ਨਵੀਂ ਦਿੱਲੀ - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਮਨੁੱਖਤਾ, ਧਰਮ ਅਤੇ ਸੱਚ ਦੀ ਰਾਖੀ ਲਈ ਲਾਸਾਨੀ ਕੁਰਬਾਨੀ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ 26 ਸਤੰਬਰ 2026, ਸ਼ਨੀਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਤਿਥ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਆਰੰਭਤਾ ਸ਼ਰਧਾ, ਸਤਿਕਾਰ ਅਤੇ ਗੁਰਮਤਿ ਭਾਵਨਾ ਨਾਲ ਕਰਵਾਈ ਜਾਵੇਗੀ। ਦਿੱਲੀ ਗੁਰਦੁਆਰਾ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਸੰਗਤਾਂ ਨੂੰ ਇਸ ਇਤਿਹਾਸਕ ਮੌਕੇ ’ਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਮਨੁੱਖਤਾ ਦੇ ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਤਾ ਗਿਆ ਅਮਰ ਸੰਦੇਸ਼ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜਦੋਂ ਅਸੀਂ ਗੁਰਬਾਣੀ ਨਾਲ ਜੁੜਾਂਗੇ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਨਿਡਰਤਾ ਅਤੇ ਮਨੁੱਖਤਾ ਦੇ ਮਾਰਗ ਨੂੰ ਆਪਣੇ ਜੀਵਨ ਵਿੱਚ ਅਪਣਾਵਾਂਗੇ। ਬੀਬੀ ਰਣਜੀਤ ਕੌਰ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਆਓ, ਇਸ ਇਤਿਹਾਸਕ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਨਾਲ ਜੁੜੀਏ ਅਤੇ ਸ਼ਹੀਦਾਂ ਦੀ ਅਮਰ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਣ ਕਰੀਏ।