ਚੰਡੀਗੜ੍ਹ -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਚੁਣੇ ਹੋਏ ਮੈਂਬਰਾਂ ਭਾਈ ਮਿੱਠੂ ਸਿੰਘ ਕਾਹਨਕੇ ਅਤੇ ਭਾਈ ਜਸਵੰਤ ਸਿੰਘ ਪੁੜੈਣ ਖ਼ਿਲਾਫ਼ ਕੀਤੀ ਗਈ ਕਾਰਵਾਈ ’ਤੇ ਗੰਭੀਰ ਸਵਾਲ ਉਠਾਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਨੂੰ ਦੋਵਾਂ ਮੈਂਬਰਾਂ ਖ਼ਿਲਾਫ਼ ਬਿਨਾਂ ਸਪਸ਼ਟੀਕਰਨ ਲਏ ਅਤੇ ਪੱਖ ਸੁਣੇ ਸਿੱਧੀ ਕਾਰਵਾਈ ਕੀਤੇ ਜਾਣ ’ਤੇ ਦੁੱਖ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਿਸੇ ਵੀ ਵਿਅਕਤੀ ਜਾਂ ਸੰਸਥਾ ਸਬੰਧੀ ਫ਼ੈਸਲਾ ਲੈਣ ਸਮੇਂ ਸਿੱਖ ਰਹਿਤ-ਮਰਿਆਦਾ, ਪੰਥਕ ਵਿਧੀ-ਵਿਧਾਨ ਅਤੇ ਇਤਿਹਾਸਕ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਕਤ ਦੋਵੇਂ ਮੈਂਬਰਾਂ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਗਿਆ ਅਤੇ ਇਸ ਪੂਰੇ ਮਾਮਲੇ ਵਿੱਚ ਉਨ੍ਹਾਂ ਦਾ ਪੱਖ ਸੁਣਨ ਦੀ ਪ੍ਰਕਿਰਿਆ ਨਹੀਂ ਅਪਣਾਈ ਗਈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਉਸ ਤੋਂ ਸਪਸ਼ਟੀਕਰਨ ਲੈਣਾ ਅਤੇ ਉਸ ਦਾ ਪੱਖ ਸੁਣਨਾ ਪੰਥਕ ਸੰਸਥਾਵਾਂ ਦੀ ਮਰਿਆਦਾ ਅਨੁਸਾਰ ਜ਼ਰੂਰੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਕਤ ਮੈਂਬਰਾਂ ਵੱਲੋਂ ਕੀਤੀ ਮੁਲਾਕਾਤ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੈਂਬਰ ਕਿਸੇ ਗੰਭੀਰ ਪੰਥਕ ਮਸਲੇ ਜਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਸਬੰਧਤ ਘਟਨਾ ਬਾਰੇ ਸਰਕਾਰ ਕੋਲ ਆਪਣੀ ਗੱਲ ਰੱਖਣ ਲਈ ਮਿਲੇ ਹਨ ਤਾਂ ਇਸ ਸਬੰਧੀ ਉਨ੍ਹਾਂ ਦਾ ਪੱਖ ਸੁਣਿਆ ਜਾਣਾ ਚਾਹੀਦਾ ਸੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ 2024 ਨੂੰ ਜਾਰੀ ਕੀਤੇ ਹੁਕਮਨਾਮੇ ਅਤੇ ਉਸ ਦੀ ਪਾਲਣਾ ਕਰਨ ਤੋਂ ਮੁਕਰਨ ਵਾਲਿਆਂ ਦੇ ਮਾਮਲਿਆਂ ਬਾਰੇ ਸਵਾਲ ਉਠਾਉਂਦਿਆਂ ਕਿਹਾ ਕਿ ਹੁਕਮਨਾਮਿਆਂ ਦੀ ਪਾਲਣਾ ਸਬੰਧੀ ਇੱਕਸਾਰ ਮਾਪਦੰਡ ਹੋਣਾ ਚਾਹੀਦਾ ਹੈ। ਉਨ੍ਹਾਂ ਕਾਰਜਕਾਰੀ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ, ਸਿੱਖ ਇਤਿਹਾਸ ਅਤੇ ਪੰਥਕ ਮਰਿਆਦਾ ਦੀ ਰੌਸ਼ਨੀ ਵਿੱਚ ਇਨ੍ਹਾਂ ਮਾਮਲਿਆਂ ਬਾਰੇ ਸਪਸ਼ਟਤਾ ਪੈਦਾ ਕਰਨ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕਿਸੇ ਵਿਅਕਤੀ ਵਿਸ਼ੇਸ਼ ਸਬੰਧੀ ਮਹੱਤਵਪੂਰਨ ਫ਼ੈਸਲਾ ਜਾਂ ਹੁਕਮ ਜਾਰੀ ਕਰਨ ਤੋਂ ਪਹਿਲਾਂ ਪੰਥਕ ਵਿਦਵਾਨਾਂ ਅਤੇ ਸਿੱਖ ਰਹਿਤ-ਮਰਿਆਦਾ ਦੇ ਜਾਣਕਾਰਾਂ ਨਾਲ ਵਿਚਾਰ-ਵਟਾਂਦਰਾ ਕਰਨਾ ਪੰਥਕ ਸੰਸਥਾ ਦੀ ਮਰਯਾਦਾ ਅਤੇ ਗੰਭੀਰਤਾ ਦੇ ਅਨੁਕੂਲ ਹੈ। ਪੱਤਰ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਪੰਥਕ ਸਵਾਲਾਂ ਦਾ ਸਪਸ਼ਟ ਜਵਾਬ ਜਨਤਕ ਤੌਰ ’ਤੇ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਟਨਾ ਸਬੰਧੀ ਕਾਰਵਾਈ ਕੀਤੀ ਗਈ ਹੈ ਤਾਂ ਉਸ ਦੀ ਪੂਰੀ ਪ੍ਰਕਿਰਿਆ ਅਤੇ ਤੱਥ ਵੀ ਸੰਗਤ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਵਿਰਸਾ ਸਿੰਘ ਵਲਟੋਹਾ ਨਾਲ ਸਬੰਧਤ ਮਾਮਲੇ ਦਾ ਹਵਾਲਾ ਦਿੰਦਿਆਂ ਆਪਣੇ ਖ਼ਿਲਾਫ਼ ਹੋਈ ਕਥਿਤ ਕਿਰਦਾਰਕੁਸ਼ੀ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣ-ਸਤਿਕਾਰ ਨੂੰ ਮੁੱਖ ਰੱਖਦਿਆਂ ਦੁਨਿਆਵੀ ਅਦਾਲਤ ਦਾ ਰੁਖ ਨਹੀਂ ਕੀਤਾ ਅਤੇ ਪੰਥਕ ਵਿਦਵਾਨਾਂ ਦੀ ਸਲਾਹ ਅਨੁਸਾਰ ਇਨਸਾਫ਼ ਦੀ ਉਮੀਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਰੱਖੀ। ਪਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ ਵਲਟੋਹਾ ਨੂੰ ਬਿਨਾ ਕੋਈ ਬੰਦਿਸ਼ ਲਗਾਏ ਮਾਫ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ “ਕੀ ਤੁਸੀਂ ਮੈਨੂੰ ਉਸ ਮਾਮਲੇ ਵਿੱਚ ਇਨਸਾਫ਼ ਦਿਵਾਉਗੇ?” ਅਤੇ ਮੰਗ ਕੀਤੀ ਕਿ ਉਨ੍ਹਾਂ ਨਾਲ ਹੋਈ ਕਥਿਤ ਕਿਰਦਾਰਕੁਸ਼ੀ ਅਤੇ ਇਸ ਕਾਰਨ ਹੋਏ ਨੁਕਸਾਨ ਸਬੰਧੀ ਵੀ ਪੰਥਕ ਪੱਧਰ ’ਤੇ ਨਿਆਂ ਕੀਤਾ ਜਾਵੇ। ਅੰਤ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਵਿਅਕਤੀ ਵਿਸ਼ੇਸ਼ ਦਾ ਨਹੀਂ, ਸਗੋਂ ਸਮੁੱਚੇ ਪੰਥ ਦੀ ਸਰਵਉੱਚ ਸੰਸਥਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਨਿਰਪੱਖਤਾ ਨੂੰ ਹਮੇਸ਼ਾ ਸਰਵਉੱਚ ਰੱਖਣਾ ਚਾਹੀਦਾ ਹੈ।