ਨਵੀਂ ਦਿੱਲੀ- ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਜਯੰਤੀ ਮੌਕੇ ਨੈਸ਼ਨਲ ਅਕਾਲੀ ਦਲ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਭਗਤ ਸਿੰਘ ਜੀ ਦੇ ਚਿੱਤਰ ’ਤੇ ਫੁੱਲ ਭੇਟ ਕਰਕੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸਾਰੇ ਜਾਣੇ-ਅਣਜਾਣੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਪਰਮਜੀਤ ਸਿੰਘ ਪੰਮਾ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਸਭ ਕੁਝ ਵਾਰਨ ਵਾਲੇ ਕ੍ਰਾਂਤੀਕਾਰੀਆਂ ਅਤੇ ਆਜ਼ਾਦੀ ਸੈਨਾਨੀਆਂ ਦੇ ਯੋਗਦਾਨ ਨੂੰ ਵਿਆਪਕ ਰਾਸ਼ਟਰੀ ਸਨਮਾਨ ਅਤੇ ਇਤਿਹਾਸ ਵਿੱਚ ਬਣਦਾ ਸਥਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰਸ਼ੇਖਰ ਆਜ਼ਾਦ, ਰਾਮ ਪ੍ਰਸਾਦ ਬਿਸਮਿਲ, ਅਸ਼ਫਾਕਉੱਲਾ ਖ਼ਾਨ ਅਤੇ ਸ਼ਹੀਦ ਊਧਮ ਸਿੰਘ ਸਮੇਤ ਅਨੇਕਾਂ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਕੌਮੀ ਜ਼ਿੰਮੇਵਾਰੀ ਹੈ। ਪੰਮਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਸ਼ਹੀਦਾਂ ਦੇ ਸੰਘਰਸ਼ ਅਤੇ ਬਲਿਦਾਨ ਦਾ ਨਤੀਜਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਨ੍ਹਾਂ ਮਹਾਨ ਯੋਧਿਆਂ ਦੇ ਨਾਮ, ਸੰਘਰਸ਼ ਅਤੇ ਕੁਰਬਾਨੀਆਂ ਨੂੰ ਸਿਰਫ਼ ਜਯੰਤੀਆਂ ਤੱਕ ਸੀਮਤ ਨਾ ਰੱਖਿਆ ਜਾਵੇ, ਬਲਕਿ ਰਾਸ਼ਟਰੀ ਪੱਧਰ ’ਤੇ ਸਨਮਾਨਿਤ ਕੀਤਾ ਜਾਵੇ। ਇਸ ਮੌਕੇ ਦੀਪਕ, ਮਿੱਤਲ, ਸੁਨੀਲ ਪੁਰੀ, ਵਰਿੰਦਰ ਆਰਿਆ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਸਰਨਾ, ਤ੍ਰਿਣ ਸੋਨੀ ਅਤੇ ਭਾਈ ਸੁਲੇਮਾਨ ਸਮੇਤ ਨੈਸ਼ਨਲ ਅਕਾਲੀ ਦਲ ਦੇ ਕਈ ਅਹੁਦੇਦਾਰ ਤੇ ਮੈਂਬਰ ਹਾਜ਼ਰ ਰਹੇ। ਸਮਾਗਮ ਦੇ ਅੰਤ ਵਿੱਚ “ਇਨਕਲਾਬ ਜ਼ਿੰਦਾਬਾਦ” ਦੇ ਨਾਅਰਿਆਂ ਨਾਲ ਸ਼ਹੀਦ ਭਗਤ ਸਿੰਘ ਅਤੇ ਹੋਰ ਅਮਰ ਕ੍ਰਾਂਤੀਕਾਰੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ।