀ ਮੈਂਬਰਾਂ ਵਿੱਚ ਸਿਹਤ, ਮੈਡੀਕਲ ਸਿੱਖਿਆ ਅਤੇ ਸਮਾਜਿਕ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ। ਇਸ ਦੇ ਨਾਲ ਹੀ 11 ਗ਼ੈਰ-ਸਰਕਾਰੀ ਨਾਮਜ਼ਦ ਮੈਂਬਰ ਮਨੋਚਿਕਿਤਸਕਾਂ, ਮਨੋਵਿਗਿਆਨੀਆਂ, ਮਨੋਰੋਗ ਸਮਾਜਿਕ ਕਾਰਕੁਨਾਂ, ਨਰਸਾਂ, ਮਾਨਸਿਕ ਬੀਮਾਰੀ ਨਾਲ ਜੂਝ ਰਹੇ ਲੋਕਾਂ, ਦੇਖਭਾਲ ਕਰਨ ਵਾਲਿਆਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਦੀ ਨੁਮਾਇੰਦਗੀ ਕਰਦੇ ਹਨ। ਇਸ ਨੁਮਾਇੰਦਗੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਾਨਸਿਕ ਸਿਹਤ ਨਾਲ ਸਬੰਧਤ ਨੀਤੀਆਂ ਸਿਰਫ਼ ਪ੍ਰਸ਼ਾਸਨਿਕ ਅਤੇ ਡਾਕਟਰੀ ਮਾਹਿਰਤਾ ਤੱਕ ਸੀਮਿਤ ਨਾ ਰਹਿਣ, ਸਗੋਂ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਨਾਲ ਨੇੜਿਓਂ ਕੰਮ ਕਰਨ ਵਾਲੇ ਲੋਕਾਂ ਦੇ ਤਜ਼ਰਬਿਆਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ।

ਜ਼ਿਲ੍ਹਾ ਪੱਧਰ ’ਤੇ ਮੈਂਟਲ ਹੈਲਥ ਰਿਵਿਊ ਬੋਰਡ ਵੀ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਅਗਵਾਈ ਜ਼ਿਲ੍ਹਾ ਜੱਜ ਜਾਂ ਯੋਗ ਨਿਆਂਇਕ ਅਧਿਕਾਰੀ ਵੱਲੋਂ ਕੀਤੀ ਜਾਂਦੀ ਹੈ। ਇਹ ਬੋਰਡ ਮਾਨਸਿਕ ਸਿਹਤ ਸੰਸਥਾਵਾਂ ਵਿੱਚ ਦਾਖ਼ਲੇ ਅਤੇ ਇਲਾਜ ਨਾਲ ਸਬੰਧਤ ਫ਼ੈਸਲਿਆਂ ਦੀ ਸੁਤੰਤਰ ਸਮੀਖਿਆ ਕਰਦੇ ਹਨ, ਇਸ ਤੋਂ ਇਲਾਵਾ, ਇਹ ਸ਼ਿਕਾਇਤਾਂ ਅਤੇ ਅਧਿਕਾਰਾਂ ਦੀ ਕਥਿਤ ਉਲੰਘਣਾ ਨਾਲ ਸਬੰਧਤ ਮਾਮਲਿਆਂ ਨੂੰ ਦੇਖਦੇ ਹਨ, ਅਗਾਊਂ ਨਿਰਦੇਸ਼ਾਂ ਅਤੇ ਨਾਮਜ਼ਦ ਨੁਮਾਇੰਦਿਆਂ ਦੀ ਜਾਂਚ ਕਰਦੇ ਹਨ ਅਤੇ ਲੋੜ ਪੈਣ ’ਤੇ ਮਾਨਸਿਕ ਸਿਹਤ ਸੰਸਥਾਵਾਂ ਦਾ ਨਿਰੀਖਣ ਵੀ ਕਰਦੇ ਹਨ।

ਐਸ.ਐਮ.ਐਚ.ਏ. ਲਈ ਨਾਮਜ਼ਦ ਮੈਂਬਰਾਂ ਦੀ ਸੂਚੀ ਵਿੱਚ ਮਾਨਸਿਕ ਸਿਹਤ ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਮਹੱਤਵਪੂਰਨ ਕੰਮ ਕਰ ਰਹੇ ਤਜ਼ਰਬੇਕਾਰ ਮਾਹਿਰ ਅਤੇ ਪ੍ਰਸਿੱਧ ਸੰਸਥਾਵਾਂ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੇ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਨਾਮਜ਼ਦ ਮੈਂਬਰ ਅਤੇ ਸੀਨੀਅਰ ਮਨੋਚਿਕਿਤਸਕ ਡਾ. ਸਤਿਏਨ ਸ਼ਰਮਾ ਨੇ ਕਿਹਾ, “ਸਟੇਟ ਮੈਂਟਲ ਹੈਲਥ ਅਥਾਰਟੀ ਦਾ ਗਠਨ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਦਾ ਵਿਕਾਸ ਗੁਣਵੱਤਾ ਅਤੇ ਜਵਾਬਦੇਹੀ ਨੂੰ ਕੇਂਦਰ ਵਿੱਚ ਰੱਖ ਕੇ ਹੋਵੇ। ਸਰਕਾਰ ਨੇ ਸਾਨੂੰ ਅਧਿਕਾਰ-ਅਧਾਰਿਤ ਇੱਕ ਸਪੱਸ਼ਟ ਢਾਂਚਾ ਦਿੱਤਾ ਹੈ ਅਤੇ ਹੁਣ ਅਥਾਰਟੀ ਦੀ ਜ਼ਿੰਮੇਵਾਰੀ ਹੈ ਕਿ ਇਸ ਨੂੰ ਅਜਿਹੀਆਂ ਸੇਵਾਵਾਂ ਵਿੱਚ ਬਦਲਿਆ ਜਾਵੇ, ਜਿਨ੍ਹਾਂ ਤੱਕ ਲੋਕ ਅਸਲ ਵਿੱਚ ਪਹੁੰਚ ਸਕਣ, ਜਿਨ੍ਹਾਂ ’ਤੇ ਭਰੋਸਾ ਕਰ ਸਕਣ ਅਤੇ ਲਾਭ ਪ੍ਰਾਪਤ ਕਰ ਸਕਣ। ਇਸ ਲਈ ਮਰੀਜ਼ਾਂ ਦੇ ਮਾਣ-ਸਨਮਾਨ, ਇਲਾਜ ਦੀ ਨਿਰੰਤਰਤਾ, ਰੀਹੈਬਲੀਟੇਸ਼ਨ ਅਤੇ ਪਰਿਵਾਰਾਂ ਅਤੇ ਦੇਖਭਾਲ ਕਰਨ ਵਾਲਿਆਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।”

ਪਟਿਆਲਾ ਨਾਲ ਸਬੰਧਤ ਸੀਨੀਅਰ ਮਾਨਸਿਕ ਸਿਹਤ ਮਾਹਿਰ ਡਾ. ਸ਼ਰਮਾ ਨੇ ਅੱਗੇ ਕਿਹਾ, “ਮਾਨਸਿਕ ਸਿਹਤ ਸੇਵਾਵਾਂ ਹੁਣ ਲੋਕਾਂ ਤੱਕ ਉਨ੍ਹਾਂ ਦੇ ਆਪਣੇ ਇਲਾਕਿਆਂ ਵਿੱਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਰਗੇ ਸੂਬੇ ਲਈ, ਜ਼ਿਲ੍ਹਾ ਅਤੇ ਭਾਈਚਾਰਕ ਪੱਧਰ ’ਤੇ ਸੇਵਾਵਾਂ ਨੂੰ ਮਜ਼ਬੂਤ ਕਰਨਾ ਖ਼ਾਸ ਤੌਰ ’ਤੇ ਮਹੱਤਵਪੂਰਨ ਹੈ, ਤਾਂ ਜੋ ਲੋਕਾਂ ਨੂੰ ਸਿਰਫ਼ ਸਰੀਰਕ ਹੀ ਨਹੀਂ, ਸਗੋਂ ਮਾਨਸਿਕ ਸਿਹਤ ਨਾਲ ਸਬੰਧਤ ਸਮੱਸਿਆਵਾਂ ਦੇ ਇਲਾਜ ਦੀ ਸਹੂਲਤ ਵੀ ਮਿਲ ਸਕੇ। ਅਥਾਰਟੀ ਕੋਲ ਇਸ ਉਦੇਸ਼ ਨੂੰ ਸਾਕਾਰ ਕਰਨ ਦਾ ਮਹੱਤਵਪੂਰਨ ਮੌਕਾ ਹੈ।”

ਸੀਨੀਅਰ ਮਾਨਸਿਕ ਸਿਹਤ ਮਾਹਿਰ ਅਤੇ ਨਾਮਜ਼ਦ ਮੈਂਬਰ ਡਾ. ਸਤੀਸ਼ ਕੇ. ਥਾਪਰ ਨੇ ਕਿਹਾ, “ਪੰਜਾਬ ਸਾਹਮਣੇ ਮਾਨਸਿਕ ਸਿਹਤ ਨਾਲ ਸਬੰਧਤ ਆਪਣੀਆਂ ਵਿਸ਼ੇਸ਼ ਚੁਣੌਤੀਆਂ ਹਨ ਅਤੇ ਸਾਨੂੰ ਅਜਿਹੇ ਹੱਲਾਂ ਦੀ ਲੋੜ ਹੈ, ਜੋ ਸਾਡੇ ਲੋਕਾਂ ਅਤੇ ਭਾਈਚਾਰਿਆਂ ਦੀਆਂ ਅਸਲ ਸਥਿਤੀਆਂ ਦੇ ਅਨੁਕੂਲ ਹੋਣ। ਮਾਨਸਿਕ ਸਿਹਤ ਅਤੇ ਨਸ਼ਾ ਮੁਕਤੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਹਾਲੀਆ ਯਤਨ ਅਤੇ ਹੁਣ ਸਟੇਟ ਮੈਂਟਲ ਹੈਲਥ ਅਥਾਰਟੀ ਨੂੰ ਮਜ਼ਬੂਤ ਕੀਤਾ ਜਾਣਾ ਇਸ ਦਿਸ਼ਾ ਵਿੱਚ ਚੁੱਕੇ ਗਏ ਅਹਿਮ ਕਦਮ ਹਨ। ਅਥਾਰਟੀ ਸੂਬੇ ਭਰ ਵਿੱਚ ਮਾਨਸਿਕ ਸਿਹਤ ਸੇਵਾਵਾਂ ਵਿੱਚ ਵਧੇਰੇ ਇਕਸਾਰਤਾ ਅਤੇ ਜਵਾਬਦੇਹੀ ਲਿਆਉਣ ਵਿੱਚ ਮਦਦ ਕਰ ਸਕਦੀ ਹੈ ਅਤੇ ਇਹ ਵੀ ਯਕੀਨੀ ਬਣਾ ਸਕਦੀ ਹੈ ਕਿ ਮਰੀਜ਼ਾਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਅਜੇ ਕਾਫ਼ੀ ਕੰਮ ਕਰਨਾ ਬਾਕੀ ਹੈ ਅਤੇ ਇਹ ਪੰਜਾਬ ਵਿੱਚ ਇੱਕ ਮਜ਼ਬੂਤ ਮਾਨਸਿਕ ਸਿਹਤ ਪ੍ਰਣਾਲੀ ਦੇ ਨਿਰਮਾਣ ਲਈ ਇੱਕ ਚੰਗੀ ਨੀਂਹ ਹੈ।”

ਅਥਾਰਟੀ ਦੀ ਨਾਮਜ਼ਦ ਮੈਂਬਰਾਂ ਨਾਲ ਪਹਿਲੀ ਮੀਟਿੰਗ ਆਉਣ ਵਾਲੇ ਹਫ਼ਤੇ ਵਿੱਚ ਹੋਵੇਗੀ। ਐਸ.ਐਮ.ਐਚ.ਏ. ਪੰਜਾਬ ਵਿੱਚ ਵਧ ਰਹੀਆਂ ਮਾਨਸਿਕ ਸਿਹਤ ਸੇਵਾਵਾਂ ਲਈ ਇੱਕ ਸਮਾਨ ਪ੍ਰਣਾਲੀ ਤਿਆਰ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਸੇਵਾਵਾਂ ਮਰੀਜ਼ਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਧਿਆਨ ਵਿੱਚ ਰੱਖ ਕੇ ਪ੍ਰਦਾਨ ਕੀਤੀਆਂ ਜਾਣ। ਇਹ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਵੀ ਮਜ਼ਬੂਤ ਕਰਦੀ ਹੈ, ਇਸ ਪਹਿਲਕਦਮੀ ਰਾਹੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਐਨਫੋਰਸਮੈਂਟ ਹੀ ਨਹੀਂ, ਸਗੋਂ ਰੋਕਥਾਮ, ਇਲਾਜ, ਰੀਹੈਬਲੀਟੇਸ਼ਨ ਅਤੇ ਭਾਈਚਾਰਕ ਭਾਗੀਦਾਰੀ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਮੋਦੀ ਸਰਕਾਰ ਨੇ ਪਹਿਲਾਂ ਲੋਕਾਂ ਨੂੰ ਡਿਜੀਟਲ ਭੁਗਤਾਨ 'ਤੇ ਨਿਰਭਰ ਕੀਤਾ, ਹੁਣ ਉਨ੍ਹਾਂ 'ਤੇ ਨਵਾਂ ਵਿੱਤੀ ਬੋਝ ਪਾ ਰਹੀ ਹੈ: ਪਵਨ ਕੁਮਾਰ ਟੀਨੂੰ

ਅਨੈਤਿਕ ਸੰਬਧ ਰਖਣ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਲੈ ਕੇ ਆਰਗਨਾਈਜ਼ੇਸ਼ਨ ਆਫ਼ ਸਿੱਖ ਅਲਾਇੰਸ ਪਹੁੰਚੀ ਸ਼੍ਰੀ ਅਕਾਲ ਤਖਤ ਸਾਹਿਬ

ਪੰਜਾਬ ਦੇ ਬਟਾਲਾ ਵਿੱਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ ਸੁੱਟੇ ਅੰਡੇ ਅਤੇ ਟਮਾਟਰ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਸੌਂਦ

ਕਿਸ਼ਾਉ ਡੈਮ ਅਤੇ ਉੱਪਰੀ ਯਮੁਨਾ ਦੀ ਨਵੀਂ ਵਿਵਸਥਾ ਵਿੱਚੋਂ ਪੰਜਾਬ ਨੂੰ ਬਾਹਰ ਰੱਖਣਾ ਗੰਭੀਰ ਸਵਾਲ ਖੜੇ ਕਰਦਾ ਹੈ — ਗਿਆਨੀ ਹਰਪ੍ਰੀਤ ਸਿੰਘ

ਬੇਅਦਬੀ ਕਨੂੰਨ ਬਾਰੇ ਗੱਲਬਾਤ ਦਾ ਰਾਹ ਖੁੱਲ੍ਹਾ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ਦੀ ਪਾਲਣਾ ਜ਼ਰੂਰੀ- ਜਥੇਦਾਰ ਗੜਗੱਜ

ਮਾਨਸਿਕ ਸਿਹਤ ਦਾ ਇਲਾਜ ਉਦੋਂ ਤੱਕ ਨਾ ਟਲੇ, ਜਦੋਂ ਤੱਕ ਪਰਿਵਾਰ ਪੂਰੀ ਤਰ੍ਹਾਂ ਟੁੱਟਣ ਦੀ ਸਥਿਤੀ ਵਿੱਚ ਨਾ ਪਹੁੰਚ ਜਾਵੇ: ਡਾ. ਬਲਬੀਰ ਸਿੰਘ

ਸ਼ੋ੍ਰਮਣੀ ਕਮੇਟੀ ਦੇ ਮੈਂਬਰ ਚਾਵਲਾ ਦੇ ਖਿਲਾਫ ਵਿਦੇਸ਼ੀ ਔਰਤ ਨਾਲ ਜਬਰ ਜਨਾਹ ਦੀ ਐਫ ਆਈ ਆਰ ਦਰਜ