ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ 'ਵਾਇਰਸ ਪੰਜਾਬ ਦੇ' ਅਤੇ ਇਸ ਦੇ ਆਗੂ ਮਨਪ੍ਰੀਤ ਸਿੰਘ ਅਯਾਲੀ ਤੋਂ ਬਚ ਕੇ ਰਹਿਣ ਦੀ ਅਪੀਲ ਕੀਤੀ, ਜਿਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਨੂੰ ਲਾਭ ਪਹੁੰਚਾਉਣ ਲਈ ਪੰਥਕ ਵੋਟਾਂ ਵੰਡਣ ਖਾਤਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੱਥ ਮਿਲਾ ਲਿਆ ਹੈ।
ਦਾਖਾ ਹਲਕੇ 'ਚ ਛਪਾਰ ਦੇ ਮੇਲੇ ਦੌਰਾਨ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਗਠਜੋੜ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਪ ਨੇ ਛਪਾਰ ਮੇਲੇ 'ਚ ਕੋਈ ਸਿਆਸੀ ਕਾਨਫਰੰਸ ਨਹੀਂ ਕੀਤੀ ਅਤੇ ਆਪਣੇ ਸਮਰਥਕਾਂ ਨੂੰ ਡਬਲਯੂ.ਪੀ.ਡੀ. ਦੇ ਇਕੱਠ ਵੱਲ ਮੋੜ ਦਿੱਤਾ। ਉਨ੍ਹਾਂ ਦਾਅਵਾ ਕੀਤਾ, "ਇਸ ਦੇ ਬਾਵਜੂਦ ਵੀ ਡਬਲਯੂ.ਪੀ.ਡੀ. ਦੀ ਕਾਨਫਰੰਸ ਦਾ ਇਕੱਠ ਅਕਾਲੀ ਦਲ ਦੇ ਇਕੱਠ ਨਾਲੋਂ ਅੱਧਾ ਵੀ ਨਹੀਂ ਹੈ।"
ਸ੍ਰੀ ਬਾਦਲ ਨੇ ਇੱਕ ਲਾਮਿਸਾਲ ਅਤੇ ਸਫਲ ਕਾਨਫਰੰਸ ਕਰਵਾਉਣ ਲਈ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਦਾਖਾ ਹਲਕੇ ਤੋਂ ਜਸਕਰਨ ਸਿੰਘ ਦਿਓਲ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ।
"ਅਯਾਲੀ ਅਤੇ ਡਬਲਯੂ.ਪੀ.ਡੀ. ਦੀ ਲੀਡਰਸ਼ਿਪ ਵੱਲੋਂ ਭਗਵੰਤ ਮਾਨ ਦੁਆਰਾ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵਿਰੁੱਧ ਕੀਤੀ ਗਈ ਬੇਅਦਬੀ ਖਿਲਾਫ ਇੱਕ ਵੀ ਸ਼ਬਦ ਨਾ ਬੋਲਣ ਦਾ ਕਾਰਨ ਵੀ ਇਹੋ ਹੈ।" ਉਨ੍ਹਾਂ ਕਿਹਾ ਕਿ ਇਹ ਸੰਗਠਨ ਉਦੋਂ ਵੀ ਚੁੱਪ ਰਿਹਾ ਜਦੋਂ ਇਸ ਗੱਲ ਦੇ ਸਬੂਤ ਸਾਹਮਣੇ ਆਏ ਕਿ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਇੱਕ ਲੜੀਵਾਰ ਬਲਾਤਕਾਰੀ ਦੇ ਸਾਥੀ ਨਾਲ 5 ਕਰੋੜ ਰੁਪਏ ਦਾ ਸਮਝੌਤਾ ਕਰਕੇ ਉਸ ਨੂੰ ਜੇਲ੍ਹ ਤੋਂ ਰਿਹਾਅ ਕਰਵਾਇਆ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਖੁਲਾਸਾ ਵੀ ਕੀਤਾ ਕਿ ਕਿਸ ਤਰ੍ਹਾਂ ਅਯਾਲੀ ਨੂੰ ਲੁਧਿਆਣਾ ਵਿੱਚ ਖੁੱਲ੍ਹੀ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਨੂੰ ਅਯਾਲੀ ਦੇ ਹੁਕਮ ਮੰਨਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਯਾਲੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੁਲਿਸ ਦੀ ਤਾਕਤ ਦੀ ਵਰਤੋਂ ਕੀਤੀ।
ਸ੍ਰੀ ਬਾਦਲ ਨੇ ਇਹ ਵੀ ਦੱਸਿਆ ਕਿ ਰਾਜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਤੋਂ ਹੋਣ ਵਾਲੀ ਕਮਾਈ ਕਿਸ ਤਰ੍ਹਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੱਕ ਪਹੁੰਚਾਈ ਜਾ ਰਹੀ ਹੈ। ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਗੈਰ-ਕਾਨੂੰਨੀ ਰੇਤ ਮਾਈਨਿੰਗ ਘੁਟਾਲੇ ਦੀ ਆਜ਼ਾਦਾਨਾ ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਘੁਟਾਲਾ 10, 000 ਕਰੋੜ ਰੁਪਏ ਦੇ ਗਮਾਡਾ ਘੁਟਾਲੇ ਜਿੰਨਾ ਹੀ ਵੱਡਾ ਹੈ, ਜਿਸ ਦਾ ਪ੍ਰਫੋਰਸਮੈਂਟ ਡਾਇਰੈਕਟੋਰੇਟ ਨੇ ਪਰਦਾਫਾਸ਼ ਕੀਤਾ ਸੀ। "ਅੱਜ ਤੋਂ ਚਾਰ ਮਹੀਨੇ ਬਾਅਦ ਮੁੱਖ ਮੰਤਰੀ ਤੋਂ ਲੈ ਕੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿਆੇਂਦਰ ਜੈਨ ਤੱਕ, ਇਹਨਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀ ਜੇਲ੍ਹ ਦੀਆਂ ਸੀਖਾਂ ਪਿੱਛੇ ਹੋਣਗੇ।"
ਰਾਜ ਲਈ ਇੱਕ ਕਾਰਜ ਯੋਜਨਾ ਹੋਣ ਦਾ ਦਾਅਵਾ ਕਰਦਿਆਂ ਸ੍ਰੀ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਰਾਜ ਵਿੱਚ ਸਰਕਾਰ ਬਣਾਉਣ ਦੇ ਇੱਕ ਸਾਲ ਦੇ ਅੰਦਰ ਖਾਲੀ ਪਈਆਂ ਤਿੰਨ ਲੱਖ ਸਰਕਾਰੀ ਨੌਕਰੀਆਂ ਭਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬਾਹਰਲੇ ਵਿਅਕਤੀਆਂ ਨੂੰ ਨੌਕਰੀਆਂ ਦੇਣ ਦੀ ਇਜਾਜ਼ਤ ਦੇਣ ਵਾਲੇ ਆਪ ਦੇ ਕਾਨੂੰਨ ਨੂੰ ਰੱਦ ਕੀਤਾ ਜਾਵੇਗਾ ਅਤੇ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਲਈ ਹੀ ਰਾਖਵੀਂਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਰਾਜ ਵਿੱਚ ਨਿਵੇਸ਼ ਕਰਨ ਦੀਆਂ ਇੱਛੁਕ ਸਨਅਤਾਂ ਨੂੰ ਰਿਆਇਤਾਂ ਪ੍ਰਾਪਤ ਕਰਨ ਲਈ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣੀਆਂ ਪੈਣਗੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਦੇ ਸਮਰੱਥ ਬਣਾਉਣ ਲਈ 10 ਲੱਖ ਰੁਪਏ ਦਾ ਵਿਆਜ ਮੁਕਤ ਕਰਜ਼ਾ ਦੇਵੇਗੀ।
ਸ੍ਰੀ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼ਗਨ ਸਕੀਮ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ ਇੱਕ ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3, 100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 'ਆਟਾ-ਦਾਲ' ਸਕੀਮ ਤਹਿਤ ਲਾਭਪਾਤਰੀਆਂ ਨੂੰ 50 ਕਿਲੋ ਕਣਕ ਮਿਲੇਗੀ ਅਤੇ ਟਿਊਬਵੈੱਲ ਕੁਨੈਕਸ਼ਨ ਤੋਂ ਵਾਂਝੇ ਸਾਰੇ ਕਿਸਾਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ।
ਇਸ ਮੌਕੇ ਹਾਜ਼ਰ ਸੀਨੀਅਰ ਆਗੂਆਂ ਵਿੱਚ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਚੰਦ ਸਿੰਘ ਡੱਲਾ, ਭੂਪਿੰਦਰ ਸਿੰਘ ਭਿੰਡਾ, ਪਰਉਪਕਾਰ ਸਿੰਘ ਘੁੰਮਣ, ਹਰਪ੍ਰੀਤ ਸਿੰਘ ਸਿਮਕ, ਅਮਿਤ ਗੋਸਾਈਂ, ਮਨਜੀਤ ਸਿੰਘ ਮਦਨੀਪੁਰ, ਐੱਸ. ਆਰ. ਕਲੇਰ ਅਤੇ ਗੁਰਚਰਨ ਸਿੰਘ ਗਰੇਵਾਲ ਸ਼ਾਮਲ ਸਨ।