ਨਵੀਂ ਦਿੱਲੀ- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਆਦਤ ਕਾਰਨ ਇੱਕ ਹੋਰ ਪੀੜ੍ਹੀ ਨੂੰ ਗੁਆਉਣਾ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਸੰਸਦੀ ਕਮੇਟੀ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਲਗਭਗ 66 ਲੱਖ ਲੋਕ ਨਸ਼ਿਆਂ ਦੀ ਸਮੱਸਿਆ ਤੋਂ ਪ੍ਰਭਾਵਿਤ ਹਨ, ਜਿਨ੍ਹਾਂ ਵਿੱਚ 10 ਤੋਂ 17 ਸਾਲ ਦੀ ਉਮਰ ਦੇ ਕਰੀਬ 6.97 ਲੱਖ ਬੱਚੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਲੜਾਈ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਂਝੇ ਮਿਸ਼ਨ ਵਜੋਂ ਲੜਨੀ ਚਾਹੀਦੀ ਹੈ ਅਤੇ ਸਿਰਫ਼ ਸਮਾਂ-ਸੀਮਾਵਾਂ ਨਹੀਂ, ਸਗੋਂ ਠੋਸ ਨਤੀਜੇ ਸਾਹਮਣੇ ਆਉਣੇ ਚਾਹੀਦੇ ਹਨ। ਸਾਹਨੀ ਨੇ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ ਮੰਗ ਘਟਾਉਣ, ਪੁਨਰਵਾਸ ਅਤੇ ਨੌਜਵਾਨਾਂ ਨੂੰ ਮੁੜ ਸਮਾਜ ਨਾਲ ਜੋੜਨ ਲਈ ਕੇਂਦਰ ਤੇ ਪੰਜਾਬ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਦੀ ਮੰਗ ਕੀਤੀ। ਉਨ੍ਹਾਂ ਬੀਐਸਐਫ, ਨਾਰਕੋਟਿਕਸ ਕੰਟਰੋਲ ਬਿਊਰੋ, ਕੇਂਦਰੀ ਖੁਫੀਆ ਏਜੰਸੀਆਂ ਅਤੇ ਪੰਜਾਬ ਪੁਲਿਸ ਦੀ ਸਾਂਝੀ ਨਸ਼ਾ ਵਿਰੋਧੀ ਟਾਸਕ ਫੋਰਸ ਬਣਾਉਣ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਦੱਸਿਆ ਕਿ 19 ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ 'ਨਸ਼ਾ ਮੁਕਤ ਪੰਜਾਬ ਯਾਤਰਾ' ਨੂੰ 30 ਸਤੰਬਰ ਤੱਕ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਲਿਜਾਣ ਦੀ ਗੱਲ ਕਹੀ।