ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕਪੁਰੀ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਜਲੰਧਰ ਗਾਇਮਖਾਨਾ ਕਲੱਬ ਵਿਖੇ ਹੋਏ ਸਮਾਗਮ ਦੌਰਾਨ ਗੁਰਬਾਣੀ ਦੀਆਂ ਤੁਕਾਂ ਦੇ ਗਾਇਨ ਸਮੇਂ ਲੋਕਾਂ ਵੱਲੋਂ ਨੱਚਣ ਦੀ ਸਾਹਮਣੇ ਆਈ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਇਹ ਸਮਾਗਮ ਜਨ-ਜ਼ੈੱਡ ਕਲੱਬ ਵੱਲੋਂ ਕਰਵਾਇਆ ਗਿਆ ਸੀ ਅਤੇ ਗਾਇਕ ਅੰਗਦ ਤਲਵਾਰ ਭਜਨ ਪੇਸ਼ ਕਰ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਦੀਆਂ ਤੁਕਾਂ ਵੀ ਗਾਈਆਂ, ਜਦਕਿ ਲੋਕ ਨੱਚਦੇ ਰਹੇ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਨੂੰ ਕਿਸੇ ਮਨੋਰੰਜਨਕ ਪ੍ਰੋਗਰਾਮ ਦਾ ਹਿੱਸਾ ਬਣਾਉਣਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਜੇਕਰ ਜਾਂਚ ਵਿੱਚ ਇਹ ਸਾਬਤ ਹੁੰਦਾ ਹੈ ਕਿ ਗਾਇਕ ਅੰਗਦ ਤਲਵਾਰ ਅਤੇ ਸਮਾਗਮ ਦੇ ਪ੍ਰਬੰਧਕਾਂ ਨੇ ਗੁਰਬਾਣੀ ਦੀ ਪਵਿੱਤਰਤਾ ਤੋਂ ਜਾਣੂ ਹੋਣ ਦੇ ਬਾਵਜੂਦ ਜਾਣਬੁੱਝ ਕੇ ਇਸ ਨੂੰ ਨੱਚਣ-ਗਾਉਣ ਵਾਲੇ ਮਾਹੌਲ ਵਿੱਚ ਪੇਸ਼ ਕੀਤਾ, ਤਾਂ ਇਸ ਨੂੰ ਗੰਭੀਰ ਬੇਅਦਬੀ ਮੰਨਦਿਆਂ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਬਾਅਦ 'ਚ ਕੇਵਲ ਮੁਆਫ਼ੀ ਮੰਗ ਲੈਣਾ ਕਾਫ਼ੀ ਨਹੀਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰੇ ਮਾਮਲੇ ਦੀ ਪੜਤਾਲ ਕਰਕੇ ਦੋਸ਼ ਤੈਅ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਵਿੱਚ ਐੱਫਆਈਆਰ ਦਰਜ ਕਰਕੇ ਵੀਡੀਓ, ਗਵਾਹਾਂ ਅਤੇ ਪ੍ਰੋਗਰਾਮ ਨਾਲ ਸਬੰਧਤ ਸਾਰੇ ਤੱਥਾਂ ਦੀ ਗਹਿਰੀ ਜਾਂਚ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਮਰਿਆਦਾ ਨਾਲ ਸਬੰਧਤ ਮਾਮਲਿਆਂ ਵਿੱਚ ਨਿਰਪੱਖ ਜਾਂਚ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਜ਼ਰੂਰੀ ਹੈ।